ਸੰਯੁਕਤ ਕਿਸਾਨ ਮੋਰਚੇ ਵਲੋਂ 26 ਮਈ 2021 ਕਾਲਾ ਦਿਵਸ ਮਨਾਇਆ ਗਿਆ

105
Share

ਨਕੋਦਰ/ਮਹਿਤਪੁਰ, 28 ਮਈ (ਹਰਜਿੰਦਰ ਪਾਲ ਛਾਬੜਾ/ਪੰਜਾਬ ਮੇਲ)- ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਦਿੱਲੀ ਵਿਚ ਸੰਘਰਸ਼ ਕਰ ਰਹੇ ਕਿਸਾਨਾਂ ਨੂੰ 6 ਮਹੀਨੇ ਬੀਤਣ ਦੇ ਬਾਵਜੂਦ ਕਿਸਾਨਾਂ ਮਜ਼ਦੂਰਾਂ, ਨੌਜਵਾਨਾਂ, ਦੁਕਾਨਦਾਰਾਂ ਅਤੇ ਹੋਰ ਸਾਰੇ ਵਰਗਾਂ ਦੀਆਂ ਮੰਗਾਂ ਨਾ ਮੰਨਣ ਦੀ ਸੂਰਤ ਵਿਚ ਕਾਲਾ ਦਿਨ ਮਨਾਉਣ ਕਾਲੇ ਕਾਨੂੰਨ ਰੱਦ ਕਰਾਉਣ ਅਤੇ ਮੋਦੀ ਦੀ ਅੰਨ੍ਹੀ ਬੋਲੀ ਸਰਕਾਰ ਦੇ ਕੰਨਾਂ ਵਿਚ ਆਵਾਜ਼ ਪਹੁਚਾਉਣ ਲਈ ਮਹਿਤਪੁਰ ਵਿਚ ਕੁੱਲ ਹਿੰਦ ਕਿਸਾਨ ਸਭਾ ਪੰਜਾਬ ਵਲੋਂ ਕਾਲੇ ਝੰਡੇ ਲੈ ਕੇ ਸ਼ਹਿਰ ਵਿਚ ਮੁਜ਼ਾਹਰਾ ਕਰਨ ਤੋਂ ਬਾਅਦ ਸ਼ਹਿਰ ਦੇ ਮੁੱਖ ਚੌਂਕ ਵਿਚ ਮੋਦੀ ਦਾ ਪੁਤਲਾ ਫੂਕਿਆ ਗਿਆ। ਇਸ ਮੌਕੇ ਆਏ ਹੋਏ ਕਿਸਾਨਾਂ, ਮਜ਼ਦੂਰਾਂ, ਨੌਜਵਾਨਾਂ ਨੂੰ ਸੰਬੋਧਨ ਕਰਦਿਆਂ ਕੁੱਲ ਹਿੰਦ ਕਿਸਾਨ ਸਭਾ ਦੇ ਸੂਬਾ ਆਗੂ ਸੰਦੀਪ ਅਰੋੜਾ, ਦਿਲਬਾਗ ਸਿੰਘ ਚੰਦੀ ਤੇ ਸਰਬ ਭਾਰਤ ਨੌਜਵਾਨ ਸਭਾ ਦੇ ਆਗੂ ਮਨਦੀਪ ਸਿੱਧੂ ਨੇ ਕਿਹਾ ਕਿ ਕੇਂਦਰ ਦੀ ਸਰਕਾਰ ਨੂੰ ਸ਼ਰਮ ਕਰਨੀ ਚਾਹੀਦੀ ਹੈ। ਲੋਕਾਂ ਦੀਆਂ ਵੋਟਾਂ ਨਾਲ ਬਣੀ ਸਰਕਾਰ ਤਾਨਾਸ਼ਾਹੀ ਰਵੱਈਆ ਅਪਣਾ ਰਹੀ ਹੈ। ਕਿਸਾਨਾਂ ਮਜ਼ਦੂਰਾਂ ਨੌਜਵਾਨਾਂ ਨੂੰ 6 ਮਹੀਨੇ ਬੀਤ ਚੁੱਕੇ ਹਨ ਕਿ ਉਹ ਆਪਣੀ ਹੱਕੀ ਮੰਗ ਅਤੇ ਆਉਣ ਵਾਲੀ ਪੀੜ੍ਹੀ ਦੀ ਰੋਜ਼ੀ ਰੋਟੀ ਬਹਾਲ ਕਰਾਉਣ ਲਈ ਦਿੱਲੀ ਦੇ ਬਾਰਡਰਾਂ ’ਤੇ ਅੱਤ ਦੀ ਗਰਮੀ ਵਿਚ ਬੈਠੇ ਹਨ। ਪਰ ਹੁਕਮਰਾਨ ਕਾਲੇ ਕਾਨੂੰਨ ਰੱਦ ਕਰਨ ਦੀ ਬਜਾਏ ਕਰੋਨਾ ਦਾ ਹਊ ਖੜ੍ਹਾ ਕਰਕੇ ਅੰਦੋਲਨ ਨੂੰ ਢਾਅ ਲਾਉਣ ਲਈ ਚਾਲਾਂ ਚੱਲ ਰਹੇ ਹਨ। ਜਿਨ੍ਹਾਂ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਆਉਣ ਵਾਲੇ ਦਿਨਾਂ ਵਿਚ ਇੱਕ ਵਾਰ ਫਿਰ ਵੱਡੇ ਕਾਫਲੇ ਲੈ ਕੇ ਦਿੱਲੀ ਨੂੰ ਕੂਚ ਕੀਤਾ ਜਾਵੇਗਾ। ਇਸ ਮੌਕੇ ਕਿਸਾਨ ਆਗੂ ਸਤਨਾਮ ਸਿੰਘ ਬਿਲੇ, ਨਵਦੀਪ ਸਿੰਘ, ਮਨਜਿੰਦਰ ਸਿੰਘ, ਮਜ਼ਦੂਰ ਆਗੂ ਸਿਕੰਦਰ ਸਿੰਘ ਸੰਧੂ, ਬਿੰਦਰ ਮਹਿਸਮਪੁਰ ਨੌਜਵਾਨ ਆਗੂ ਪਵਨਦੀਪ ਸਿੰਘ, ਸੁੱਖਾ ਬਾਦਸ਼ਾਹਪੁਰ, ਪਵਨ ਸ਼ਾਹਕੋਟ, ਗੁਰਪ੍ਰੀਤ ਸਿੰਘ ਨਕੋਦਰ, ਰਿੰਕੂ ਮਹਿਸਮਪੁਰ ਆਦਿ ਹਾਜ਼ਰ ਸਨ।¿;
ਜਾਰੀ ਕਰਤਾ ਕਾਮਰੇਡ ਸੰਦੀਪ ਅਰੋੜਾ।

Share