ਹਾਈ ਕਰੋਟ ਨੇ ਸਾਬਕਾ ਡੀਜੀਪੀ ਸੁਮੇਧ ਸੈਣੀ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ‘ਤੇ ਸੁਣਵਾਈ ਤੋਂ ਝਾੜਿਆ ਪੱਲਾ

236
Share

ਐੱਸਏਐੱਸ ਨਗਰ (ਮੁਹਾਲੀ), 4 ਸੰਤਬਰ (ਪੰਜਾਬ ਮੇਲ)- ਪੰਜਾਬ ਦੇ ਸਾਬਕਾ ਆਈਏਐੱਸ ਅਧਿਕਾਰੀ ਦੇ ਬੇਟੇ ਅਤੇ ਸਿਟਕੋ ਦੇ ਜੂਨੀਅਰ ਇੰਜਨੀਅਰ (ਜੇਈ) ਬਲਵੰਤ ਸਿੰਘ ਮੁਲਤਾਨੀ ਨੂੰ 29 ਸਾਲ ਪਹਿਲਾਂ ਅਗਵਾ ਕਰਨ ਮਗਰੋਂ ਭੇਤਭਰੀ ਹਾਲਤ ਵਿੱਚ ਲਾਪਤਾ ਕਰਨ ਦੇ ਗੰਭੀਰ ਦੋਸ਼ਾਂ ਦਾ ਸਾਹਮਣਾ ਕਰ ਰਹੇ ਸੂਬੇ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ ਦੀਆਂ ਮੁਸ਼ਕਲਾਂ ਅੱਜ ਉਸ ਸਮੇਂ ਹੋਰ ਜ਼ਿਆਦਾ ਵਧ ਗਈਆਂ ਜਦੋਂ ਹਾਈ ਕਰੋਟ ਨੇ ਉਸ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ‘ਤੇ ਸੁਣਵਾਈ ਤੋਂ ਪੱਲਾ ਝਾੜ ਲਿਆ।

ਸੈਣੀ ਨੇ ਪਿਛਲੇ ਦਿਨੀਂ ਧਾਰਾ 302 ਵਿੱਚ ਅਗਾਊਂ ਜ਼ਮਾਨਤ ਲੈਣ ਲਈ ਪੰਜਾਬ ਤੇ ਹਰਿਆਣਾ ਹਾਈ ਕੋਰਟ ਦਾ ਬੂਹਾ ਖੜਕਾਇਆ ਸੀ ਅਤੇ ਸੁਣਵਾਈ ਲਈ ਇਹ ਕੇਸ ਹਾਈ ਕੋਰਟ ਦੇ ਜੱਜ ਜਸਟਿਸ ਸੁਬੀਰ ਸਹਿਗਲ ਦੀ ਅਦਾਲਤ ਵਿੱਚ ਲੱਗਿਆਂ ਸੀ ਪਰ ਅੱਜ ਅਚਾਨਕ ਜੱਜ ਨੇ ਸੈਣੀ ਕੇਸ ਤੋਂ ਖ਼ੁਦ ਨੂੰ ਵੱਖ ਕਰ ਲਿਆ ਹੈ। ਸਬੰਧਤ ਜੱਜ ਨੇ ਇਸ ਮਾਮਲੇ ਤੋਂ ਵੱਖ ਹੁੰਦਿਆਂ ਸੈਣੀ ਦੀ ਅਗਾਊਂ ਜ਼ਮਾਨਤ ਅਰਜ਼ੀ ਨੂੰ ਅਗਲੀ ਕਾਰਵਾਈ ਲਈ ਚੀਫ਼ ਜਸਟਿਸ ਕੋਲ ਭੇਜ ਦਿੱਤਾ ਹੈ। ਹੁਣ ਅਗਲੇ ਇਕ ਦੋ ਦਿਨਾਂ ਵਿੱਚ ਚੀਫ ਜਸਟਿਸ ਵੱਲੋਂ ਇਹ ਕੇਸ ਕਿਸੇ ਦੂਜੀ ਅਦਾਲਤ ਵਿੱਚ ਤਬਦੀਲ ਕੀਤਾ ਜਾਵੇਗਾ। ਇਸ ਤੋਂ ਪਹਿਲਾਂ ਵੀ ਹਾਈ ਕੋਰਟ ਦੇ ਜੱਜ ਨੇ ਮਟੌਰ ਥਾਣੇ ਵਿੱਚ ਸੈਣੀ ਖਿਲਾਫ਼ ਦਰਜ ਕੇਸ ਨੂੰ ਰੱਦ ਕਰਨ ਬਾਰੇ ਪਟੀਸ਼ਨ ‘ਤੇ ਸੁਣਵਾਈ ਕਰਨ ਤੋਂ ਖ਼ੁਦ ਨੂੰ ਅਲੱਗ ਕਰ ਲਿਆ ਸੀ। ਸਾਬਕਾ ਡੀਜੀਪੀ ਸੁਮੇਧ ਸੈਣੀ ਨੇ ਮੁਹਾਲੀ ਦੇ ਮਟੌਰ ਥਾਣੇ ਵਿੱਚ ਉਨ੍ਹਾਂ ਖ਼ਿਲਾਫ਼ ਦਰਜ ਅਪਰਾਧਿਕ ਕੇਸ ਨੂੰ ਰੱਦ ਕਰਵਾਉਣ ਲਈ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਗਈ ਸੀ।

ਉਧਰ ਸੁਮੇਧ ਸੈਣੀ ਆਪਣੀ ਗ੍ਰਿਫ਼ਤਾਰੀ ਦੇ ਡਰੋਂ ਜੈੱਡ ਪਲੱਸ ਸੁਰੱਖਿਆ ਛੱਡ ਕੇ ਅਚਾਨਕ ਰੂਪੋਸ਼ ਹੋ ਗਏ ਹਨ, ਜਿਸ ਨੂੰ ਅਦਾਲਤ ਦੇ ਹੁਕਮਾਂ ਦੀ ਉਲੰਘਣਾ ਮੰਨਿਆਂ ਜਾ ਰਿਹਾ ਹੈ। ਮੁਹਾਲੀ ਪੁਲੀਸ ਦੀਆਂ ਟੀਮਾਂ ਸੈਣੀ ਦੀ ਭਾਲ ਵਿੱਚ ਵੱਖ-ਵੱਖ ਥਾਵਾਂ ‘ਤੇ ਛਾਪੇ ਜਾਰੀ ਹਨ।


Share