ਸੰਗਰੂਰ ਜ਼ਿਮਨੀ ਚੋਣ: ਪ੍ਰਮੁੱਖ ਸਿਆਸੀ ਧਿਰਾਂ ਲਈ ਵੱਕਾਰ ਦਾ ਸਵਾਲ ਬਣੀ ਚੋਣ

51
ਦਲਵੀਰ ਸਿੰਘ ਗੋਲਡੀ, ਕਮਲਦੀਪ ਕੌਰ ਰਾਜੋਆਣਾ, ਗੁਰਮੇਲ ਸਿੰਘ ਘਰਾਚੋਂ, ਸਿਮਰਨਜੀਤ ਸਿੰਘ ਮਾਨ, ਕੇਵਲ ਸਿੰਘ ਢਿੱਲੋਂ
Share

-ਸਿਆਸੀ ਪਾਰਟੀਆਂ ਨੇ ਆਪਣੀ ਪੂਰੀ ਵਾਹ ਲਾਈ
ਸੰਗਰੂਰ, 20 ਜੂਨ (ਪੰਜਾਬ ਮੇਲ)- ਸੰਗਰੂਰ ਲੋਕ ਸਭਾ ਹਲਕੇ ਦੀ ਜ਼ਿਮਨੀ ਚੋਣ ਸਾਰੀਆਂ ਪ੍ਰਮੁੱਖ ਸਿਆਸੀ ਪਾਰਟੀਆਂ ਦੇ ਵੱਕਾਰ ਦਾ ਸਵਾਲ ਬਣੀ ਹੋਈ ਹੈ, ਜਿਸ ਕਾਰਨ ਆਖ਼ਰੀ ਦੌਰ ‘ਚ ਪੁੱਜੇ ਚੋਣ ਪ੍ਰਚਾਰ ਦੌਰਾਨ ਸਿਆਸੀ ਪਾਰਟੀਆਂ ਨੇ ਆਪਣੀ ਪੂਰੀ ਵਾਹ ਲਾ ਦਿੱਤੀ ਹੈ। ਸਾਰੀਆਂ ਪ੍ਰਮੁੱਖ ਸਿਆਸੀ ਧਿਰਾਂ ਦੀ ਸਮੁੱਚੀ ਸੂਬਾਈ ਲੀਡਰਸ਼ਿਪ ਆਪੋ ਆਪਣੇ ਉਮੀਦਵਾਰਾਂ ਦੀ ਜਿੱਤ ਯਕੀਨੀ ਬਣਾਉਣ ਲਈ ਹੰਭਲਾ ਮਾਰ ਰਹੇ ਹਨ। ਹਮੇਸ਼ਾ ਪੰਜਾਬ ਦੀ ਸਰਗਰਮ ਸਿਆਸਤ ਦਾ ਧੁਰਾ ਰਹੀ ਇਸ ਸੀਟ ‘ਤੇ ਹੁਣ ਤੱਕ ਛੇ ਵਾਰ ਸ਼੍ਰੋਮਣੀ ਅਕਾਲੀ ਦਲ, ਚਾਰ ਵਾਰ ਕਾਂਗਰਸ, ਦੋ ਵਾਰ ਸ਼੍ਰੋਮਣੀ ਅਕਾਲੀ ਦਲ (ਮਾਨ), ਦੋ ਵਾਰ ਆਮ ਆਦਮੀ ਪਾਰਟੀ ਅਤੇ ਦੋ ਵਾਰ ਸੀ.ਪੀ.ਆਈ. ਨੇ ਜਿੱਤ ਦਰਜ ਕੀਤੀ ਹੈ। ਸ਼੍ਰੋਮਣੀ ਅਕਾਲੀ ਦਲ ਨੇ 1967, 1977, 1984, 1996, 1998 ਅਤੇ 2004 ਵਿਚ ਜਿੱਤ ਪ੍ਰਾਪਤ ਕੀਤੀ ਸੀ, ਜਦਕਿ ਕਾਂਗਰਸ ਪਾਰਟੀ 1952, 1980, 1991 ਅਤੇ 2009 ਵਿਚ ਚੋਣ ਜਿੱਤੀ ਹੈ। 1989 ਤੇ 1999 ਵਿਚ ਇਥੋਂ ਸ਼੍ਰੋਮਣੀ ਅਕਾਲੀ ਦਲ (ਮਾਨ) ਅਤੇ 2014 ਤੇ 2019 ਵਿਚ ‘ਆਪ’ ਨੂੰ ਜਿੱਤ ਪ੍ਰਾਪਤ ਹੋਈ। ਇਸੇ ਤਰ੍ਹਾਂ 1962 ਤੇ 1971 ‘ਚ ਸੀ.ਪੀ.ਆਈ. ਜਿੱਤੀ। ਸੰਗਰੂਰ ਲੋਕ ਸਭਾ ਸੀਟ ਤੋਂ ਭਗਵੰਤ ਮਾਨ ਵੱਲੋਂ ਅਸਤੀਫ਼ਾ ਦੇਣ ਕਾਰਨ 23 ਜੂਨ ਨੂੰ ਜ਼ਿਮਨੀ ਚੋਣ ਹੋ ਰਹੀ ਹੈ। ਇਸ ਵਾਰ ‘ਆਪ’ ਵੱਲੋਂ ਗੁਰਮੇਲ ਸਿੰਘ ਘਰਾਚੋਂ, ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵੱਲੋਂ ਸਿਮਰਨਜੀਤ ਸਿੰਘ ਮਾਨ, ਸ਼੍ਰੋਮਣੀ ਅਕਾਲੀ ਦਲ ਵੱਲੋਂ ਕਮਲਦੀਪ ਕੌਰ ਰਾਜੋਆਣਾ, ਕਾਂਗਰਸ ਵੱਲੋਂ ਦਲਵੀਰ ਸਿੰਘ ਗੋਲਡੀ ਤੇ ਭਾਜਪਾ ਵੱਲੋਂ ਕੇਵਲ ਸਿੰਘ ਢਿੱਲੋਂ ਉਮੀਦਵਾਰ ਵਜੋਂ ਚੋਣ ਮੈਦਾਨ ਵਿਚ ਹਨ। ਚੋਣ ਪ੍ਰਚਾਰ ਦੌਰਾਨ ‘ਆਪ’ ਵੱਲੋਂ ਆਪਣੀ ਸਰਕਾਰ ਦੀ ਕਰੀਬ ਤਿੰਨ ਮਹੀਨਿਆਂ ਦੀ ਕਾਰਗੁਜ਼ਾਰੀ ਲਈ ਵੋਟਾਂ ਦੀ ਮੰਗ ਕੀਤੀ ਜਾ ਰਹੀ ਹੈ। ਸ਼੍ਰੋਮਣੀ ਅਕਾਲੀ ਦਲ ਤੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਮੁੱਖ ਮੁੱਦਾ ਬਣਾਇਆ ਗਿਆ ਹੈ। ਇਸ ਦੌਰਾਨ ਕਾਂਗਰਸ ਪਾਰਟੀ ਵੱਲੋਂ ‘ਆਪ’ ਸਰਕਾਰ ਦੀ ਕਾਰਗੁਜ਼ਾਰੀ ਅਤੇ ਪੰਜਾਬ ‘ਚ ਅਮਨ ਕਾਨੂੰਨ ਦੀ ਸਥਿਤੀ ‘ਤੇ ਸਵਾਲ ਚੁੱਕਦਿਆਂ ਲੋਕਾਂ ਤੋਂ ਵੋਟਾਂ ਦੀ ਮੰਗ ਕੀਤੀ ਜਾ ਰਹੀ ਹੈ, ਜਦਕਿ ਪਹਿਲੀ ਵਾਰ ਭਾਜਪਾ ਆਪਣੇ ਦਮ ‘ਤੇ ਇਥੋਂ ਲੋਕ ਸਭਾ ਚੋਣ ਲੜ ਰਹੀ ਹੈ।
ਨਿਰਪੱਖ ਚੋਣ ਕਰਵਾਉਣ ਲਈ ਪ੍ਰਸ਼ਾਸਨ ਵੱਲੋਂ ਪੁਖ਼ਤਾ ਪ੍ਰਬੰਧ
ਸੰਗਰੂਰ ਲੋਕ ਸਭਾ ਹਲਕੇ ਦੀ ਜ਼ਿਮਨੀ ਚੋਣ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਹਨ ਤੇ ਜ਼ਿਮਨੀ ਚੋਣ ਨੂੰ ਆਜ਼ਾਦ, ਨਿਰਪੱਖ ਤੇ ਸ਼ਾਂਤੀਪੂਰਵਕ ਢੰਗ ਨਾਲ ਕਰਾਉਣ ਲਈ ਸਾਰੇ ਪ੍ਰਬੰਧ ਯਕੀਨੀ ਬਣਾਏ ਗਏ ਹਨ। ਲੋਕ ਸਭਾ ਹਲਕਾ-12 ਸੰਗਰੂਰ ਦੇ ਰਿਟਰਨਿੰਗ ਅਫ਼ਸਰ ਜਤਿੰਦਰ ਜ਼ੋਰਵਾਲ ਨੇ ਦੱਸਿਆ ਕਿ ਸਾਰੇ 9 ਵਿਧਾਨ ਸਭਾ ਹਲਕਿਆਂ ਦੀ ਸਰਕਾਰੀ ਮਸ਼ੀਨਰੀ 24 ਘੰਟੇ ਕੰਮ ਕਰ ਰਹੀ ਹੈ, ਤਾਂ ਜੋ ਸਾਂਤਮਈ, ਸੁਤੰਤਰ ਅਤੇ ਨਿਰਪੱਖ ਢੰਗ ਨਾਲ ਚੋਣਾਂ ਦੇ ਅਮਲ ਨੂੰ ਨੇਪਰੇ ਚਾੜ੍ਹਿਆ ਜਾ ਸਕੇ। ਉਨ੍ਹਾਂ ਦੱਸਿਆ ਕਿ ਹਲਕੇ ਵਿਚ ਕੁੱਲ 15,69,240 ਵੋਟਰ ਹਨ। ਉਨ੍ਹਾਂ ਕਿਹਾ ਕਿ ਇਸ ਜ਼ਿਮਨੀ ਚੋਣ ਲਈ ਕੁੱਲ 16 ਉਮੀਦਵਾਰ ਹਨ, ਜਿਨ੍ਹਾਂ ‘ਚ 13 ਪੁਰਸ਼ ਅਤੇ 3 ਔਰਤਾਂ ਮੈਦਾਨ ਵਿਚ ਹਨ।


Share