ਸ੍ਰੀ ਗੁਰੂ ਰਵਿਦਾਸ ਜੀ ਦਾ 645ਵਾਂ ਗੁਰਪੁਰਬ ਬੜੀ ਸ਼ਰਧਾ ਨਾਲ ਮਨਾਇਆ ਗਿਆ

331
Share

ਫਰਿਜ਼ਨੋ, 23 ਫਰਵਰੀ (ਮਾਛੀਕੇ/ਧਾਲੀਆਂ/ਪੰਜਾਬ ਮੇਲ)- ਕ੍ਰਾਂਤੀਕਾਰੀ ਸ਼੍ਰੋਮਣੀ ਭਗਤ ਸ੍ਰੀ ਗੁਰੂ ਰਵਿਦਾਸ ਜੀ ਦਾ 645ਵਾਂ ਗੁਰਪੁਰਬ ਫਰਿਜ਼ਨੋ ਦੇ ਗੁਰਦੁਆਰਾ ਸਿੰਘ ਸਭਾ ਵਿਖੇ ਸ਼ਰਧਾ-ਭਾਵਨਾ ਨਾਲ ਮਨਾਇਆ ਗਿਆ, ਜਿੱਥੇ ਐਤਵਾਰ ਦੇ ਦੀਵਾਨ ਵਿਚ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ ਨੂੰ ਯਾਦ ਕਰਦਿਆਂ ਰੂਹਾਨੀ ਗੁਰਮਤਿ ਵਿਚਾਰਾਂ ਹੋਈਆਂ ਅਤੇ ਕੀਰਤਨ ਦੀਵਾਨ ਸਜੇ। ਇਨ੍ਹਾਂ ਦੀਵਾਨਾਂ ’ਚ ਗੁਰੂ ਘਰ ਦੇ ਕੀਰਤਨੀਏ ਭਾਈ ਸਰਬਜੀਤ ਸਿੰਘ ਦੇ ਜੱਥੇ ਨੇ ਕੀਰਤਨ ਰਾਹੀਂ ਹਾਜ਼ਰੀ ਭਰੀ। ਇਸ ਸਮਾਗਮ ’ਚ ਕਥਾਵਾਚਕ ਭਾਈ ਮਲਕੀਤ ਸਿੰਘ ਨੇ ਗੁਰੂ ਸ਼ਬਦ ਦੀ ਕਥਾ ਰਾਹੀਂ ਸੰਗਤਾਂ ਨੂੰ ਗੁਰੂ ਜੀ ਦੀ ਮਹਿਮਾ ਅਤੇ ਇਤਿਹਾਸ ਸਰਵਨ ਕਰਵਾਇਆ। ਇਸ ਸਮਾਗਮ ਦੌਰਾਨ ਵਿਸ਼ੇਸ਼ ਤੌਰ ’ਤੇ ਉੱਘੇ ਸਮਾਜਸੇਵੀ ਸੁਰਿੰਦਰ ਸਿੰਘ ਧਨੋਆ ਨੇ ਸਟੇਜ ਤੋਂ ਧਾਰਮਿਕ ਸਾਂਝੀਵਾਲਤਾ ਦਾ ਸੁਨੇਹਾ ਦਿੰਦੇ ਹੋਏ ਵਿਚਾਰਾਂ ਦੀ ਸਾਂਝ ਪਾਈ ਅਤੇ ਆਪਣੇ ਨਵੇਂ ਨਾਟਕ ‘ਮਿਟੀ ਧੁੰਦ ਜੱਗ ਚਾਨਣ ਹੁਆ’ ਦੇ ਫਰਿਜ਼ਨੋ ਵਿਖੇ ਹੋ ਰਹੇ ਸ਼ੋਅ ਸਬੰਧੀ ਸੰਗਤਾਂ ਨੂੰ ਜਾਣਕਾਰੀ ਦਿੱਤੀ। ਸਟੇਜ ਸੰਚਾਲਕ ਦੀ ਸੇਵਾ ਭਾਈ ਗੁਰਪ੍ਰੀਤ ਸਿੰਘ ਮਾਨ ਨੇ ਨਿਭਾਈ। ਗੁਰੂ ਦੀ ਮਹਿਮਾ ਦੇ ਨਾਲ-ਨਾਲ ਐਤਵਾਰ ਦੇ ਇਸ ਵਿਸ਼ੇਸ਼ ਦੀਵਾਨ ਵਿਚ ਪ੍ਰਮੋਧ ਲੋਈ ਅਤੇ ਪਰਿਵਾਰ ਵੱਲੋਂ ਗੁਰੂ ਦਾ ਲੰਗਰ ਅਤੁੱਟ ਵਰਤਾਇਆ ਗਿਆ। ਇਸ ਸਮਾਗਮ ਦੀ ਵਿਸ਼ੇਸ਼ ਮਹਾਨਤਾ ਇਹ ਰਹੀ ਕਿ ਜਾਤ-ਪਾਤ ਦੇ ਵਿਤਕਰੇ ਤੋਂ ਉਪਰ ਉੱਠ ਕੇ ਸਮੁੱਚੇ ਪੰਜਾਬੀ ਭਾਈਚਾਰੇ ਨੇ ਬਹੁਗਿਣਤੀ ਵਿਚ ਹਾਜ਼ਰੀਆਂ ਭਰਦੇ ਹੋਏ ਸ੍ਰੀ ਗੁਰੂ ਰਵਿਦਾਸ ਮਹਾਰਾਜ ਦਾ ਪੁਰਬ ਬਹੁਤ ਹੀ ਸ਼ਰਧਾ ਅਤੇ ਸਦਭਾਵਨਾ ਨਾਲ ਮਨਾਇਆ।

Share