ਹਰ ਹਾਲ ’ਚ ਪੰਜ ਸੂਬਿਆਂ ’ਚ ਹੋਣਗੀਆਂ ਚੋਣਾਂ : ਚੋਣ ਕਮਿਸ਼ਨ

224
Share

– ਪੰਜਾਬ, ਯੂ.ਪੀ., ਉਤਰਾਖੰਡ, ਗੋਆ ਤੇ ਮਨੀਪੁਰ ’ਚ ਹੋਣੀਆਂ ਹਨ ਚੋਣਾਂ; ਕਰੋਨਾ ਦੀ ਸਥਿਤੀ ਦਾ ਲਿਆ ਜਾਇਜ਼ਾ
– ਚੋਣ ਕਮਿਸ਼ਨ ਅਗਲੇ ਮਹੀਨੇ ਕਰ ਸਕਦੈ ਚੋਣਾਂ ਦੀਆਂ ਤਰੀਕਾਂ ਦਾ ਐਲਾਨ
ਨਵੀਂ ਦਿੱਲੀ, 29 ਦਸੰਬਰ (ਪੰਜਾਬ ਮੇਲ)- ਚੋਣ ਕਮਿਸ਼ਨ ਨੇ ਕੇਂਦਰੀ ਸਿਹਤ ਸਕੱਤਰ ਨਾਲ ਮੁਲਾਕਾਤ ਕੀਤੀ ਤੇ ਚੋਣਾਂ ਵਾਲੇ ਪੰਜ ਸੂਬਿਆਂ ਵਿਚ ਕਰੋਨਾ ਦੀ ਸਥਿਤੀ ਦਾ ਜਾਇਜ਼ਾ ਲਿਆ। ਕਮਿਸ਼ਨ ਨੇ ਆਈ.ਟੀ.ਬੀ.ਪੀ., ਬੀ.ਐੱਸ.ਐੱਫ. ਤੇ ਐੱਸ.ਐੱਸ.ਬੀ. ਦੇ ਚੋਟੀ ਦੇ ਅਧਿਕਾਰੀਆਂ ਨਾਲ ਵੀ ਮੁਲਾਕਾਤ ਕੀਤੀ ਤੇ ਚੋਣਾਂ ਵਾਲੇ ਸਰਹੱਦੀ ਸੂਬਿਆਂ ਵਿਚ ਸਖ਼ਤ ਨਿਗਰਾਨੀ ਕਰਨ ਉਤੇ ਜ਼ੋਰ ਦਿੱਤਾ। ਜ਼ਿਕਰਯੋਗ ਹੈ ਕਿ ਪੰਜਾਬ ਤੇ ਉੱਤਰਾਖੰਡ ਕੌਮਾਂਤਰੀ ਸਰਹੱਦ ਦੇ ਨਾਲ ਲੱਗਦੇ ਸੂਬੇ ਹਨ। ਸੂਤਰਾਂ ਮੁਤਾਬਕ ਸਿਹਤ ਸਕੱਤਰ ਰਾਜੇਸ਼ ਭੂਸ਼ਣ ਨੇ ਕਰੀਬ ਇਕ ਘੰਟਾ ਚੋਣ ਕਮਿਸ਼ਨ ਨੂੰ ਦੇਸ਼ ’ਚ ਕਰੋਨਾ ਦੀ ਸਥਿਤੀ ਬਾਰੇ ਜਾਣਕਾਰੀ ਦਿੱਤੀ। ਚੋਣਾਂ ਵਾਲੇ ਸੂਬਿਆਂ ਪੰਜਾਬ, ਯੂ.ਪੀ., ਉੱਤਰਾਖੰਡ, ਮਨੀਪੁਰ ਤੇ ਗੋਆ ਬਾਰੇ ਡੂੰਘਾਈ ਨਾਲ ਜਾਣਕਾਰੀ ਸਾਂਝੀ ਕੀਤੀ ਗਈ। ਪੰਜ ਸੂਬਿਆਂ ’ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੁਲਤਵੀ ਹੋਣ ਦੀ ਕੋਈ ਸੰਭਾਵਨਾ ਨਜ਼ਰ ਨਹੀਂ ਆ ਰਹੀ ਹੈ। ਚੋਣਾਂ ਵਾਲੇ ਸੂਬਿਆਂ ਵਿਚ ਓਮੀਕਰੋਨ ਦੇ ਫੈਲਣ ਬਾਰੇ ਵੀ ਸਿਹਤ ਸਕੱਤਰ ਭੂਸ਼ਣ ਨੇ ਕਮਿਸ਼ਨ ਨੂੰ ਜਾਣੂ ਕਰਾਇਆ। ਸਿਹਤ ਸਕੱਤਰ ਨੇ ਕਿਹਾ ਕਿ ਅਗਲੇ ਤਿੰਨ ਮਹੀਨਿਆਂ ਦੌਰਾਨ ਓਮੀਕਰੋਨ ਦੇ ਜ਼ਿਆਦਾ ਫੈਲਣ ਬਾਰੇ ਹਾਲੇ ਕੁਝ ਨਹੀਂ ਕਿਹਾ ਜਾ ਸਕਦਾ। ਉਨ੍ਹਾਂ ਮੀਟਿੰਗ ਵਿਚ ਦੱਸਿਆ ਕਿ ਕੇਸ ਜਿਸ ਪ੍ਰਤੀਸ਼ਤ ਨਾਲ ਹੁਣ ਵਧ ਰਹੇ ਹਨ, ਅਗਲੇ ਕੁਝ ਮਹੀਨਿਆਂ ਦੌਰਾਨ ਰੋਜ਼ਾਨਾ ਕੇਸਾਂ ’ਚ 25 ਪ੍ਰਤੀਸ਼ਤ ਤੱਕ ਦਾ ਵਾਧਾ ਦੇਖਿਆ ਜਾ ਸਕਦਾ ਹੈ। ਸਿਹਤ ਅਧਿਕਾਰੀਆਂ ਨੇ ਉਨ੍ਹਾਂ ਜ਼ਿਲ੍ਹਿਆਂ ਬਾਰੇ ਵੀ ਜਾਣਕਾਰੀ ਸਾਂਝੀ ਕੀਤੀ, ਜਿੱਥੇ ‘ਆਰ’ ਵੈਲਿਊ ਵਧੀ ਹੈ। ਇਕ ਅਧਿਕਾਰੀ ਨੇ ਕਿਹਾ ਕਿ ਇਹ ਬੈਠਕਾਂ ਜਾਣਕਾਰੀ ਇਕੱਤਰ ਕਰਨ ਲਈ ਸਨ। ਹੁਣ ਚੋਣ ਕਮਿਸ਼ਨ ਇਸ ਦੀ ਸਮੀਖਿਆ ਕਰ ਕੇ ਫ਼ੈਸਲਾ ਲਏਗਾ। ਸਿਹਤ ਸਕੱਤਰ ਨੇ ਕਮਿਸ਼ਨ ਨੂੰ ਕੋਵਿਡ ਨਾਲ ਜੁੜੀਆਂ ਤਾਜ਼ਾ ਹਦਾਇਤਾਂ ਬਾਰੇ ਵੀ ਦੱਸਿਆ। ਕਮਿਸ਼ਨ ਅਗਲੇ ਮਹੀਨੇ ਚੋਣਾਂ ਦੀਆਂ ਤਰੀਕਾਂ ਬਾਰੇ ਐਲਾਨ ਕਰ ਸਕਦਾ ਹੈ।

Share