ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਆਈ ਲੜਕੀ ਨੂੰ ਵਰਗਲਾਉਣ ’ਤੇ ਦੋ ਵਿਅਕਤੀ ਪੁਲਿਸ ਹਵਾਲੇ

331
Share

ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਨੇ ਪੁਲਿਸ ਨੂੰ ਪੱਤਰ ਲਿਖ ਕੇ ਸਖ਼ਤ ਕਾਰਵਾਈ ਮੰਗੀ
ਅੰਮ੍ਰਿਤਸਰ, 14 ਸਤੰਬਰ (ਪੰਜਾਬ ਮੇਲ)- ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਦੀਦਾਰ ਕਰਨ ਆਏ ਇਕ ਪਰਿਵਾਰ ਦੀ ਲੜਕੀ ਨੂੰ ਦੋ ਵਿਅਕਤੀਆਂ ਵੱਲੋਂ ਵਰਗਲਾਉਣ ਦੀ ਕੋਸ਼ਿਸ਼ ਕਰਨ ’ਤੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਨੇ ਪੁਲਿਸ ਕੋਲ ਸ਼ਿਕਾਇਤ ਦਰਜ਼ ਕਰਵਾਈ ਹੈ। ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਗੁਰਿੰਦਰ ਸਿੰਘ ਮਥਰੇਵਾਲ ਨੇ ਇਸ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੀਤੀ ਰਾਤ ਆਪਣੇ ਪਰਿਵਾਰ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਆਈ ਲੜਕੀ ਨੂੰ ਦੋ ਵਿਅਕਤੀਆਂ ਨੇ ਵਰਗਲਾਉਣ ਦੀ ਕੋਸ਼ਿਸ਼ ਕੀਤੀ, ਜਿਸ ਨੂੰ ਰਾਤ ਸਮੇਂ ਡਿਊਟੀ ਨਿਭਾ ਰਹੇ ਕਰਮਚਾਰੀਆਂ ਨੇ ਤੁਰੰਤ ਹਰਕਤ ਵਿਚ ਆਉਂਦਿਆਂ ਕਾਬੂ ਕੀਤਾ ਅਤੇ ਜਦੋਂ ਉਨ੍ਹਾਂ ਪਾਸੋਂ ਪੁਛਗਿਛ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਨੇ ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ’ਤੇ ਕਿਰਚ ਨਾਲ ਹਮਲਾ ਕਰ ਦਿੱਤਾ। ਉਨ੍ਹਾਂ ਕਿਹਾ ਕਿ ਇਹ ਦੋਵੇਂ ਵਿਅਕਤੀ ਪੁਲਿਸ ਹਵਾਲੇ ਕਰ ਦਿੱਤੇ ਗਏ ਹਨ ਅਤੇ ਥਾਣਾ ਗਲਿਆਰਾ ਨੂੰ ਪੱਤਰ ਲਿਖ ਕੇ ਇਨ੍ਹਾਂ ਵਿਰੁੱਧ ਸਖ਼ਤ ਧਰਾਵਾਂ ਤਹਿਤ ਕਾਰਵਾਈ ਕਰਨ ਲਈ ਕਿਹਾ ਗਿਆ ਹੈ। ਉਨ੍ਹਾਂ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਪੂਰੀ ਮਾਨਵਤਾ ਲਈ ਸ਼ਰਧਾ ਤੇ ਆਸਥਾ ਦਾ ਕੇਂਦਰ ਹੈ ਅਤੇ ਕੁਝ ਲੋਕ ਜਾਣਬੁਝ ਕੇ ਮੰਦ ਭਾਵਨਾ ਨਾਲ ਅਜਿਹੀਆਂ ਕਾਰਵਾਈਆਂ ਕਰਦੇ ਹਨ। ਉਨ੍ਹਾਂ ਪ੍ਰਸ਼ਾਸਨ ਨੂੰ ਅਪੀਲ ਕੀਤੀ ਕਿ ਇਨ੍ਹਾਂ ਦੋਵਾਂ ਵਿਅਕਤੀਆਂ ਤੋਂ ਸਖ਼ਤੀ ਨਾਲ ਪੁਛਗਿਛ ਕੀਤੀ ਜਾਵੇ।


Share