ਸੰਯੁਕਤ ਕਿਸਾਨ ਮੋਰਚੇ ਦੇ ‘ਭਾਰਤ ਬੰਦ’ ’ਚ ਸਿਆਸੀ ਪਾਰਟੀਆਂ ਤੇ 100 ਜਥੇਬੰਦੀਆਂ ਹੋਣਗੀਆਂ ਸ਼ਾਮਲ

787
Share

ਨਵੀਂ ਦਿੱਲੀ, 23 ਸਤੰਬਰ (ਪੰਜਾਬ ਮੇਲ)-ਸੰਯੁਕਤ ਕਿਸਾਨ ਮੋਰਚਾ (ਐੱਸ.ਕੇ.ਐੱਮ.) ਵੱਲੋਂ 27 ਸਤੰਬਰ ਦੇ ਭਾਰਤ ਬੰਦ ਦੇ ਸਮਰਥਨ ਵਿਚ ਸਿਆਸੀ ਪਾਰਟੀਆਂ ਤੇ ਹੋਰਨਾਂ ਜਥੇਬੰਦੀਆਂ ਸਾਹਮਣੇ ਆਈਆਂ ਹਨ। ਮੋਰਚਾ ਨੇ ਕਿਸਾਨਾਂ ਦੇ ਅੰਦੋਲਨ ਦੇ 10 ਮਹੀਨੇ ਪੂਰੇ ਹੋਣ ਦੇ ਮੱਦੇਨਜ਼ਰ 27 ਸਤੰਬਰ ਨੂੰ ਭਾਰਤ ਬੰਦ ਦਾ ਐਲਾਨ ਕੀਤਾ ਹੈ। ਸੰਯੁਕਤ ਕਿਸਾਨ ਮੋਰਚੇ ਦੇ 27 ਸਤੰਬਰ ਦੇ ਭਾਰਤ ਬੰਦ ਵਿਚ ਹੋਰ ਵੀ ਬਹੁਤ ਸਾਰੀਆਂ ਕਿਸਾਨ ਜਥੇਬੰਦੀਆਂ ਹਿੱਸਾ ਲੈ ਰਹੀਆਂ ਹਨ। ਉਨ੍ਹਾਂ ਦੀ ਗਿਣਤੀ 100 ਦੇ ਕਰੀਬ ਦੱਸੀ ਜਾਂਦੀ ਹੈ। ਦੇਸ਼ ਭਰ ਵਿਚ ਭਾਰਤ ਬੰਦ ਨੂੰ ਸਫਲ ਬਣਾਉਣ ਲਈ ਕਿਸਾਨ ਸੰਗਠਨਾਂ ਨੇ ਵਿਆਪਕ ਤਿਆਰੀਆਂ ਕੀਤੀਆਂ ਹਨ।
ਦਾਅਵਾ ਕੀਤਾ ਜਾ ਰਿਹਾ ਹੈ ਕਿ ਸੰਯੁਕਤ ਕਿਸਾਨ ਮੋਰਚਾ ਵੱਲੋਂ ਸੱਦੇ ਗਏ 27 ਸਤੰਬਰ ਦੇ ਭਾਰਤ ਬੰਦ ਵਿਚ ਰਾਸ਼ਟਰੀ ਰਾਜਨੀਤਿਕ ਪਾਰਟੀਆਂ, ਟਰੇਡ ਯੂਨੀਅਨਾਂ, ਕਿਸਾਨ ਯੂਨੀਅਨਾਂ, ਨੌਜਵਾਨਾਂ, ਅਧਿਆਪਕਾਂ, ਮਜ਼ਦੂਰਾਂ ਅਤੇ ਹੋਰਾਂ ਸਮੇਤ ਲਗਭਗ 100 ਸੰਗਠਨ ਹਿੱਸਾ ਲੈਣਗੇ।
ਬਿਆਨ ’ਚ ਕਿਹਾ ਗਿਆ ਹੈ ਕਿ ਕਈ ਕਿਸਾਨ ਸੰਗਠਨਾਂ ਦੇ ਨਾਲ ਨਾਲ ਟਰੇਡ ਯੂਨੀਅਨਾਂ, ਟਰੇਡ ਯੂਨੀਅਨਾਂ, ਕਰਮਚਾਰੀ ਅਤੇ ਵਿਦਿਆਰਥੀ ਯੂਨੀਅਨਾਂ, ਮਹਿਲਾ ਸੰਗਠਨ, ਟਰਾਂਸਪੋਰਟਰ ਸੰਗਠਨ ਭਾਰਤ ਬੰਦ ’ਚ ਸ਼ਾਮਲ ਹੋ ਰਹੇ ਹਨ।
ਐੱਸ.ਕੇ.ਐੱਮ. ਨੇ ਕਿਹਾ ਕਿ ਕਿਸਾਨ ਮਹਾਪੰਚਾਇਤ ਦਾ ਆਯੋਜਨ ਕੀਤਾ ਜਾ ਰਿਹਾ ਹੈ ਅਤੇ ਬੰਦ ਦੇ ਦੌਰਾਨ ਆਯੋਜਿਤ ਰੈਲੀ ਵਿਚ ਜ਼ਿਆਦਾ ਤੋਂ ਜ਼ਿਆਦਾ ਲੋਕਾਂ ਨੂੰ ਸ਼ਾਮਲ ਕਰਨ ਦੇ ਲਈ ਸਾਈਕਲ ਅਤੇ ਮੋਟਰ ਸਾਈਕਲ ਰੈਲੀਆਂ ਵੀ ਆਯੋਜਿਤ ਕੀਤੀਆਂ ਜਾ ਰਹੀਆਂ ਹਨ।
ਇਸ ਦੌਰਾਨ, ਕੇਂਦਰ ਵੱਲੋਂ ਪਾਸ ਕੀਤੇ ਗਏ ਤਿੰਨ ਖੇਤੀਬਾੜੀ ਕਾਨੂੰਨਾਂ ਵਿਰੁੱਧ ਕਿਸਾਨਾਂ ਦੇ ਚੱਲ ਰਹੇ ਪ੍ਰਦਰਸ਼ਨ ਨੇ ਬੁੱਧਵਾਰ ਨੂੰ 300 ਦਿਨ ਪੂਰੇ ਕਰ ਲਏ। ਇਸ ਮੌਕੇ, ਅੰਦੋਲਨ ਦੀ ਅਗਵਾਈ ਕਰ ਰਹੇ ਸੰਯੁਕਤ ਕਿਸਾਨ ਮੋਰਚਾ ਨੇ ਇੱਕ ਬਿਆਨ ਜਾਰੀ ਕਰਦਿਆਂ ਕਿਹਾ ਕਿ ਇਹ ਅੰਦੋਲਨ ਦੇਸ਼ ਦੇ ਲੱਖਾਂ ਕਿਸਾਨਾਂ ਦੀ ਇੱਛਾ ਅਤੇ ਵਚਨਬੱਧਤਾ ਦਾ ਸਬੂਤ ਹੈ ਅਤੇ ਇਹ ਹੋਰ ਮਜ਼ਬੂਤ ਹੋਇਆ ਹੈ।
ਆਲ ਇੰਡੀਆ ਬੈਂਕ ਆਫੀਸਰਜ਼ ਕਨਫੈਡਰੇਸ਼ਨ (ਏ.ਆਈ.ਬੀ.ਓ.ਸੀ.) ਨੇ ਸੰਯੁਕਤ ਕਿਸਾਨ ਮੋਰਚੇ ਵੱਲੋਂ 27 ਸਤੰਬਰ ਨੂੰ ਦਿੱਤੇ ਭਾਰਤ ਬੰਦ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ। ਏ.ਆਈ.ਬੀ.ਓ.ਸੀ. ਨੇ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਸੰਯੁਕਤ ਕਿਸਾਨ ਮੋਰਚੇ ਦੀਆਂ ਮੰਗਾਂ ’ਤੇ ਮੁੜ ਗੱਲਬਾਤ ਸ਼ੁਰੂ ਕਰੇ ਅਤੇ ਤਿੰਨ ਵਿਵਾਦਿਤ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰੇ।
ਖੱਬੇਪੱਖੀ ਪਾਰਟੀਆਂ ਨੇ ਕੇਂਦਰ ਸਰਕਾਰ ਦੇ ਤਿੰਨ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚਾ ਵੱਲੋਂ ਭਾਰਤ ਬੰਦ ਦੇ ਸੱਦੇ ਦਾ ਸਮਰਥਨ ਕਰਨ ਦਾ ਐਲਾਨ ਕੀਤਾ ਹੈ। ਭਾਰਤੀ ਕਮਿਊਨਿਸਟ ਪਾਰਟੀ-ਮਾਰਕਸਵਾਦੀ (ਸੀ.ਪੀ.ਆਈ.-ਐੱਮ.), ਭਾਰਤੀ ਕਮਿਊਨਿਸਟ ਪਾਰਟੀ (ਸੀ.ਪੀ.ਆਈ.), ਫਾਰਵਰਡ ਬਲਾਕ ਅਤੇ ਇਨਕਲਾਬੀ ਸਮਾਜਵਾਦੀ ਪਾਰਟੀ (ਆਰ.ਐੱਸ.ਪੀ.) ਵੱਲੋਂ ਜਾਰੀ ਸਾਂਝੇ ਬਿਆਨ ’ਚ ਲੋਕਾਂ ਨੂੰ ਭਾਰਤ ਬੰਦ ਦਾ ਸਮਰਥਨ ਕਰਨ ਦੀ ਅਪੀਲ ਕੀਤੀ ਗਈ ਹੈ।

Share