ਸੰਗਰੂਰ ਜ਼ਿਮਨੀ ਚੋਣ ਲਈ ਵੋਟਾਂ 23 ਜੂਨ ਨੂੰ

12
Share

– 26 ਜੂਨ ਨੂੰ ਹੋਵੇਗੀ ਗਿਣਤੀ
– ਬਾਹਰੋਂ ਆਏ ਸਿਆਸੀ ਵਰਕਰਾਂ ਨੂੰ ਹਲਕੇ ’ਚੋਂ ਵਾਪਸ ਚਲੇ ਜਾਣ ਦੀ ਹਦਾਇਤ
ਸੰਗਰੂਰ, 22 ਜੂਨ (ਪੰਜਾਬ ਮੇਲ)- ਸੰਗਰੂਰ ਲੋਕ ਸਭਾ ਹਲਕੇ ਦੀ 23 ਜੂਨ ਨੂੰ ਹੋ ਰਹੀ ਜ਼ਿਮਨੀ ਚੋਣ ਲਈ ਪ੍ਰਚਾਰ ਬੰਦ ਹੋ ਗਿਆ ਹੈ ਅਤੇ ਪ੍ਰਸ਼ਾਸਨ ਨੇ ਹਲਕੇ ਤੋਂ ਬਾਹਰੋਂ ਆਏ ਸਿਆਸੀ ਵਰਕਰਾਂ ਨੂੰ ਹਲਕੇ ’ਚੋਂ ਵਾਪਸ ਚਲੇ ਜਾਣ ਦੀ ਹਦਾਇਤ ਕੀਤੀ ਹੈ।
ਜ਼ਿਕਰਯੋਗ ਹੈ ਕਿ ਸੰਗਰੂਰ ਸੀਟ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਅਸਤੀਫੇ ਤੋਂ ਬਾਅਦ ਖਾਲੀ ਹੋਈ ਸੀ। ਆਮ ਆਦਮੀ ਪਾਰਟੀ ਨੇ ਇੱਥੋਂ ਜ਼ਿਲ੍ਹਾ ਪ੍ਰਧਾਨ ਤੇ ਸਰਪੰਚ ਗੁਰਮੇਲ ਸਿੰਘ ਘਰਾਚੋਂ ਨੂੰ ਟਿਕਟ ਦਿੱਤੀ ਹੈ। ਕਾਂਗਰਸ ਵੱਲੋਂ ਦਲਵੀਰ ਸਿੰਘ ਗੋਲਡੀ, ਭਾਜਪਾ ਵੱਲੋਂ ਕੇਵਲ ਸਿੰਘ ਢਿੱਲੋਂ, ਸ਼੍ਰੋਮਣੀ ਅਕਾਲੀ ਦਲ ਅੰਮਿ੍ਰਤਸਰ ਵੱਲੋਂ ਸਿਮਰਨਜੀਤ ਸਿੰਘ ਮਾਨ ਅਤੇ ਅਕਾਲੀ ਦਲ ਵੱਲੋਂ ਕਮਲਜੀਤ ਕੌਰ ਰਾਜੋਆਣਾ ਚੋਣ ਮੈਦਾਨ ’ਚ ਹਨ।
ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਅਨਮੋਲ ਸਿੰਘ ਧਾਲੀਵਾਲ ਨੇ ਦੱਸਿਆ ਕਿ ਆਦਰਸ਼ ਚੋਣ ਜ਼ਾਬਤੇ ਤਹਿਤ ਕੀਤੀ ਗਈ ਕਾਨੂੰਨ ਵਿਵਸਥਾ ਨੂੰ ਧਿਆਨ ’ਚ ਰੱਖਦੇ ਹੋਏ ਹਲਕੇ ’ਚ ਧਾਰਾ 144 ਤਹਿਤ ਹੁਕਮ ਜਾਰੀ ਕੀਤੇ ਗਏ ਹਨ ਅਤੇ ਲੋਕ ਸਭਾ ਹਲਕਾ ਸੰਗਰੂਰ ਦੀ 23 ਜੂਨ ਨੂੰ ਹੋਣ ਜਾ ਰਹੀ ਜ਼ਿਮਨੀ ਚੋਣ ਲਈ ਪ੍ਰਚਾਰ ਬੰਦ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਹੁਣ ਇਲਾਕੇ ’ਚ ਕਿਸੇ ਵੀ ਤਰ੍ਹਾਂ ਦੀ ਕੋਈ ਚੋਣ ਰੈਲੀ ਜਾਂ ਪ੍ਰਚਾਰ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਜ਼ਿਮਨੀ ਚੋਣ ਲਈ ਪ੍ਰਚਾਰ ਵਾਸਤੇ ਬਾਹਰੀ ਹਲਕਿਆਂ ਤੇ ਇਲਾਕਿਆਂ ਤੋਂ ਆਏ ਵੱਖ-ਵੱਖ ਪਾਰਟੀਆਂ ਦੇ ਵਰਕਰਾਂ ਨੂੰ ਸੰਗਰੂਰ ਲੋਕ ਸਭਾ ਹਲਕੇ ’ਚੋਂ ਵਾਪਸ ਚਲੇ ਜਾਣ ਦੀ ਹਦਾਇਤ ਵੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸੰਗਰੂਰ ਵਿਚ ਕੋਈ ਬਾਹਰੀ ਵਿਅਕਤੀ ਨਾ ਠਹਿਰੇ, ਇਸ ਲਈ ਉਹ ਹੋਟਲਾਂ, ਸਰਾਵਾਂ ਸਮੇਤ ਅਜਿਹੀਆਂ ਸਾਰੀਆਂ ਥਾਵਾਂ ਦੀ ਚੈਕਿੰਗ ਕਰਨਗੇ। ਚੋਣ ਪ੍ਰਚਾਰ ਦੀ ਮਿਆਦ ਖਤਮ ਹੋਣ ਤੋਂ ਬਾਅਦ ਵੀ ਜੇਕਰ ਬਾਹਰੋਂ ਆਏ ਵਿਅਕਤੀ ਹਲਕੇ ’ਚ ਮੌਜੂਦ ਰਹਿੰਦੇ ਹਨ, ਤਾਂ ਇਸ ਨਾਲ ਆਜ਼ਾਦ ਤੇ ਨਿਰਪੱਖ ਚੋਣਾਂ ਕਰਵਾਉਣ ਦਾ ਅਮਲ ਪ੍ਰਭਾਵਿਤ ਹੋ ਸਕਦਾ ਹੈ। ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਆਪਣੇ ਹੁਕਮਾਂ ’ਚ ਕਿਹਾ ਕਿ ਜੇਕਰ ਕੋਈ ਵੀ ਵਿਅਕਤੀ ਪ੍ਰਸ਼ਾਸਨ ਦੇ ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰਦਾ ਹੈ, ਤਾਂ ਉਸ ਵਿਰੁੱਧ ਕਾਨੂੰਨ ਅਨੁਸਾਰ ਬਣਦੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਇਹ ਹੁਕਮ 27 ਜੂਨ ਤੱਕ ਲਾਗੂ ਰਹਿਣਗੇ। ਇਸ ਤੋਂ ਪਹਿਲਾਂ ਰਿਟਰਨਿੰਗ ਅਫ਼ਸਰ ਜਿਤੇਂਦਰ ਜੋਰਵਾਲ ਨੇ ਕਿਹਾ ਕਿ ਹਲਕੇ ’ਚ 15,69,240 ਵੋਟਰ ਹਨ, ਜਿਨ੍ਹਾਂ ’ਚੋਂ 8,30,056 ਪੁਰਸ਼, 7,39,140 ਮਹਿਲਾਵਾਂ ਤੇ 44 ਕਿੰਨਰ ਹਨ।

Share