#CANADA

ਹਰਦੀਪ ਸਿੰਘ ਨਿੱਝਰ ਕਤਲ ਮਾਮਲੇ ਨੂੰ ਲੈ ਕੇ ਭਾਰਤ ਤੇ ਕੈਨੇਡਾ ਵਿਚਾਲੇ ਵਿਵਾਦ ਭਖਿਆ

– ਟਰੂਡੋ ਨੇ ਕਿਹਾ: ਅਸੀਂ ਭਾਰਤ ਨੂੰ ਉਕਸਾ ਨਹੀਂ ਰਹੇ; ਭਾਰਤ ਨੂੰ ਮਾਮਲੇ ਨੂੰ ਗੰਭੀਰਤਾ ਨਾਲ ਲੈਣ ਦੀ ਲੋੜ
– ਟਰੂਡੋ ਨੇ ਨਿੱਝਰ ਦੇ ਕਤਲ ਤੇ ਭਾਰਤ ਸਰਕਾਰ ਦੇ ਏਜੰਟਾਂ ਵਿਚਕਾਰ ਸੰਭਾਵੀ ਸਬੰਧ ਹੋਣ ਦਾ ਕੀਤਾ ਸੀ ਦਾਅਵਾ
– ਨਿੱਝਰ ਦੀ ਹੱਤਿਆ ਬਾਰੇ ਦਾਅਵੇ ਮਗਰੋਂ ਭਾਰਤ ਸਰਕਾਰ ਵੱਲੋਂ ਕੈਨੇਡੀਅਨ ਡਿਪਲੋਮੈਟ ਨੂੰ ਦੇਸ਼ ਛੱਡਣ ਦਾ ਹੁਕਮ
ਟੋਰਾਂਟੋ, 20 ਸਤੰਬਰ (ਪੰਜਾਬ ਮੇਲ)- ਖਾਲਿਸਤਾਨ ਸਮਰਥਕ ਹਰਦੀਪ ਸਿੰਘ ਨਿੱਝਰ ਦੇ ਕਤਲ ਨੂੰ ਲੈ ਕੇ ਭਾਰਤ ਅਤੇ ਕੈਨੇਡਾ ਵਿਚਾਲੇ ਵਿਵਾਦ ਵਧ ਗਿਆ ਹੈ। ਕੈਨੇਡਾ ਦੀ ਕਾਰਵਾਈ ਤੋਂ ਬਾਅਦ ਭਾਰਤ ਨੇ ਵੀ ਜਵਾਬ ਦਿੱਤਾ ਹੈ। ਇਸ ਦੌਰਾਨ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਮੰਗਲਵਾਰ (19 ਸਤੰਬਰ) ਨੂੰ ਕਿਹਾ ਕਿ ਅਸੀਂ ਭਾਰਤ ਨੂੰ ਉਕਸਾਉਣ ਦੀ ਕੋਸ਼ਿਸ਼ ਨਹੀਂ ਕਰ ਰਹੇ, ਪਰ ਓਟਾਵਾ (ਕੈਨੇਡਾ ਦੀ ਰਾਜਧਾਨੀ) ਚਾਹੁੰਦਾ ਹੈ ਕਿ ਨਵੀਂ ਦਿੱਲੀ ਇਸ ਮੁੱਦੇ ਨੂੰ ਸਹੀ ਢੰਗ ਨਾਲ ਨਜਿੱਠੇ। ਟਰੂਡੋ ਨੇ ਕਿਹਾ, ”ਭਾਰਤ ਸਰਕਾਰ ਨੂੰ ਇਸ ਮਾਮਲੇ ਨੂੰ ਬਹੁਤ ਗੰਭੀਰਤਾ ਨਾਲ ਲੈਣ ਦੀ ਲੋੜ ਹੈ।” ਅਸੀਂ ਵੀ ਅਜਿਹਾ ਹੀ ਕਰ ਰਹੇ ਹਾਂ। ਅਸੀਂ ਇਸ ਨੂੰ ਉਕਸਾਉਣ ਜਾਂ ਵਧਾਉਣ ਦੀ ਕੋਸ਼ਿਸ਼ ਨਹੀਂ ਕਰ ਰਹੇ ਹਾਂ।” ਟਰੂਡੋ ਨੇ ਨਿੱਝਰ ਦੇ ਕਤਲ ਅਤੇ ਭਾਰਤ ਸਰਕਾਰ ਦੇ ਏਜੰਟਾਂ ਵਿਚਕਾਰ ਸੰਭਾਵੀ ਸਬੰਧ ਹੋਣ ਦਾ ਦਾਅਵਾ ਕੀਤਾ ਹੈ। ਦਰਅਸਲ, ਇਲਜ਼ਾਮ ਲਗਾਉਣ ਦੇ ਨਾਲ ਹੀ ਕੈਨੇਡਾ ਨੇ ਇੱਕ ਸੀਨੀਅਰ ਭਾਰਤੀ ਡਿਪਲੋਮੈਟ ਨੂੰ ਕੱਢ ਕੇ ਕਾਰਵਾਈ ਕੀਤੀ ਸੀ। ਕੁਝ ਘੰਟਿਆਂ ਬਾਅਦ ਭਾਰਤ ਨੇ ਵੀ ਕਾਰਵਾਈ ਕਰਦੇ ਹੋਏ ਕੈਨੇਡੀਅਨ ਡਿਪਲੋਮੈਟ ਨੂੰ ਬਾਹਰ ਕੱਢ ਦਿੱਤਾ। ਭਾਰਤ ਵਿਚ ਕੈਨੇਡਾ ਦੇ ਹਾਈ ਕਮਿਸ਼ਨਰ ਕੈਮਰਨ ਮੈਕੇ ਨੂੰ ਵਿਦੇਸ਼ ਮੰਤਰਾਲੇ ਨੇ ਤਲਬ ਕੀਤਾ ਅਤੇ ਸੀਨੀਅਰ ਕੈਨੇਡੀਅਨ ਡਿਪਲੋਮੈਟ ਨੂੰ ਕੱਢਣ ਦੇ ਫੈਸਲੇ ਬਾਰੇ ਜਾਣਕਾਰੀ ਦਿੱਤੀ। ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਇਹ ਕਦਮ ”ਸਾਡੇ ਅੰਦਰੂਨੀ ਮਾਮਲਿਆਂ ਵਿਚ ਕੈਨੇਡੀਅਨ ਡਿਪਲੋਮੈਟਾਂ ਦੀ ਦਖਲਅੰਦਾਜ਼ੀ ਅਤੇ ਭਾਰਤ ਵਿਰੋਧੀ ਗਤੀਵਿਧੀਆਂ ਵਿਚ ਉਨ੍ਹਾਂ ਦੀ ਸ਼ਮੂਲੀਅਤ” ਨੂੰ ਲੈ ਕੇ ਭਾਰਤ ਦੀ ਵਧਦੀ ਚਿੰਤਾ ਨੂੰ ਦਰਸਾਉਂਦਾ ਹੈ। ਵਿਦੇਸ਼ ਮੰਤਰਾਲੇ ਨੇ ਟਰੂਡੋ ਅਤੇ ਉਨ੍ਹਾਂ ਦੇ ਵਿਦੇਸ਼ ਮੰਤਰੀ ਦੇ ਬਿਆਨਾਂ ‘ਤੇ ਸਖ਼ਤ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਅਜਿਹੇ ਬੇਬੁਨਿਆਦ ਦੋਸ਼ ਖਾਲਿਸਤਾਨੀ ਅੱਤਵਾਦੀਆਂ ਅਤੇ ਕੱਟੜਪੰਥੀਆਂ ਤੋਂ ਧਿਆਨ ਹਟਾਉਣ ਦੀ ਕੋਸ਼ਿਸ਼ ਹੈ, ਜਿਨ੍ਹਾਂ ਨੂੰ ਕੈਨੇਡਾ ‘ਚ ਪਨਾਹ ਦਿੱਤੀ ਗਈ ਹੈ ਅਤੇ ਇਹ ਭਾਰਤ ਦੀ ਪ੍ਰਭੂਸੱਤਾ ਅਤੇ ਖੇਤਰੀ ਅਖੰਡਤਾ ਲਈ ਖਤਰਾ ਹਨ। ਖ਼ਤਰਾ ਬਣਿਆ ਰਹਿੰਦਾ ਹੈ।
ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਪਿੱਛੇ ਭਾਰਤੀ ਏਜੰਸੀਆਂ ਦੇ ਹੱਥ ਬਾਰੇ ਦਾਅਵਾ ਕਰਨ ਮਗਰੋਂ ਭਾਰਤ ਨੇ ਵੱਡਾ ਐਕਸ਼ਨ ਲਿਆ ਹੈ। ਭਾਰਤ ਨੇ ਇੱਕ ਕੈਨੇਡੀਅਨ ਡਿਪਲੋਮੈਟ ਨੂੰ ਦੇਸ਼ ਵਿਚ ਕੱਢ ਦਿੱਤਾ ਹੈ। ਭਾਰਤੀ ਵਿਦੇਸ਼ ਮੰਤਰਾਲੇ ਨੇ ਕਿਹਾ ਹੈ ਕਿ, ”ਭਾਰਤ ਵਿਚ ਕੈਨੇਡਾ ਦੇ ਹਾਈ ਕਮਿਸ਼ਨਰ ਨੂੰ ਤਲਬ ਕੀਤਾ ਗਿਆ ਤੇ ਭਾਰਤ ਵਿਚ ਸਥਿਤ ਇੱਕ ਸੀਨੀਅਰ ਕੈਨੇਡੀਅਨ ਡਿਪਲੋਮੈਟ ਨੂੰ ਕੱਢਣ ਦੇ ਭਾਰਤ ਸਰਕਾਰ ਦੇ ਫੈਸਲੇ ਬਾਰੇ ਜਾਣਕਾਰੀ ਦਿੱਤੀ ਗਈ। ਸਬੰਧਤ ਡਿਪਲੋਮੈਟ ਨੂੰ ਅਗਲੇ ਪੰਜ ਦਿਨਾਂ ਵਿਚ ਭਾਰਤ ਛੱਡਣ ਲਈ ਕਿਹਾ ਗਿਆ ਹੈ। ਇਹ ਫੈਸਲਾ ਸਾਡੇ ਅੰਦਰੂਨੀ ਮਾਮਲਿਆਂ ਵਿਚ ਕੈਨੇਡੀਅਨ ਡਿਪਲੋਮੈਟਾਂ ਦੀ ਦਖਲਅੰਦਾਜ਼ੀ ਤੇ ਭਾਰਤ ਵਿਰੋਧੀ ਗਤੀਵਿਧੀਆਂ ਵਿਚ ਉਨ੍ਹਾਂ ਦੀ ਸ਼ਮੂਲੀਅਤ ‘ਤੇ ਭਾਰਤ ਸਰਕਾਰ ਦੀ ਵਧ ਰਹੀ ਚਿੰਤਾ ਨੂੰ ਦਰਸਾਉਂਦਾ ਹੈ।”
ਜ਼ਿਕਰਯੋਗ ਹੈ ਕਿ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਪਿੱਛੇ ਭਾਰਤੀ ਏਜੰਸੀਆਂ ਦੇ ਹੱਥ ਬਾਰੇ ਦਾਅਵਾ ਕਰਨ ਮਗਰੋਂ ਦੁਨੀਆਂ ਭਰ ਵਿਚ ਹਲਚਲ ਮੱਚ ਗਈ ਹੈ। ਉਧਰ, ਭਾਰਤੀ ਵਿਦੇਸ਼ ਮੰਤਰਾਲੇ ਨੇ ਕੈਨੇਡਾ ਨੂੰ ਸਖਤ ਜਵਾਬ ਦਿੱਤਾ ਹੈ। ਭਾਰਤੀ ਵਿਦੇਸ਼ ਮੰਤਰਾਲੇ ਨੇ ਕੈਨੇਡਾ ਦੇ ਦੋਸ਼ਾਂ ਨੂੰ ਬੇਤੁਕਾ ਤੇ ਪ੍ਰੇਰਿਤ ਕਰਾਰ ਦਿੱਤਾ ਹੈ। ਭਾਰਤ ਨੇ ਕਿਹਾ ਹੈ ਕਿ ਅਜਿਹੇ ਦੋਸ਼ ਸਿਰਫ ਉਨ੍ਹਾਂ ਖਾਲਿਸਤਾਨੀ ਅੱਤਵਾਦੀਆਂ ਤੇ ਕੱਟੜਪੰਥੀਆਂ ਤੋਂ ਧਿਆਨ ਹਟਾਉਣ ਲਈ ਹਨ, ਜਿਨ੍ਹਾਂ ਨੂੰ ਲੰਬੇ ਸਮੇਂ ਤੋਂ ਕੈਨੇਡਾ ਵਿਚ ਸ਼ਰਨ ਦਿੱਤੀ ਗਈ ਹੈ ਤੇ ਜੋ ਭਾਰਤ ਦੀ ਖੇਤਰੀ ਏਕਤਾ ਤੇ ਅਖੰਡਤਾ ਲਈ ਲਗਾਤਾਰ ਖਤਰਾ ਬਣੇ ਹੋਏ ਹਨ। ਭਾਰਤੀ ਵਿਦੇਸ਼ ਮੰਤਰਾਲੇ ਵੱਲੋਂ ਜਾਰੀ ਬਿਆਨ ਵਿਚ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੇ ਉਸ ਬਿਆਨ ਦਾ ਸਿੱਧਾ ਖੰਡਨ ਕੀਤਾ ਗਿਆ ਹੈ, ਜਿਸ ਵਿਚ ਟਰੂਡੋ ਨੇ ਸੰਸਦ ਵਿਚ ਬੋਲਦਿਆਂ ਨਿੱਝਰ ਦੇ ਕਤਲ ਨੂੰ ਭਾਰਤ ਨਾਲ ਜੋੜਿਆ ਸੀ। ਇਸ ਤੋਂ ਇਲਾਵਾ ਵਿਦੇਸ਼ ਮੰਤਰੀ ਮੇਲਾਨੀਆ ਜੌਲੀ ਦੇ ਬਿਆਨ ਦੀ ਵੀ ਆਲੋਚਨਾ ਕੀਤੀ ਗਈ ਹੈ।

ਕੈਨੇਡਾ ਕਰ ਸਕਦੈ ਭਾਰਤੀ ਪੁਲਿਸ ਅਧਿਕਾਰੀਆਂ ਦੇ ਵਿਜ਼ਟਰ ਵੀਜ਼ੇ ਰੱਦ!
ਕੈਨੇਡਾ ਦੀ ਪਾਰਲੀਮੈਂਟ ਵਿਚ ਪ੍ਰਧਾਨ ਮੰਤਰੀ ਟਰੂਡੋ ਵੱਲੋਂ ਹਰਦੀਪ ਸਿੰਘ ਨਿੱਝਰ ਦੇ ਕਤਲ ਨੂੰ ਲੈ ਕੇ ਦਿੱਤੇ ਬਿਆਨ ਤੋਂ ਬਾਅਦ ਕੈਨੇਡਾ ਸਖਤੀ ਕਰਨ ਦੇ ਰੌਂਅ ਵਿਚ ਹੈ। ਮਿਲੀ ਜਾਣਕਾਰੀ ਅਨੁਸਾਰ ਹੋ ਸਕਦਾ ਹੈ ਕਿ ਹੁਣ ਕੈਨੇਡਾ ਭਾਰਤੀ ਪੁਲਿਸ ਅਧਿਕਾਰੀਆਂ ਦੇ ਵਿਜ਼ਟਰ ਵੀਜ਼ੇ ਰੱਦ ਕਰ ਦੇਵੇ। ਜ਼ਿਕਰਯੋਗ ਹੈ ਕਿ ਇਸ ਵਕਤ ਭਾਰੀ ਗਿਣਤੀ ਵਿਚ ਭਾਰਤੀ ਪੁਲਿਸ ਅਧਿਕਾਰੀਆਂ ਕੋਲ ਕੈਨੇਡਾ ਦੇ ਵੀਜ਼ੇ ਹਨ।

Leave a comment