ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਦਿਹਾੜਾ ਸ਼ਰਧਾ ਨਾਲ ਮਨਾਇਆ

339
Share

-ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੱਕ ਸਜਾਇਆ ਨਗਰ ਕੀਰਤਨ
ਅੰਮਿ੍ਰਤਸਰ, 8 ਸਤੰਬਰ (ਪੰਜਾਬ ਮੇਲ)- ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਸਬੰਧ ’ਚ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੱਕ ਸਿੱਖ ਪਰੰਪਰਾ ਅਨੁਸਾਰ ਨਗਰ ਕੀਰਤਨ ਸਜਾਇਆ ਗਿਆ। ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਉਹ ਇਤਿਹਾਸਕ ਅਸਥਾਨ ਹੈ, ਜਿਥੇ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਨੇ 1604ਈ: ਵਿਚ ਆਦਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੰਪਾਦਨਾ ਕੀਤੀ ਸੀ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ’ਚ ਪਹਿਲੇ ਪ੍ਰਕਾਸ਼ ਪੁਰਬ ਮੌਕੇ ਸਜਾਏ ਗਏ ਨਗਰ ਕੀਰਤਨ ਤੋਂ ਪਹਿਲਾਂ ਹਜ਼ੂਰੀ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਅਰਦਾਸ ਉਪਰੰਤ ਪਾਵਨ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਸਰਵਣ ਕਰਾਇਆ।
ਨਗਰ ਕੀਰਤਨ ਦੀ ਰਵਾਨਗੀ ਸਮੇਂ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਪੰਜ ਪਿਆਰਿਆਂ, ਨਿਸ਼ਾਨਚੀ ਅਤੇ ਨਿਗਾਰਚੀ ਸਿੰਘਾਂ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ ਦੇ ਕੇ ਸਨਮਾਨ ਕੀਤਾ। ਇਸ ਤੋਂ ਪਹਿਲਾਂ ਸਜਾਏ ਗਏ ਦੀਵਾਨ ’ਚ ਸੰਗਤ ਨਾਲ ਵਿਚਾਰ ਸਾਂਝੇ ਕਰਦਿਆਂ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਪਹਿਲੇ ਪ੍ਰਕਾਸ਼ ਗੁਰਪੁਰਬ ਦੀ ਸਿੱਖ ਜਗਤ ਨੂੰ ਵਧਾਈ ਦਿੱਤੀ ਅਤੇ ਸੰਗਤ ਨਾਲ ਇਸ ਦਿਹਾੜੇ ਦੇ ਇਤਿਹਾਸ ਬਾਰੇ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਅਰਜਨ ਦੇਵ ਜੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੰਪਾਦਨਾ ਮਗਰੋਂ ਇਸ ਦਿਨ ਪਹਿਲਾ ਪ੍ਰਕਾਸ਼ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਕੀਤਾ ਸੀ, ਜਿਸ ਦੀ ਯਾਦ ’ਚ ਸੰਗਤਾਂ ਹਰ ਸਾਲ ਪੰਥਕ ਰਵਾਇਤ ਅਨੁਸਾਰ ਨਗਰ ਕੀਰਤਨ ਸਜਾਉਂਦੀਆਂ ਹਨ। ਗਿਆਨੀ ਜਗਤਾਰ ਸਿੰਘ ਨੇ ਸੰਗਤ ਨੂੰ ਗੁਰਬਾਣੀ ਦੇ ਸਿਧਾਂਤਾਂ ’ਤੇ ਪਹਿਰਾ ਦੇਣ ਦੀ ਅਪੀਲ ਕਰਦਿਆਂ ਬੱਚਿਆਂ ਨੂੰ ਗੁਰਸਿੱਖੀ ’ਚ ਨਿਪੁੰਨ ਕਰਨ ਦੀ ਪ੍ਰੇਰਣਾ ਕੀਤੀ। ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਨੂੰ ਪਹਿਲੇ ਪ੍ਰਕਾਸ਼ ਦਿਹਾੜੇ ਦੀ ਵਧਾਈ ਦਿੱਤੀ ਅਤੇ ਪਾਵਨ ਗੁਰਬਾਣੀ ਦੀਆਂ ਸਿੱਖਿਆਵਾਂ ’ਤੇ ਚੱਲਣ ਲਈ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਮੁੱਚੇ ਵਿਸ਼ਵ ਨੂੰ ਆਪਣੇ ਕਲਾਵੇ ਵਿਚ ਲੈਂਦੇ ਅਤੇ ਮਨੁੱਖ ਨੂੰ ਜੀਵਨ ਦੇ ਹਰ ਪਹਿਲੂ ਤੋਂ ਅਗਵਾਈ ਦਿੰਦੇ ਹਨ।
ਨਗਰ ਕੀਰਤਨ ਸਮੇਂ ਸਿੱਖ ਨੌਜੁਆਨਾਂ ਨੇ ਗਤਕਾ ਪ੍ਰਦਰਸ਼ਨ ਕੀਤਾ ਅਤੇ ਸ਼ਬਦੀ ਜੱਥਿਆਂ ਨੇ ਸ਼ਬਦ ਗਾਇਨ ਕਰਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ। ਇਸੇ ਦੌਰਾਨ ਵੱਖ-ਵੱਖ ਥਾਵਾਂ ’ਤੇ ਸ਼ਰਧਾਲੂਆਂ ਵੱਲੋਂ ਵੱਖ-ਵੱਖ ਪਕਵਾਨਾਂ ਦੇ ਲੰਗਰ ਵੀ ਲਗਾਏ ਗਏ। ਨਗਰ ਕੀਰਤਨ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ, ਸੀਨੀਅਰ ਮੀਤ ਪ੍ਰਧਾਨ ਸ. ਸੁਰਜੀਤ ਸਿੰਘ ਭਿੱਟੇਵੱਡ, ਜਨਰਲ ਸਕੱਤਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ, ਸ਼੍ਰੋਮਣੀ ਕਮੇਟੀ ਦੇ ਅੰਤਿ੍ਰੰਗ ਮੈਂਬਰ ਸ. ਬਲਦੇਵ ਸਿੰਘ ਚੂੰਘਾਂ, ਸ. ਸਤਵਿੰਦਰ ਸਿੰਘ ਟੌਹੜਾ, ਸ. ਅਜਮੇਰ ਸਿੰਘ ਖੇੜਾ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ, ਭਾਈ ਮਨਜੀਤ ਸਿੰਘ ਭੂਰਾਕੋਹਨਾ, ਭਾਈ ਰਾਮ ਸਿੰਘ, ਸ. ਗੁਰਚਰਨ ਸਿੰਘ ਗਰੇਵਾਲ, ਸ. ਮੰਗਵਿੰਦਰ ਸਿੰਘ ਖਾਪੜਖੇੜੀ ਅਤੇ ਹੋਰ ਕਮੇਟੀ ਮੈਂਬਰਾਂ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਰੀ ਭਰੀ।
ਸੁੰਦਰ ਜਲੌ ਅਤੇ ਫੁੱਲਾਂ ਦੀ ਸਜਾਵਟ ਬਣੀ ਖਿੱਚ ਦਾ ਕੇਂਦਰ
ਪਹਿਲੇ ਪ੍ਰਕਾਸ਼ ਦਿਹਾੜੇ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਬਾਬਾ ਅਟੱਲ ਰਾਇ ਸਾਹਿਬ ਵਿਖੇ ਅਲੌਕਿਕ ਜਲੌ ਸਜਾਏ ਗਏ। ਇਸ ਤੋਂ ਇਲਾਵਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਕੀਤੀ ਗਈ ਫੁੱਲਾਂ ਦੀ ਸਜਾਵਟ ਵੀ ਮਨਮੋਹਕ ਦਿ੍ਰਸ਼ ਪੇਸ਼ ਕਰ ਰਹੀ ਸੀ।¿;
********************************************¿;

Share