#OTHERS

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਦੇ ਮੱਦੇਨਜ਼ਰ ਕਰਤਾਰਪੁਰ ਪੈਸੰਜਰ ਟਰਮੀਨਲ ਦਾ ਸੁੰਦਰੀਕਰਨ ਸ਼ੁਰੂ

ਡੇਰਾ ਬਾਬਾ ਨਾਨਕ, 9 ਅਕਤੂਬਰ (ਪੰਜਾਬ ਮੇਲ)- ਭਾਰਤ-ਪਾਕਿਸਤਾਨ ਦੀ ਕੌਮਾਂਤਰੀ ਸਰਹੱਦ ਦੇ ਕੰਢੇ ਭਾਰਤ ਸਰਕਾਰ ਵੱਲੋਂ ਪੌਣੇ ਤਿੰਨ ਅਰਬ ਦੀ ਲਾਗਤ ਨਾਲ ਤਿਆਰ ਕੀਤੇ ਗਏ ਸ੍ਰੀ ਕਰਤਾਰਪੁਰ ਪੈਸੰਜਰ ਟਰਮੀਨਲ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਮਨਾਏ ਜਾਣ ਵਾਲੇ 555 ਪ੍ਰਕਾਸ਼ ਦਿਹਾੜੇ ਦੇ ਮੱਦੇਨਜ਼ਰ ਲੈਂਡ ਪੋਰਟ ਅਥਾਰਟੀ ਆਫ ਇੰਡੀਆ ਵੱਲੋਂ ਟਰਮੀਨਲ ਦਾ ਸੁੰਦਰੀਕਰਨ ਪੂਰੀ ਤੇਜ਼ੀ ਨਾਲ ਕੀਤਾ ਜਾ ਰਿਹਾ ਹੈ। ਇੱਥੇ ਦੱਸਣਯੋਗ ਹੈ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਪ੍ਰਕਾਸ਼ ਦਿਹਾੜੇ ਮੌਕੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਡੇਰਾ ਬਾਬਾ ਨਾਨਕ ਦੀ ਕੌਮਾਂਤਰੀ ਸਰਹੱਦ ‘ਤੇ 9 ਨਵੰਬਰ 2019 ਨੂੰ ਪਾਕਿਸਤਾਨ ਸਥਿਤ ਗੁਰਦੁਆਰਾ ਸ਼੍ਰੀ ਕਰਤਾਰਪੁਰ ਸਾਹਿਬ ਜੀ ਦੇ ਦਰਸ਼ਨਾਂ ਲਈ ਲਾਂਘਾ ਖੋਲ੍ਹਿਆ ਗਿਆ ਸੀ। ਜਾਣਕਾਰੀ ਅਨੁਸਾਰ 15 ਅਕਤੂਬਰ ਨੂੰ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 555 ਪ੍ਰਕਾਸ਼ ਦਿਹਾੜੇ ਮੌਕੇ ਭਾਰਤ ਪਾਕ ਸਰਹੱਦ ‘ਤੇ ਕਰੀਬ 16 ਏਕੜ ਜ਼ਮੀਨ ਵਿਚ ਬਣਾਏ ਗਏ ਟਰਮੀਨਲ ਵਿਚ ਲੈਂਡ ਪੋਰਟ ਅਥਾਰਟੀ ਆਫ ਇੰਡੀਆ ਦੀ ਦੇਖਰੇਖ ਵਿਚ ਵੱਖ-ਵੱਖ ਟੀਮਾਂ ਵੱਲੋਂ ਟਰਮੀਨਲ ‘ਤੇ ਬਣਾਏ ਗਏ ਗੇਟਾਂ ਤੋਂ ਇਲਾਵਾ ਟਰਮੀਨਲ ਵਿਚ ਲੱਗੇ ਏਕ ਓਂਕਾਰ, ਵੱਖ-ਵੱਖ ਮੂਰਤੀਆਂ, ਫੁਹਾਰੇ, ਜ਼ੀਰੋ ਲਾਈਨ ‘ਤੇ ਲੱਗੇ ਗੇਟਾਂ ਤੋਂ ਇਲਾਵਾ ਟਰਨਮੀਨਲ ਦੇ ਕੋਨੇ-ਕੋਨੇ ਦੀ ਸਫ਼ਾਈ ਅਤੇ ਸੁੰਦਰੀਕਰਨ ਕੀਤਾ ਜਾ ਰਿਹਾ ਹੈ।
ਮੰਗਲਵਾਰ ਨੂੰ ਟਰਮੀਨਲ ਰਾਹੀਂ 425 ਸ਼ਰਧਾਲੂਆਂ ਵੱਲੋਂ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕੀਤੇ। ਸ਼ਰਧਾਲੂਆਂ ਨੇ ਦੱਸਿਆ ਕਿ ਜਿੱਥੇ ਗਰਮੀ ਦੇ ਮੌਸਮ ਦੌਰਾਨ ਸ਼ਰਧਾਲੂਆਂ ਦੀ ਗਿਣਤੀ ਬੇਹੱਦ ਘੱਟ ਗਈ ਸੀ ਉੱਥੇ ਪਿਛਲੇ ਦੋ ਹਫਤਿਆਂ ਤੋਂ ਲਗਾਤਾਰ ਸ਼ਰਧਾਲੂਆਂ ਦੀ ਗਿਣਤੀ ਵਧਦੀ ਜਾ ਰਹੀ ਹੈ। ਇਸ ਮੌਕੇ ਤੇ ਸ਼ਰਧਾਲੂਆਂ ਵਲੋਂ ਟਰਮੀਨਲ ਦੀ ਬਦਲੀ ਜਾ ਰਹੀ ਨਹਾਰ ਕਾਰਨ ਲੈਂਡ ਪੋਰਟ ਅਥਾਰਿਟੀ ਆਫ ਇੰਡੀਆ ਦੇ ਅਧਿਕਾਰੀਆਂ ਦਾ ਧੰਨਵਾਦ ਕੀਤਾ ਅਤੇ ਭਾਰਤ ਅਤੇ ਪਾਕਿਸਤਾਨ ਸਰਕਾਰ ਤੋਂ ਮੰਗ ਕੀਤੀ ਕਿ ਪਾਸਪੋਰਟ ਅਤੇ 20 ਡਾਲਰ ਦੀ ਸ਼ਰਤ ਨੂੰ ਖਤਮ ਕੀਤਾ ਜਾਵੇ, ਤਾਂ ਜੋ ਆਉਣ ਵਾਲੇ ਪ੍ਰਕਾਸ਼ ਦਿਹਾੜੇ ਮੌਕੇ ਵੱਧ ਤੋਂ ਵੱਧ ਨਾਨਕ ਨਾਮ ਲੇਵਾ ਸੰਗਤਾਂ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰ ਸਕਣ।