#PUNJAB

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਕੱਢਿਆ

ਅੰਮ੍ਰਿਤਸਰ, 8 ਅਕਤੂਬਰ (ਪੰਜਾਬ ਮੇਲ)- ਸ਼ਹਿਰ ਦੇ ਬਾਨੀ ਅਤੇ ਸਿੱਖ ਧਰਮ ਦੇ ਚੌਥੇ ਗੁਰੂ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਅਕਾਲ ਤਖਤ ਤੋਂ ਸਜਾਇਆ ਗਿਆ। ਨਗਰ ਕੀਰਤਨ ਦੀ ਆਰੰਭਤਾ ਸ੍ਰੀ ਅਕਾਲ ਤਖ਼ਤ ਤੋਂ ਹੋਈ ਅਤੇ ਇਹ ਸ਼ਹਿਰ ਦੇ ਪੁਰਾਤਨ ਦਰਵਾਜ਼ਿਆਂ ਤੋਂ ਹੁੰਦਾ ਹੋਇਆ ਵਾਪਸ ਸ੍ਰੀ ਅਕਾਲ ਤਖ਼ਤ ਵਿਖੇ ਪੁੱਜ ਕੇ ਸਮਾਪਤ ਹੋਇਆ।
ਇਸ ਮੌਕੇ ਪਾਵਨ ਸਰੂਪ ਨੂੰ ਸੁੰਦਰ ਪਾਲਕੀ ਵਿਚ ਸੁਸ਼ੋਭਿਤ ਕੀਤਾ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਇਸ ਨਗਰ ਕੀਰਤਨ ਵਿਚ ਵੱਡੀ ਗਿਣਤੀ ਵਿਚ ਸੰਗਤ ਸ਼ਾਮਲ ਸੀ। ਇਸ ਮੌਕੇ ਸ੍ਰੀ ਹਰਿਮੰਦਰ ਸਾਹਿਬ ਤੇ ਹੈੱਡ ਗ੍ਰੰਥੀ ਗਿਆਨੀ ਰਘਬੀਰ ਸਿੰਘ, ਸ੍ਰੀ ਅਕਾਲ ਤਖਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ, ਸ੍ਰੀ ਅਕਾਲ ਤਖਤ ਤੇ ਹੈੱਡ ਗ੍ਰੰਥੀ ਗਿਆਨੀ ਗੁਰਮੁਖ ਸਿੰਘ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ, ਗੁਰਮੀਤ ਸਿੰਘ ਬੂਹ, ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ, ਮੈਨੇਜਰ ਭਗਵੰਤ ਸਿੰਘ ਧੰਗੇੜਾ ਸਮੇਤ ਵੱਡੀ ਗਿਣਤੀ ਵਿਚ ਅਧਿਕਾਰੀ ਤੇ ਕਰਮਚਾਰੀ ਸ਼ਾਮਲ ਸਨ।
ਨਗਰ ਕੀਰਤਨ ਦੌਰਾਨ ਗਤਕਾ ਜੱਥਿਆਂ ਵੱਲੋਂ ਗਤਕਾ ਖੇਡਿਆ ਗਿਆ, ਸੰਗਤਾਂ ਨੇ ਸ਼ਬਦ ਗਾਇਨ ਕੀਤਾ ਅਤੇ ਰਸਤੇ ਵਿਚ ਵੱਖ-ਵੱਖ ਥਾਵਾਂ ‘ਤੇ ਸੰਗਤ ਵਾਸਤੇ ਵੱਖ-ਵੱਖ ਪਕਵਾਨਾਂ ਦੇ ਲੰਗਰ ਵੀ ਲਾਏ।
ਉਧਰ ਗੁਰਪੁਰਬ ਦਿਵਸ ਦੇ ਸਬੰਧ ਵਿਚ ਸ੍ਰੀ ਹਰਿਮੰਦਰ ਸਾਹਿਬ ਨੂੰ ਫੁੱਲਾਂ ਨਾਲ ਸੁੰਦਰ ਰੂਪ ਵਿਚ ਸਜਾਉਣ ਦਾ ਕੰਮ ਵੀ ਜਾਰੀ ਹੈ। ਮੁੰਬਈ ਤੋਂ ਆਈ ਸੰਗਤ ਵੱਲੋਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੱਚਖੰਡ, ਸ੍ਰੀ ਅਕਾਲ ਤਖਤ, ਦਰਸ਼ਨੀ ਦਿਉੜੀ ਅਤੇ ਹੋਰ ਥਾਵਾਂ ‘ਤੇ ਸੁੰਦਰ ਸਜਾਵਟ ਕੀਤੀ ਗਈ।
ਇਸ ਦੌਰਾਨ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਡਿਪਟੀ ਕਮਿਸ਼ਨਰ ਸ਼੍ਰੀਮਤੀ ਸਾਕਸ਼ੀ ਸਾਹਨੀ ਅਤੇ ਹੋਰ ਅਧਿਕਾਰੀਆਂ ਨੇ ਵੀ ਨਗਰ ਕੀਰਤਨ ਦਾ ਸਵਾਗਤ ਕੀਤਾ।
ਗੁਰਪੁਰਬ ਦੇ ਸਬੰਧ ਵਿਚ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਭੋਗ ਪਾਏ ਗਏ। ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਅਤੇ ਗੁਰਦੁਆਰਾ ਬਾਬਾ ਅਟਲ ਰਾਏ ਵਿਖੇ ਸਾਰਾ ਦਿਨ ਗੁਰਮਤਿ ਸਮਾਗਮ ਚੱਲੇ।