ਸੰਯੁਕਤ ਕਿਸਾਨ ਮੋਰਚੇੇ ਨੇ ਚੋਣਾਂ ’ਚ ਹਿੱਸਾ ਲੈ ਰਹੀਆਂ ਕਿਸਾਨ ਜਥੇਬੰਦੀਆਂ ਨੂੰ ਮੋਰਚੇ ’ਚੋਂ ਬਾਹਰ ਕੱਢਿਆ

327
Share

31 ਜਨਵਰੀ ਨੂੰ ਸਰਕਾਰ ਖਿਲਾਫ ਪ੍ਰਦਰਸ਼ਨ ਕਰਨ ਦਾ ਐਲਾਨ; ਕੇਂਦਰ ਸਰਕਾਰ ਨੂੰ ਦਿੱਤਾ ਅਲਟੀਮੇਟਮ
– ਸਰਕਾਰ ’ਤੇ ਵਾਅਦੇ ਪੂਰੇ ਨਾ ਕਰਨ ਦੇ ਦੋਸ਼
ਨਵੀਂ ਦਿੱਲੀ, 15 ਜਨਵਰੀ (ਪੰਜਾਬ ਮੇਲ)- ਸੰਯੁਕਤ ਕਿਸਾਨ ਮੋਰਚਾ ਦੀ ਅਹਿਮ ਮੀਟਿੰਗ ਅੱਜ ਕੁੰਡਲੀ ਵਿੱਚ ਹੋਈ ਜਿਸ ਵਿੱਚ ਫ਼ੈਸਲਾ ਕੀਤਾ ਗਿਆ ਕਿ ਜਿਹੜੀਆਂ ਜਥੇਬੰਦੀਆਂ ਚੋਣ ਮੈਦਾਨ ਵਿਚ ਆਈਆਂ ਹਨ, ਉਨ੍ਹਾਂ ਨੂੰ ਸੰਯੁਕਤ ਕਿਸਾਨ ਮੋਰਚੇ ’ਚੋਂ ਬਾਹਰ ਕੱਢ ਦਿੱਤਾ ਹੈ। ਚਾਰ ਮਹੀਨਿਆਂ ਬਾਅਦ ਇਨ੍ਹਾਂ ਜਥੇਬੰਦੀਆਂ ਨੂੰ ਮੁੜ ਸ਼ਾਮਲ ਕਰਨ ਜਾਂ ਨਾ ਸ਼ਾਮਲ ਕਰਨ ਬਾਰੇ ਫ਼ੈਸਲਾ ਕੀਤਾ ਜਾਵੇਗਾ। ਇਸ ਤੋਂ ਪਹਿਲਾਂ ਮੋਰਚੇ ਦੇ ਅਹੁਦੇਦਾਰ ਇਥੇ ਦਫ਼ਤਰ ਵਿਚ ਇਕੱਠੇ ਹੋਏ। ਮੀਟਿੰਗ ਵਿਚ ਸਾਰੇ 40 ਜਥੇਬੰਦੀਆਂ ਦੇ ਮੁਖੀ ਹਾਜ਼ਰ ਹਨ।
ਮੋਰਚੇ ਨੇ ਸਰਕਾਰ ਵੱਲੋਂ ਕੀਤੇ ਵਾਅਦਿਆਂ ਦੀ ਸਮੀਖਿਆ ਕੀਤੀ। ਉਨ੍ਹਾਂ ਕਿਹਾ ਕਿ ਸਰਕਾਰ ਨੇ ਐੱਮ.ਐੱਸ.ਪੀ. ’ਤੇ ਕੋਈ ਕਮੇਟੀ ਨਹੀਂ ਬਣਾਈ, ਰੇਲਵੇ ਅਤੇ ਦਿੱਲੀ ਦੇ ਕੇਸ ਵਾਪਸ ਕਰਨ ਲਈ ਕਾਰਵਾਈ ਨਹੀਂ ਕੀਤੀ ਗਈ। ਉਨ੍ਹਾਂ ਦੱਸਿਆ ਕਿ ਹਰਿਆਣਾ ਨੂੰ ਛੱਡ ਕੇ ਕੋਈ ਕਾਰਵਾਈ ਨਹੀਂ ਹੋਈ। ਇਸ ਕਰਕੇ 31 ਜਨਵਰੀ ਨੂੰ ਸਰਕਾਰ ਖਿਲਾਫ ਪ੍ਰਦਰਸ਼ਨ ਕੀਤਾ ਜਾਵੇਗਾ। ਕਿਸਾਨਾਂ ਵੱਲੋਂ ਦਿੱਲੀ ਵਿਚ ਵੀ ਵੱਡਾ ਪ੍ਰਦਰਸ਼ਨ ਕੀਤਾ ਜਾਵੇਗਾ। ਮੋਰਚੇ ਨੇ ਸਰਕਾਰ ਨੂੰ ਪਹਿਲੀ ਫਰਵਰੀ ਤੱਕ ਦਾ ਅਲਟੀਮੇਟਮ ਦਿੱਤਾ। ਇਸ ਤੋਂ ਬਾਅਦ ਉੱਤਰ ਪ੍ਰਦੇਸ਼ ਅਤੇ ਉੱਤਰਾਖੰਡ ’ਚ ਮਿਸ਼ਨ ਸ਼ੁਰੂ ਹੋਵੇਗਾ। ਉਨ੍ਹਾਂ ਕਿਹਾ ਕਿ ਲਖੀਮਪੁਰ ਖੀਰੀ ਕਾਂਡ ’ਤੇ ਕੇਂਦਰੀ ਗ੍ਰਹਿ ਰਾਜ ਮੰਤਰੀ ’ਤੇ ਕੋਈ ਕਾਰਵਾਈ ਨਹੀਂ ਹੋਈ ਜਦਕਿ ਐੱਸ.ਆਈ.ਟੀ. ਦੀ ਰਿਪੋਰਟ ਵਿਚ ਕਿਹਾ ਗਿਆ ਹੈ ਕਿ ਮੁਲਜ਼ਮਾਂ ਨੂੰ ਸਰਕਾਰ ਬਚਾ ਰਹੀ ਹੈ। ਕਿਸਾਨ ਆਗੂ ਰਾਕੇਸ਼ ਟਿਕੈਤ 21 ਜਨਵਰੀ ਤੋਂ ਲਖੀਮਪੁਰ ਦੌਰੇ ’ਤੇ ਹੋਣਗੇ। ਸੰਯੁਕਤ ਕਿਸਾਨ ਮੋਰਚਾ ਦੀ ਜਥੇਬੰਦੀ ਵਿੱਚ ਮੌਜੂਦ ਕਿਸਾਨ ਜਥੇਬੰਦੀਆਂ ਚੋਣਾਂ ਵਿਚ ਉਤਰ ਗਈਆਂ ਹਨ, ਉਨ੍ਹਾਂ ਨੂੰ ਐੱਸ.ਕੇ.ਐੱਮ. ਯੂਨਾਈਟਿਡ ਕਿਸਾਨ ਮੋਰਚਾ ਸਿਆਸੀ ਪਾਰਟੀ ਮੰਨਦੇ ਹੋਏ ਮੋਰਚੇ ਵਿਚੋਂ ਬਾਹਰ ਕੱਢਣ ਦਾ ਫ਼ੈਸਲਾ ਕੀਤਾ ਹੈ। ਇਸ ਫੈਸਲੇ ਦੀ ਚਾਰ ਮਹੀਨੇ ਬਾਅਦ ਸਮੀਖਿਆ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਅਜੇ ਤੱਕ ਸਰਕਾਰ ਵੱਲੋਂ ਗੱਲਬਾਤ ਦਾ ਸੱਦਾ ਨਹੀਂ ਮਿਲਿਆ, ਸਰਕਾਰ ਨੇ ਆਪਣਾ ਵਾਅਦਾ ਪੂਰਾ ਨਹੀਂ ਕੀਤਾ ਹੈ। ਇਸ ਤੋਂ ਇਲਾਵਾ ਸਰਕਾਰ ਮੁਆਵਜ਼ੇ ਦੇ ਮਾਮਲੇ ਵਿਚ ਸਥਿਤੀ ਸਪੱਸ਼ਟ ਨਹੀਂ ਕਰ ਸਕੀ।

Share