ਹਰਿਆਣਾ ‘ਚ ਜਥੇਦਾਰ ਜਗਦੀਸ਼ ਸਿੰਘ ਝੀਂਡਾ ਦੀ ਅਗਵਾਈ ‘ਚ ਬਣੀ ਨਵੀਂ 41 ਮੈਂਬਰੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ

12
ਸ੍ਰੀ ਅਨੰਦਪੁਰ ਸਾਹਿਬ ਵਿਖੇ ਜਥੇਦਾਰ ਜਗਦੀਸ਼ ਸਿੰਘ ਝੀਂਡਾ ਪੱਤਰਕਾਰਾਂ ਨਾਲ ਗੱਲਬਾਤ ਕਰਨ ਮੌਕੇ ਆਏ ਸਾਥੀਆਂ ਨਾਲ।

ਚੰਡੀਗੜ੍ਹ, 25 ਜਨਵਰੀ (ਪੰਜਾਬ ਮੇਲ)- ਹਰਿਆਣਾ ‘ਚ ਪਿਛਲੇ ਦਿਨੀਂ ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧ ਨੂੰ ਲੈ ਕੇ ਹਰਿਆਣਾ ਸਰਕਾਰ ਵਲੋਂ ਗਠਿਤ ਕੀਤੀ 38 ਮੈਂਬਰੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਖ਼ਿਲਾਫ਼ ਪੈਦਾ ਹੋਏ ਵਿਰੋਧ ‘ਚੋਂ ਜਥੇਦਾਰ ਜਗਦੀਸ਼ ਸਿੰਘ ਝੀਂਡਾ ਦੀ ਅਗਵਾਈ ‘ਚ ਨਵੀਂ 41 ਮੈਂਬਰੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਹੋਂਦ ‘ਚ ਆ ਗਈ ਹੈ। ਨਵੀਂ ਕਮੇਟੀ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਮੀਟਿੰਗ ਕਰਨ ਉਪਰੰਤ ਇਸ ਕਮੇਟੀ ਨੂੰ ਥਾਪੜਾ ਵੀ ਦਿੱਤਾ। ਮੀਟਿੰਗ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਥੇਦਾਰ ਜਗਦੀਸ਼ ਸਿੰਘ ਝੀਂਡਾ ਨੇ ਕਿਹਾ ਕਿ ਕੋਈ ਵੀ ਸਿੱਖ ਇਹ ਨਹੀਂ ਚਾਹੁੰਦਾ ਕਿ ਸਿੱਖਾਂ ਦੇ ਗੁਰਧਾਮਾਂ ਦੇ ਪ੍ਰਬੰਧ ‘ਚ ਕੋਈ ਸਰਕਾਰ ਦਖ਼ਲਅੰਦਾਜ਼ੀ ਕਰੇ। ਉਨ੍ਹਾਂ ਨੇ ਵੀ ਇਸੇ ਵਿਰੋਧ ਦੇ ਚੱਲਦਿਆਂ ਸਰਕਾਰ ਵਲੋਂ ਬਣਾਈ 38 ਮੈਂਬਰੀ ਕਮੇਟੀ ਤੋਂ ਅਸਤੀਫ਼ਾ ਦੇ ਦਿੱਤਾ ਸੀ। ਜਥੇਦਾਰ ਝੀਂਡਾ ਨੇ ਦੋਸ਼ ਲਗਾਇਆ ਕਿ ਸਰਕਾਰ ਵਲੋਂ ਗਠਿਤ ਕਮੇਟੀ ‘ਚ ਬਹੁਗਿਣਤੀ ਮੈਂਬਰ ਆਰ.ਐੱਸ.ਐੱਸ. ਅਤੇ ਭਾਜਪਾ ਪੱਖੀ ਹਨ ਅਤੇ ਸਰਕਾਰ ਇਨ੍ਹਾਂ ਮੈਂਬਰਾਂ ਦੇ ਸਹਾਰੇ ਗੁਰਧਾਮਾਂ ‘ਤੇ ਕਬਜ਼ਾ ਕਰਨਾ ਚਾਹੁੰਦੀ ਹੈ। ਇਸੇ ਕਰਕੇ ਹਰਿਆਣਾ ਦੇ ਸਿੱਖਾਂ ‘ਚ ਸਰਕਾਰ ਵਲੋਂ ਬਣਾਈ ਕਮੇਟੀ ਪ੍ਰਤੀ ਭਾਰੀ ਰੋਸ ਹੈ। ਉਨ੍ਹਾਂ ਕਿਹਾ ਕਿ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਦਿੱਤੀ ਸੇਧ ਅਨੁਸਾਰ ਉਨ੍ਹਾਂ ਨੇ ਹਰਿਆਣਾ ਦੇ ਸਾਰੇ ਜ਼ਿਲ੍ਹਿਆਂ ‘ਚ ਸਿੱਖਾਂ ਨਾਲ ਰਾਬਤਾ ਬਣਾ ਕੇ ਅਤੇ ਸਮੂਹ ਸਿੱਖਾਂ ਦੀ ਰਾਏ ਨਾਲ ਸੰਗਤ ਦੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਬਣਾਈ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਜਥੇਦਾਰ ਸਾਹਿਬ ਨੂੰ ਬੇਨਤੀ ਕੀਤੀ ਕਿ ਸੰਗਤ ਵਲੋਂ ਬਣਾਈ 41 ਮੈਂਬਰੀ ਕਮੇਟੀ ਨੂੰ ਮਾਨਤਾ ਦਿੱਤੀ ਜਾਵੇ। ਉਨ੍ਹਾਂ ਹਰਿਆਣਾ ਸਰਕਾਰ ਤੋਂ ਮੰਗ ਕੀਤੀ ਕਿ ਸਰਕਾਰ ਆਪਣੀ ਕਮੇਟੀ ਨੂੰ ਭੰਗ ਕਰੇ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਪ੍ਰਸਤੀ ਵਾਲੀ ਕਮੇਟੀ ਨੂੰ ਮਾਨਤਾ ਦੇਵੇ।