ਸੰਸਦ ਦੇ ਮੌਨਸੂਨ ਸੈਸ਼ਨ ਦੇ ਪਹਿਲੇ ਦਿਨ ਵਿਰੋਧੀ ਪਾਰਟੀਆਂ ਦੇ ਹੰਗਾਮੇ ਕਾਰਨ ਲੋਕ ਸਭਾ ਤੇ ਰਾਜ ਸਭਾ ਦੀ ਕਾਰਵਾਈ ਮੁਲਤਵੀ

280
Share

ਨਵੀਂ ਦਿੱਲੀ, 19 ਜੁਲਾਈ (ਪੰਜਾਬ ਮੇਲ)- ਸੰਸਦ ਦੇ ਮੌਨਸੂਨ ਸੈਸ਼ਨ ਦੇ ਪਹਿਲੇ ਦਿਨ ਸੋਮਵਾਰ ਨੂੰ ਵਿਰੋਧੀ ਪਾਰਟੀਆਂ ਦੇ ਆਗੂਆਂ ਵੱਲੋਂ ਕੇਂਦਰ ਦੇ ਨਵੇਂ ਖੇਤੀ ਕਾਨੂੰਨਾਂ ਖ਼ਿਲਾਫ਼ ਤੇ ਹੋਰ ਮੁੱਦਿਆਂ ਨੂੰ ਲੈ ਕੇ ਕੀਤੇ ਗਏ ਹੰਗਾਮੇ ਕਾਰਨ ਲੋਕ ਸਭਾ ਤੇ ਰਾਜ ਸਭਾ ’ਚ ਕਾਰਵਾਈ ਮੁਲਤਵੀ ਕਰਨੀ ਪਈ। ਲੋਕ ਸਭਾ ’ਚ ਖੇਤੀ ਕਾਨੂੰਨਾਂ ਨੂੰ ਲੈ ਕੇ ਕੀਤੇ ਗਏ ਹੰਗਾਮੇ ਕਾਰਨ ਪਹਿਲਾਂ ਸਵੇਰੇ 11.30 ਕੁ ਵਜੇ ਲੋਕ ਸਭਾ ਦੀ ਕਾਰਵਾਈ ਬਾਅਦ ਦੁਪਹਿਰ 2 ਵਜੇ ਤੱਕ ਮੁਲਤਵੀ ਕੀਤੀ ਗਈ। ਉਸ ਤੋਂ ਬਾਅਦ ਬਾਅਦ ਦੁਪਹਿਰ 2 ਵਜੇ ਕਾਰਵਾਈ ਮੁੜ ਸ਼ੁਰੂ ਹੋਣ ’ਤੇ ਕਾਂਗਰਸੀ ਮੈਂਬਰਾਂ ਨੇ ਫਿਰ ਤੋਂ ਹੰਗਾਮਾ ਕੀਤਾ, ਜਿਸ ਕਾਰਨ ਹੇਠਲੇ ਸਦਨ ਦੀ ਕਾਰਵਾਈ ਬਾਅਦ ਦੁਪਹਿਰ 3.30 ਵਜੇ ਤੱਕ ਦੁਬਾਰਾ ਮੁਲਤਵੀ ਕਰ ਦਿੱਤੀ ਗਈ ਪਰ 3.30 ਵਜੇ ਤੋਂ ਬਾਅਦ ਵੀ ਹੰਗਾਮਾ ਜਾਰੀ ਰਹਿਣ ਕਾਰਨ ਸਦਨ ਦੀ ਕਾਰਵਾਈ ਸਾਰੇ ਦਿਨ ਲਈ ਮੁਲਤਵੀ ਕਰ ਦਿੱਤੀ ਗਈ। ਇਸੇ ਦੌਰਾਨ ਰਾਜ ਸਭਾ ’ਚ ਵੀ ਵਿਰੋਧੀ ਪਾਰਟੀਆਂ ਦੇ ਮੈਂਬਰਾਂ ਵੱਲੋਂ ਖੇਤੀ ਕਾਨੂੰਨਾਂ ਤੇ ਹੋਰ ਮੁੱਦਿਆਂ ਨੂੰ ਲੈ ਕੇ ਕੀਤੇ ਗਏ ਹੰਗਾਮੇ ਕਾਰਨ ਦੁਪਹਿਰ 1.30 ਕੁ ਵਜੇ ਕਾਰਵਾਈ ਮੁਲਤਵੀ ਕਰਨੀ ਪਈ।

Share