-ਪਿਸਤੌਲ ਬਰਾਮਦ
– ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ
– ਗੈਂਗਸਟਰ ਗੋਪੀ ਡੱਲੇਵਾਲੀਆ ਚਾਰ ਮਾਮਲਿਆਂ ਵਿਚ ਦੋਸ਼ੀ ਕਰਾਰ, 2016 ਦੇ ਗੁਰਾਇਆ ਕਤਲ ਕੇਸ ਵਿਚ ਭਗੌੜਾ ਐਲਾਨਿਆ ਗਿਆ ਸੀ: ਡੀ.ਜੀ.ਪੀ. ਗੌਰਵ ਯਾਦਵ
ਚੰਡੀਗੜ੍ਹ/ਮੋਗਾ, 12 ਅਗਸਤ (ਪੰਜਾਬ ਮੇਲ)- ਐਂਟੀ ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐੱਫ.) ਨੇ ਮੋਗਾ ਪੁਲਿਸ ਨਾਲ ਸਾਂਝੇ ਤੌਰ ‘ਤੇ ਕਾਰਵਾਈ ਕਰਦਿਆਂ ਗੈਂਗਸਟਰ ਗੁਰਪ੍ਰੀਤ ਸਿੰਘ ਉਰਫ ਗੋਪੀ ਡੱਲੇਵਾਲੀਆ ਨੂੰ ਗ੍ਰਿਫਤਾਰ ਕੀਤਾ ਹੈ, ਜੋ ਕਿ ਸੰਤੋਖ ਸਿੰਘ ਕਤਲ ਕਾਂਡ ਵਿਚ ਮੁੱਖ ਸ਼ੂਟਰ ਸੀ। ਇਹ ਜਾਣਕਾਰੀ ਡੀ.ਜੀ.ਪੀ. ਗੌਰਵ ਯਾਦਵ ਨੇ ਦਿੰਦਿਆਂ ਦੱਸਿਆ ਕਿ ਮੁਲਜ਼ਮ ਗੋਪੀ ਡੱਲੇਵਾਲੀਆ, ਜੋ ਕਿ ਜਲੰਧਰ ਦੇ ਪਿੰਡ ਡੱਲੇਵਾਲ ਦਾ ਰਹਿਣ ਵਾਲਾ ਹੈ, ਗੋਰੂ ਬੱਚਾ ਗਰੋਹ ਦਾ ਮੈਂਬਰ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਟੀਮਾਂ ਨੇ ਉਸ ਦੇ ਕਬਜ਼ੇ ਵਿਚੋਂ ਇੱਕ ਪਿਸਤੌਲ ਅਤੇ ਪੰਜ ਕਾਰਤੂਸ ਵੀ ਬਰਾਮਦ ਕੀਤੇ ਹਨ।
ਇਹ ਕਾਰਵਾਈ ਪੰਜਾਬ ਪੁਲਿਸ ਵੱਲੋਂ ਤਿੰਨ ਸ਼ੂਟਰਾਂ, ਜਿਨ੍ਹਾਂ ਦੀ ਪਛਾਣ ਨਿਰਮਲ ਸਿੰਘ ਉਰਫ਼ ਨਿੰਮਾ, ਅਪ੍ਰੈਲ ਸਿੰਘ ਉਰਫ਼ ਸ਼ੇਰਾ ਅਤੇ ਜਸਕਰਨ ਸਿੰਘ ਉਰਫ਼ ਕਰਨ ਵਜੋਂ ਕੀਤੀ ਗਈ ਸੀ, ਨੂੰ ਗ੍ਰਿਫਤਾਰ ਕਰਨ ਤੋਂ 15 ਦਿਨਾਂ ਬਾਅਦ ਅਮਲ ਵਿਚ ਲਿਆਂਦੀ ਗਈ। ਪੁਲਿਸ ਨੇ ਉਨ੍ਹਾਂ ਦੇ ਕਬਜ਼ੇ ‘ਚੋਂ ਅਪਰਾਧ ਵਿਚ ਵਰਤੇ ਗਏ ਤਿੰਨ .32 ਕੈਲੀਬਰ ਪਿਸਤੌਲਾਂ ਸਮੇਤ 10 ਜਿੰਦਾ ਕਾਰਤੂਸ ਅਤੇ ਇੱਕ ਹੁੰਡਈ ਵਰਨਾ ਕਾਰ ਬਰਾਮਦ ਕੀਤੀ ਸੀ। ਦੱਸਣਯੋਗ ਹੈ ਕਿ ਚਾਰ ਹਮਲਾਵਰਾਂ ਨੇ ਮੋਗਾ ਵਿਚ 16 ਜੁਲਾਈ, 2023 ਨੂੰ ਸੰਤੋਖ ਸਿੰਘ ਦੇ ਘਰ ਵਿਚ ਵੜ ਕੇ ਉਸਦਾ ਕਤਲ ਕਰ ਦਿੱਤਾ ਸੀ।
ਡੀ.ਜੀ.ਪੀ. ਗੌਰਵ ਯਾਦਵ ਨੇ ਦੱਸਿਆ ਕਿ ਭਰੋਸੇਮੰਦ ਸੂਤਰ ਮਿਲਣ ਉਪਰੰਤ ਏ.ਡੀ.ਜੀ.ਪੀ. ਪ੍ਰਮੋਦ ਬਾਨ ਦੀ ਸਮੁੱਚੀ ਨਿਗਰਾਨੀ ਹੇਠ ਏ.ਜੀ.ਟੀ.ਐਫ. ਦੀ ਟੀਮ ਨੇ ਮੋਗਾ ਪੁਲਿਸ ਨਾਲ ਮਿਲ ਕੇ ਗੋਪੀ ਡੱਲੇਵਾਲੀਆ ਨੂੰ ਜਲੰਧਰ ਦੇ ਮਹਿਤਪੁਰ ਖੇਤਰ ਤੋਂ ਗ੍ਰਿਫਤਾਰ ਕੀਤਾ ਹੈ। ਗ੍ਰਿਫ਼ਤਾਰ ਵਿਅਕਤੀ ਚਾਰ ਅਪਰਾਧਿਕ ਮਾਮਲਿਆਂ ਵਿੱਚ ਦੋਸ਼ੀ ਹੈ ਅਤੇ ਉਸਨੂੰ 2016 ਦੇ ਗੁਰਾਇਆ ਕਤਲ ਕਾਂਡ ਵਿਚ ਭਗੌੜਾ ਕਰਾਰ ਦਿੱਤਾ ਗਿਆ ਸੀ।
ਹੋਰ ਵੇਰਵੇ ਸਾਂਝੇ ਕਰਦਿਆਂ ਏ.ਆਈ.ਜੀ. ਏ.ਜੀ.ਟੀ.ਐਫ. ਸੰਦੀਪ ਗੋਇਲ ਨੇ ਦੱਸਿਆ ਕਿ ਗੁਰਪ੍ਰੀਤ ਸਿੰਘ ਉਰਫ ਗੋਪੀ ਡੱਲੇਵਾਲੀਆ ਅਤੇ ਗੌਰਵ ਸ਼ਰਮਾ ਉਰਫ ਗੋਰੂ ਬੱਚਾ ਇਸ ਘਿਨਾਉਣੇ ਕਤਲ ਦੇ ਮਾਸਟਰਮਾਈਂਡ ਹਨ। ਉਨ੍ਹਾਂ ਕਿਹਾ ਕਿ ਅਗਲੇਰੀ ਜਾਂਚ ਜਾਰੀ ਹੈ।
ਇਸ ਸਬੰਧੀ ਕੇਸ ਐੱਫ.ਆਈ.ਆਰ. ਨੰ. 155 ਮਿਤੀ 16/07/2023 ਨੂੰ ਭਾਰਤੀ ਦੰਡਾਵਲੀ ਦੀ ਧਾਰਾ 302 ਅਤੇ 34 ਅਤੇ ਅਸਲਾ ਐਕਟ ਦੀ ਧਾਰਾ 25 ਅਧੀਨ ਥਾਣਾ ਸਿਟੀ ਮੋਗਾ ਵਿਖੇ ਪਹਿਲਾਂ ਹੀ ਦਰਜ ਹੈ।