#PUNJAB

ਹਰਿਆਣਾ ਚੋਣਾਂ: ਮੁੱਖ ਮੰਤਰੀ ਸੈਣੀ ਵੱਲੋਂ ਡੇਰਾ ਸਿਰਸਾ ਮੁਖੀ ਦੀ 20-ਰੋਜ਼ਾ ਪੈਰੋਲ ਮਨਜ਼ੂਰ

2017 ‘ਚ ਦੋਸ਼ੀ ਠਹਿਰਾਏ ਜਾਣ ਪਿੱਛੋਂ 11ਵੀਂ ਵਾਰ ਜੇਲ੍ਹ ਤੋਂ ਬਾਹਰ ਆਵੇਗਾ ਡੇਰਾ ਮੁਖੀ
ਚੰਡੀਗੜ੍ਹ, 1 ਅਕਤੂਬਰ (ਪੰਜਾਬ ਮੇਲ)- ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਮੰਗਲਵਾਰ ਨੂੰ ਜਬਰ ਜਨਾਹ ਤੇ ਕਤਲ ਦੇ ਦੋਸ਼ ਤਹਿਤ ਕੈਦ ਦੀ ਸਜ਼ਾ ਕੱਟ ਰਹੇ ਡੇਰਾ ਸਿਰਸਾ ਮੁਖੀ ਗੁਰੀਮਤ ਰਾਮ ਰਹੀਮ ਦੀ 20 ਦਿਨਾਂ ਲਈ ਪੈਰੋਲ ਉਤੇ ਰਿਹਾਈ ਦੀ ਅਰਜ਼ੀ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਹ ਅਰਜ਼ੀ ਅਗਲੀ ਕਾਰਵਾਈ ਲਈ ਰੋਹਤਕ ਦੇ ਡਿਵੀਜ਼ਨਲ ਕਮਿਸ਼ਨਰ ਨੂੰ ਭੇਜ ਦਿੱਤੀ ਗਈ ਹੈ।
ਸੂਤਰਾਂ ਨੇ ਦੱਸਿਆ ਕਿ ਮੁੱਖ ਮੰਤਰੀ ਨੇ ਡੇਰਾ ਸਿਰਸਾ ਮੁਖੀ ਦੀ ਪੈਰੋਲ ਉਤੇ ਰਿਹਾਈ ਦੀ ਅਰਜ਼ੀ ਮਨਜ਼ੂਰ ਕਰ ਕੇ ਜੇਲ੍ਹ ਵਿਭਾਗ ਨੂੰ ਭੇਜ ਦਿੱਤੀ ਹੈ, ਜਿਸ ਨੇ ਇਸ ਨੂੰ ਅਗਾਂਹ ਡਿਵੀਜ਼ਨਲ ਕਮਿਸ਼ਨਰ ਨੂੰ ਭੇਜ ਦਿੱਤਾ ਹੈ।
ਉਸ ਨੂੰ ਉੱਤਰ ਪ੍ਰਦੇਸ਼ ਦੇ ਬਾਗਪਤ ਜ਼ਿਲ੍ਹਾ ਪ੍ਰਸ਼ਾਸਨ ਤੋਂ ਲੋੜੀਂਦੀ ਮਨਜ਼ੂਰੀ ਮਿਲਣ ਤੋਂ ਬਾਅਦ ਜੇਲ੍ਹ ਤੋਂ ਰਿਹਾਅ ਕਰ ਦਿੱਤਾ ਜਾਵੇਗਾ। ਦੱਸਣਯੋਗ ਹੈ ਕਿ ਡੇਰਾ ਮੁਖੀ ਨੇ ਆਪਣੀ ਪੈਰੋਲ ਦੌਰਾਨ ਬਾਗਪਤ ਜ਼ਿਲ੍ਹੇ ਵਿਚਲੇ ਡੇਰੇ ਵਿਚ ਰਹਿਣਾ ਹੈ।
ਦੱਸਣਯੋਗ ਹੈ ਕਿ ਚੋਣ ਕਮਿਸ਼ਨਰ ਨੇ ਹਰਿਆਣਾ ਵਿਚ 5 ਅਕਤੂਬਰ ਨੂੰ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸੂਬਾ ਸਰਕਾਰ ਨੂੰ ਡੇਰਾ ਮੁਖੀ ਦੀ ਪੈਰੋਲ ਅਰਜ਼ੀ ਉਤੇ ‘ਗ਼ੌਰ ਕਰਨ’ ਦੀ ਸੋਮਵਾਰ ਨੂੰ ਇਜਾਜ਼ਤ ਦੇ ਦਿੱਤੀ ਸੀ। ਡੇਰਾ ਮੁਖੀ ਨੂੰ 2017 ਵਿਚ ਬਲਾਤਕਾਰ ਤੇ ਕਤਲ ਦਾ ਦੋਸ਼ੀ ਕਰਾਰ ਦਿੰਦਿਆਂ ਅਦਾਲਤ ਨੇ 20 ਸਾਲ ਕੈਦ ਦੀ ਸਜ਼ਾ ਸੁਣਾਈ ਸੀ। ਉਦੋਂ ਤੋਂ ਇਹ 11ਵੀਂ ਵਾਰ ਹੈ, ਜਦੋਂ ਸਰਕਾਰ ਨੇ ਉਸ ਨੂੰ ਪੈਰੋਲ ਜਾਂ ਫਰਲੋ ਉਤੇ ਰਿਹਾਅ ਕੀਤਾ ਹੈ। ਇਸ ਸਜ਼ਾ ਤਹਿਤ ਉਹ ਰੋਹਤਕ ਦੀ ਸੁਨਾਰੀਆ ਜੇਲ੍ਹ ਵਿਚ ਬੰਦ ਹੈ।