#INDIA

ਹਰਿਮੰਦਰ ਸਾਹਿਬ ਤੋਂ ਬਾਅਦ ਪੰਚਕੂਲਾ ਸਥਿਤ ਗੁਰਦੁਆਰਾ ਨਾਢਾ ਸਾਹਿਬ ਤੋਂ ਗੁਰਬਾਣੀ ਕੀਰਤਨ ਦਾ ਹੋਵੇਗਾ ਸਿੱਧਾ ਪ੍ਰਸਾਰਨ

ਪੰਚਕੂਲਾ, 11 ਸਤੰਬਰ (ਪੰਜਾਬ ਮੇਲ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਵੱਲੋਂ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਦਾ ਪ੍ਰਸਾਰਨ ਆਪਣੇ ਯੂ-ਟਿਊਬ ਚੈਨਲ ‘ਤੇ ਸ਼ੁਰੂ ਕਰਨ ਤੋਂ ਬਾਅਦ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਲੈ ਅੱਜ ਤੋਂ ਪੰਚਕੂਲਾ ਦੇ ਗੁਰਦੁਆਰਾ ਨਾਢਾ ਸਾਹਿਬ ਤੋਂ ਰੋਜ਼ਾਨਾ ਦੁਨੀਆਂ ਭਰ ‘ਚ ਇਸ ਦਾ ਸਿੱਧਾ ਪ੍ਰਸਾਰਨ ਸ਼ੁਰੂ ਕਰ ਦਿੱਤਾ ਹੈ। ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਚ.ਐੱਸ.ਜੀ.ਐੱਮ.ਸੀ.) ਦੇ ਕਾਰਜਕਾਰੀ ਜਨਰਲ ਸਕੱਤਰ ਰਮਨੀਕ ਸਿੰਘ ਨੇ ਦੱਸਿਆ, ‘ਕਮੇਟੀ ਦਾ ਚਾਰਜ ਸੰਭਾਲਣ ਤੋਂ ਬਾਅਦ ਅਸੀਂ ਪਹਿਲਾ ਫੈਸਲਾ ਗੁਰਦੁਆਰਾ ਨਾਢਾ ਸਾਹਿਬ ਪੰਚਕੂਲਾ ਤੋਂ ਸਿੱਧਾ ਪ੍ਰਸਾਰਨ ਸ਼ੁਰੂ ਕਰਨ ਦਾ ਹੈ, ਜੋ ਸੋਮਵਾਰ ਤੋਂ ਸ਼ੁਰੂ ਹੋਇਆ ਹੈ। ਗੁਰਬਾਣੀ ਦਾ ਹੁਣ ਵਿਸ਼ਵ ਪੰਜਾਬੀ ਟੀ.ਵੀ. ਰਾਹੀਂ ਦੁਨੀਆਂ ਭਰ ਦੇ 63 ਦੇਸ਼ਾਂ ਵਿਚ ਤੜਕੇ 2.45 ਵਜੇ ਤੋਂ ਸਵੇਰੇ 8 ਵਜੇ ਤੱਕ ਸਿੱਧਾ ਪ੍ਰਸਾਰਨ ਕੀਤਾ ਜਾ ਰਿਹਾ ਹੈ ਅਤੇ ਇਹ ਸਾਰੇ ਪ੍ਰਮੁੱਖ ਪਲੇਟਫਾਰਮਾਂ ‘ਤੇ ਉਪਲਬਧ ਹੈ। ਗੁਰਬਾਣੀ ਦਾ ਪ੍ਰਸਾਰਨ ਕਮੇਟੀ ਦੇ ਸੋਸ਼ਲ ਮੀਡੀਆ ਪੇਜ ਅਤੇ ਯੂਟਿਊਬ ਚੈਨਲ ‘ਤੇ ਵੀ ਕੀਤਾ ਜਾਵੇਗਾ। ਹਾਲਾਂਕਿ ਅਧਿਕਾਰ ਐੱਚ.ਐੱਸ.ਜੀ.ਐੱਮ.ਸੀ. ਕੋਲ ਰਹਿਣਗੇ। ਇਸ ਤੋਂ ਪਹਿਲਾਂ ਸ਼੍ਰੋਮਣੀ ਕਮੇਟੀ ਨੇ ਗੁਰਬਾਣੀ ਦੇ ਸਿੱਧਾ ਪ੍ਰਸਾਰਨ ਲਈ 24 ਜੁਲਾਈ ਨੂੰ ‘ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ’ ਨਾਂ ਦਾ ਆਪਣਾ ਯੂ-ਟਿਊਬ ਚੈਨਲ ਸ਼ੁਰੂ ਕੀਤਾ ਸੀ।

Leave a comment