ਹਰਿਆਣਾ ਵਿਧਾਨ ਸਭਾ ’ਚ ਚੰਡੀਗੜ੍ਹ ’ਤੇ ਹਰਿਆਣਾ ਦਾ ਹੱਕ ਹੋਣ ਬਾਰੇ ਪੇਸ਼ ਮਤਾ ਸਰਵਸੰਮਤੀ ਨਾਲ ਪਾਸ

219
-ਐੱਸ.ਵਾਈ.ਐੱਲ. ਜਲਦੀ ਬਣਾਉਣ ਅਤੇ ਹਿੰਦੀ ਭਾਸ਼ਾਈ ਇਲਾਕੇ ਹਰਿਆਣਾ ਨੂੰ ਦੇਣ ਸਬੰਧੀ ਪੇਸ਼ ਮਤਿਆਂ ’ਤੇ ਵੀ ਲਾਈ ਮੋਹਰ
ਚੰਡੀਗੜ੍ਹ, 5 ਅਪ੍ਰੈਲ (ਪੰਜਾਬ ਮੇਲ)- ਹਰਿਆਣਾ ਸਰਕਾਰ ਵੱਲੋਂ ਅੱਜ ਇਥੇ ਸੱਦੇ ਗਏ ਇਕ ਦਿਨਾਂ ਵਿਸ਼ੇਸ਼ ਸੈਸ਼ਨ ਵਿਚ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਵੱਲੋਂ ਚੰਡੀਗੜ੍ਹ ’ਤੇ ਹਰਿਆਣਾ ਦਾ ਹੱਕ ਹੋਣ ਬਾਰੇ ਪੇਸ਼ ਕੀਤੇ ਗਏ ਮਤੇ ਨੂੰ ਸਰਵਸੰਮਤੀ ਨਾਲ ਪਾਸ ਕਰ ਦਿੱਤਾ ਹੈ। ਹਰਿਆਣਾ ਦੇ ਸਾਰੇ ਵਿਧਾਇਕਾਂ ਵੱਲੋਂ ਐੱਸ.ਵਾਈ.ਐੱਲ. ਜਲਦੀ ਬਣਾਉਣ ਅਤੇ ਹਿੰਦੀ ਭਾਸ਼ਾਈ ਇਲਾਕੇ ਹਰਿਆਣਾ ਨੂੰ ਦੇਣ ਸਬੰਧੀ ਪੇਸ਼ ਮਤਿਆਂ ’ਤੇ ਵੀ ਮੋਹਰ ਲਗਾਈ ਗਈ। ਇਸ ਦੇ ਨਾਲ ਹੀ ਹਰਿਆਣਾ ਵਿਧਾਨ ਸਭਾ ਵਿਚ ਪੰਜਾਬ ਸਰਕਾਰ ਵੱਲੋਂ 1 ਅਪ੍ਰੈਲ 2022 ਨੂੰ ਵਿਧਾਨ ਸਭਾ ਸੈਸ਼ਨ ਵਿਚ ਪਾਸ ਕੀਤੇ ਗਏ ਮਤੇ ਦੀ ਨਿੰਦਾ ਕੀਤੀ ਗਈ। ਇਸ ਮੌਕੇ ਸੂਬੇ ਦੀਆਂ ਸਾਰੀਆਂ ਸਿਆਸੀ ਧਿਰਾਂ ਨੇ ਹਰਿਆਣਾ ਦੇ ਬੁਨਿਆਦੀ ਮਸਲਿਆਂ ਲਈ ਇਕਜੁੱਟਤਾ ਨਾਲ ਸਾਂਝੀ ਲੜਾਈ ਲੜਨ ਦਾ ਐਲਾਨ ਕੀਤਾ ਹੈ। ਸੈਸ਼ਨ ਦੀ ਸ਼ੁਰੂਆਤ ਵਿਚ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਤੇ ਵਿਰੋਧੀ ਧਿਰ ਦੇ ਆਗੂ ਭੁਪਿੰਦਰ ਸਿੰਘ ਹੁੱਡਾ ਨੇ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦਿੱਤੀ।