#PUNJAB

ਸ੍ਰੀ ਗੁਰੂ ਰਾਮਦਾਸ ਸਰਾਂ ਦੇ ਗਲਿਆਰੇ ਵਿੱਚ ਹੋਏ ਧਮਾਕੇ ਦੇ ਮਾਮਲੇ ਵਿੱਚ ਸ਼੍ਰੋਮਣੀ ਕਮੇਟੀ ਨੇ 3 ਵਿਅਕਤੀਆਂ ਨੂੰ ਕਾਬੂ ਕਰਕੇ ਕੀਤਾ ਪੁਲੀਸ ਹਵਾਲੇ : ਧਾਮੀ

ਅੰਮ੍ਰਿਤਸਰ, 11 ਮਈ (ਪੰਜਾਬ ਮੇਲ)- ਇਥੇ ਦਰਬਾਰ ਸਾਹਿਬ ਸਮੂਹ ਵਿਖੇ ਸ੍ਰੀ ਗੁਰੂ ਰਾਮਦਾਸ ਸਰਾਂ ਦੇ ਪਿਛਲੇ ਪਾਸੇ ਗਲਿਆਰੇ ਵਿੱਚ ਹੋਏ ਧਮਾਕੇ ਦੇ ਮਾਮਲੇ ਵਿੱਚ ਸ਼੍ਰੋਮਣੀ ਕਮੇਟੀ ਨੇ ਤਿੰਨ ਵਿਅਕਤੀਆਂ ਨੂੰ ਕਾਬੂ ਕਰਕੇ ਪੁਲੀਸ ਦੇ ਹਵਾਲੇ ਕੀਤਾ ਹੈ। ਇਸ ਦਾ ਖੁਲਾਸਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੀਤਾ। ਉਨ੍ਹਾਂ ਨੇ ਮੀਡੀਆ ਨੂੰ ਦੱਸਿਆ ਕਿ ਦਰਬਾਰ ਸਾਹਿਬ ਵਿਚਲੇ ਸੀਸੀਟੀਵੀ ਕੈਮਰਿਆਂ ਰਾਹੀਂ ਨਿਗਰਾਨੀ ਕਰ ਰਹੀ ਟੀਮ ਦੀ ਚੌਕਸੀ ਕਾਰਨ ਇਹ ਵਿਅਕਤੀ ਕਾਬੂ ਕੀਤੇ ਗਏ ਹਨ। ਧਮਾਕਾ ਹੋਣ ਤੋਂ ਬਾਅਦ ਟੀਮ ਨੇ ਸੀਸੀਟੀਵੀ ਕੈਮਰਿਆਂ ਰਾਹੀਂ ਘਟਨਾ ਦਾ ਪਤਾ ਲਾਇਆ। ਇਸ ਮਾਮਲੇ ਵਿਚ ਸ੍ਰੀ ਗੁਰੂ ਰਾਮਦਾਸ ਸਰਾਂ ਦੀ ਦੂਜੀ ਮੰਜ਼ਿਲ ਤੋਂ ਇਕ ਵਿਅਕਤੀ ਨੂੰ ਕਾਬੂ ਕੀਤਾ, ਜੋ ਇਸ ਘਟਨਾ ਨੂੰ ਕਥਿਤ ਤੌਰ ’ਤੇ ਅੰਜਾਮ ਦੇਣ ਤੋਂ ਬਾਅਦ ਸਰਾਂ ਦੇ ਵਰਾਂਡੇ ਵਿਚ ਆ ਕੇ ਲੇਟ ਗਿਆ ਸੀ। ਉਸ ਦੀ ਨਿਸ਼ਾਨਦੇਹੀ ’ਤੇ ਬਾਅਦ ਵਿਚ ਜੋੜੇ ਨੂੰ ਕਾਬੂ ਕੀਤਾ, ਜਿਸ ਦਾ ਨਵਾਂ ਵਿਆਹ ਹੋਇਆ ਸੀ ਅਤੇ ਅਤੇ ਸਰਾਂ ਦੇ ਕਮਰੇ ਵਿੱਚ ਠਹਿਰਿਆ ਹੋਇਆ ਸੀ। ਸ਼੍ਰੋਮਣੀ ਕਮੇਟੀ ਦੀ ਟੀਮ ਨੇ ਘਟਨਾ ਸਥਾਨ ਤੋਂ ਕੁੱਝ ਕਾਗਜ਼ ਦੇ ਟੁਕੜੇ ਅਤੇ ਇਸ ਵਿਅਕਤੀ ਕੋਲੋਂ ਬੈਗ ਵੀ ਬਰਾਮਦ ਕੀਤਾ ਹੈ, ਜੋ ਪੁਲੀਸ ਨੂੰ ਸੌਂਪ ਦਿੱਤਾ ਗਿਆ। ਇਨ੍ਹਾਂ ਵਿਚੋਂ ਇਕ ਵਿਅਕਤੀ 40 ਵਰ੍ਹਿਆਂ ਦਾ ਹੈ ਅਤੇ ਬਾਕੀ 2 ਉਸ ਤੋਂ ਘੱਟ ਉਮਰ ਦੇ ਹਨ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਾਬੂ ਕੀਤੇ ਵਿਅਕਤੀ ਅਤੇ ਉਨ੍ਹਾਂ ਕੋਲੋਂ ਬਰਾਮਦ ਹੋਏ ਸਾਮਾਨ ਬਾਰੇ ਕੁਝ ਹੋਰ ਖੁਲਾਸਾ ਕਰਨ ਤੋਂ ਇਨਕਾਰ ਕੀਤਾ ਅਤੇ ਕਿਹਾ ਕਿ ਜਾਂਚ ਦਾ ਮਾਮਲਾ ਹੈ ਅਤੇ ਇਸ ਬਾਰੇ ਪੁਲੀਸ ਹੀ ਖੁਲਾਸਾ ਕਰੇਗੀ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਅਤੇ ਪੁਲੀਸ ਇਨ੍ਹਾਂ ਧਮਾਕਿਆਂ ਨੂੰ ਰੋਕਣ ਵਿੱਚ ਅਸਫਲ ਰਹੀ ਹੈ। ਇਸ ਘਟਨਾ ਤੋਂ ਬਾਅਦ ਸ਼੍ਰੋਮਣੀ ਕਮੇਟੀ ਵੱਲੋਂ ਦਰਬਾਰ ਸਾਹਿਬ ਸਮੂਹ ਵਿੱਚ ਸਕੈਨਰ ਅਤੇ ਸੁਰੱਖਿਆ ਪ੍ਰਬੰਧ ਅਤੇ ਚੌਕਸੀ ਨੂੰ ਹੋਰ ਮਜ਼ਬੂਤ ਕਰਨ ਦਾ ਫ਼ੈਸਲਾ ਕੀਤਾ ਹੈ।

Leave a comment