ਅੰਮ੍ਰਿਤਸਰ,23 ਜੂਨ (ਪੰਜਾਬ ਮੇਲ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਵੱਲੋਂ ਸ੍ਰੀ ਹਰਿਮੰਦਰ ਸਾਹਿਬ ਦੀ ਪਰਿਕਰਮਾ ਵਿੱਚ ਯੋਗ ਕਰਨ ਵਾਲੀ ਅਰਚਨਾ ਮਕਵਾਨਾ ਖ਼ਿਲਾਫ਼ ਸ਼ਿਕਾਇਤ ਦਰਜ ਕਰਵਾਏ ਜਾਣ ਤੋਂ ਇੱਕ ਦਿਨ ਬਾਅਦ ਕੋਤਵਾਲੀ ਪੁਲੀਸ ਨੇ ਉਸ ਖ਼ਿਲਾਫ਼ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ਵਿੱਚ ਐਫਆਈਆਰ ਦਰਜ ਕਰ ਲਈ ਹੈ। ਇਸ ਦੀ ਪੁਸ਼ਟੀ ਸਹਾਇਕ ਪੁਲੀਸ ਕਮਿਸ਼ਨਰ ਕੁਲਦੀਪ ਸਿੰਘ ਨੇ ਕੀਤੀ ਹੈ। ਉਨ੍ਹਾਂ ਦੱਸਿਆ ਕਿ ਪੁਲੀਸ ਨੇ ਦਰਬਾਰ ਸਾਹਿਬ ਸਮੂਹ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕੀਤੀ ਹੈ। ਅਰਚਨਾ ਨੇ ਪਾਵਨ ਅਸਥਾਨ ’ਤੇ ਮੱਥਾ ਟੇਕਿਆ ਨਹੀਂ। ਦਰਅਸਲ, ਇਹ ਸਭ ਪ੍ਰਚਾਰ ਲਈ ਕੀਤਾ ਗਿਆ ਜਾਪਦਾ ਹੈ। ਇਸ ਲਈ ਇੱਕ ਐਫਆਈਆਰ ਦਰਜ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਸ਼੍ਰੋਮਣੀ ਕਮੇਟੀ ਨੇ ਸੋਸ਼ਲ ਮੀਡੀਆ ਪੋਸਟ ਦਾ ਗੰਭੀਰ ਨੋਟਿਸ ਲਿਆ ਸੀ। ਉਨ੍ਹਾਂ ਹਰਿਮੰਦਰ ਸਾਹਿਬ ਸਮੂਹ ਵਿੱਚ ਯੋਗ ਕਰਨ ਦੀਆਂ ਤਸਵੀਰਾਂ ਵਾਇਰਲ ਹੋਣ ਤੋਂ ਬਾਅਦ ਪੁਲੀਸ ਕਮਿਸ਼ਨਰ ਨੂੰ ਐਫਆਈਆਰ ਦਰਜ ਕਰਨ ਦੀ ਸ਼ਿਕਾਇਤ ਦਰਜ ਕਰਵਾਈ ਸੀ।