ਹਰ ਸਿੱਖ ਲਾਇਸੰਸ ਵਾਲਾ ਹਥਿਆਰ ਕਾਨੂੰਨੀ ਤੌਰ ‘ਤੇ ਆਪਣੇ ਕੋਲ ਰੱਖੇ : ਜਥੇਦਾਰ ਗਿਆਨੀ ਹਰਪ੍ਰੀਤ ਸਿੰਘ

37
Share

ਅੰਮ੍ਰਿਤਸਰ, 23 ਮਈ (ਪੰਜਾਬ ਮੇਲ)- ਮੀਰੀ-ਪੀਰੀ ਦੇ ਮਾਲਕ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਗੁਰਤਾਗੱਦੀ ਦਿਵਸ ਨੂੰ ਮਨਾਉਂਦੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਮੀਰੀ-ਪੀਰੀ ਦੇ ਮਾਲਕ ਨੇ ਸਿੱਖਾਂ ਨੂੰ ਹਮੇਸ਼ਾਂ ਹੀ ਜ਼ੁਲਮ ਦੀ ਰੱਖਿਆ ਲਈ ਸਮੇਂ ਦੇ ਹਾਣੀ ਬਣਨ ਲਈ ਤਿਆਰ-ਬਰ-ਤਿਆਰ ਰਹਿਣ ਦੀ ਸਿੱਖਿਆ ਦਿੱਤੀ ਸੀ। ਜਥੇਦਾਰ ਨੇ ਕਿਹਾ ਕਿ ਮੀਰੀ-ਪੀਰੀ ਦੇ ਮਾਲਕ ਸਾਹਿਬ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਨੇ ਮੁਗਲ ਸ਼ਾਸ਼ਕਾਂ ਵੱਲੋਂ ਕੀਤੇ ਜਾਂਦੇ ਜ਼ੁਲਮਾਂ ਦੇ ਖ਼ਿਲਾਫ਼ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਵਾਜ਼ ਬੁਲੰਦ ਕੀਤੀ। ਉਨ੍ਹਾਂ ਕਿਹਾ ਕਿ ਮੀਰੀ-ਪੀਰੀ ਦੇ ਮਾਲਕ ਨੇ ਸਿੱਖਾਂ ਨੂੰ ਘੋੜ ਸਵਾਰੀ, ਸ਼ਸਤਰ ਵਿੱਦਿਆ ਆਦਿ ਦੀ ਵੀ ਸਿਖਲਾਈ ਲੈ ਕੇ ਤਿਆਰ-ਬਰ-ਤਿਆਰ ਰਹਿਣ ਲਈ ਕਿਹਾ। ਜਥੇਦਾਰ ਨੇ ਕਿਹਾ ਕਿ ਹੁਣ ਹਰ ਸਿੱਖ ਨੂੰ ਸਮੇਂ ਦੇ ਹਾਣੀ ਬਣਨਾ ਚਾਹੀਦਾ ਹੈ ਅਤੇ ਜਿੱਥੇ ਤਲਵਾਰਬਾਜ਼ੀ, ਸ਼ਸਤਰ ਵਿੱਦਿਆ ਦੇ ਗੁਰ ਸਿੱਖਣ ਦੀ ਲੋੜ ਹੈ, ਉੱਥੇ ਹੀ ਅੱਜ ਸਮੇਂ ਦੇ ਹਾਣੀ ਹੁੰਦੇ ਹੋਏ ਹਰ ਸਿੱਖ ਲਾਇਸੰਸ ਵਾਲਾ ਹਥਿਆਰ ਕਾਨੂੰਨੀ ਤੌਰ ‘ਤੇ ਆਪਣੇ ਨਾਲ ਰੱਖੇ। ਜਥੇਦਾਰ ਨੇ ਕਿਹਾ ਕਿ ਆਉਣ ਵਾਲਾ ਸਮਾਂ ਬਹੁਤ ਹੀ ਮਾੜਾ ਹੈ, ਉਨ੍ਹਾਂ ਕਿਹਾ ਕਿ ਹਰ ਸਿੱਖ ਤੰਦਰੁਸਤ ਰਹੇ ਅਤੇ ਨਸ਼ਿਆਂ ਤੋਂ ਰਹਿਤ ਰਹੇ ਕਿਉਂਕਿ ਨਸ਼ਿਆਂ ਦੀ ਅਲਾਮਤ ਨਾਲ ਨੌਜਵਾਨੀ ਦਾ ਬਹੁਤ ਘਾਣ ਹੋ ਚੁੱਕਿਆ ਹੈ।


Share