#CANADA

Canada : ਹਰਦੀਪ ਸਿੰਘ ਨਿੱਝਰ ਦੇ ਕਾਤਲਾਂ ਦੀ ਜਲਦੀ ਹੀ ਗ੍ਰਿਫ਼ਤਾਰੀ ਹੋ ਸਕਦੀ ਹੈ ਗ੍ਰਿਫ਼ਤਾਰੀ!

ਕੈਨੇਡਾ, 28 ਦਸੰਬਰ (ਪੰਜਾਬ ਮੇਲ)-  ਕੈਨੇਡਾ ‘ਚ ਖ਼ਾਲਿਸਤਾਨੀ ਆਗੂ ਹਰਦੀਪ ਸਿੰਘ ਨਿੱਝਰ ਦੇ ਕਤਲ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਸੂਤਰਾਂ ਮੁਤਾਬਕ ਹਰਦੀਪ ਸਿੰਘ ਨਿੱਝਰ ਦੇ ਕਾਤਲਾਂ ਦੀ ਜਲਦੀ ਹੀ ਗ੍ਰਿਫ਼ਤਾਰੀ ਹੋ ਸਕਦੀ ਹੈ। ਹਰਦੀਪ ਸਿੰਘ ਨਿੱਝਰ ਦਾ ਬੀਤੀ 18 ਜੂਨ ਨੂੰ ਸਰੀ ‘ਚ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ।

ਸੂਤਰਾਂ ਦਾ ਕਹਿਣਾ ਹੈ ਕਿ ਹਰਦੀਪ ਸਿੰਘ ਨਿੱਝਰ ਦੇ ਕਾਤਲ ਕੈਨੇਡਾ ਵਿਚ ਹੀ ਮੌਜੂਦ ਹਨ। ਰਾਇਲ ਕੈਨੇਡੀਅਨ ਮਾਊਂਟਡ ਪੁਲਸ (RCMP) ਵੱਲੋਂ ਲਗਾਤਾਰ ਉਨ੍ਹਾਂ ‘ਤੇ ਨਜ਼ਰ ਰੱਖੀ ਜਾ ਰਹੀ ਹੈ ਤੇ ਆਉਣ ਵਾਲੇ ਕੁਝ ਹਫ਼ਤਿਆਂ ਵਿਚ ਹੀ ਉਨ੍ਹਾਂ ਦੀ ਗ੍ਰਿਫ਼ਤਾਰੀ ਕੀਤੀ ਜਾ ਸਕਦੀ ਹੈ। ਸੂਤਰਾਂ ਮੁਤਾਬਕ ਹਰਦੀਪ ਸਿੰਘ ਨਿੱਝਰ ਨੂੰ ਗੋਲ਼ੀਆਂ ਮਾਰਨ ਵਾਲੇ ਕੈਨੇਡਾ ਛੱਡ ਕੇ ਕਿੱਧਰੇ ਨਹੀਂ ਗਏ ਅਤੇ RCMP ਵੱਲੋਂ ਪਿਛਲੇ ਕੁਝ ਮਹੀਨਿਆਂ ਤੋਂ ਉਨ੍ਹਾਂ ‘ਤੇ ਨਿਗਾਹ ਰੱਖੀ ਜਾ ਰਹੀ ਹੈ। ਆਉਣ ਵਾਲੇ ਦਿਨਾਂ ‘ਚ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਸਕਦਾ ਹੈ।

ਹਰਦੀਪ ਸਿੰਘ ਨਿੱਝਰ ਕਤਲਕਾਂਡ ਨੂੰ ਲੈ ਕੇ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਭਾਰਤ ‘ਤੇ ਦੋਸ਼ ਲਗਾਏ ਸਨ। ਸਿਤੰਬਰ ਵਿਚ ਟਰੂਡੋ ਨੇ ਦੇਸ਼ ਦੀ ਪਾਰਲੀਮੈਂਟ ਵਿਚ ਖੜ ਕੇ ਕਿਹਾ ਸੀ ਕਿ ਹਰਦੀਪ ਸਿੰਘ ਨਿੱਝਰ ਦੇ ਕਤਲ ਵਿਚ ਭਾਰਤੀ ਏਜੰਟ ਦਾ ਹੱਥ ਹੈ। ਹਾਲਾਂਕਿ ਭਾਰਤ ਨੇ ਇਨ੍ਹਾਂ ਦੋਸ਼ਾਂ ਨੂੰ ਸਿਰੇ ਤੋਂ ਨਕਾਰ ਦਿੱਤਾ ਸੀ। ਇਸ ਤੋਂ ਪਹਿਲਾਂ ਭਾਰਤ ਵੱਲੋਂ ਹਰਦੀਪ ਸਿੰਘ ਨਿੱਝਰ ਨੂੰ ਅੱਤਵਾਦੀ ਐਲਾਨਿਆ ਗਿਆ ਸੀ।