ਚੰਡੀਗੜ੍ਹ, 29 ਜੁਲਾਈ (ਪੰਜਾਬ ਮੇਲ)- ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅਤੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਕੇਸ ਦੀ ਸੁਣਵਾਈ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਚ ਹੋਈ। ਖਡੂਰ ਸਾਹਿਬ ਤੋਂ ਸੰਸਦ ਮੈਂਬਰ ਨੇ ਆਪਣੇ ’ਤੇ ਐਨਐਸਏ ਤਹਿਤ ਆਇਦ ਦੋਸ਼ਾਂ ਨੂੰ ਚੁਣੌਤੀ ਦਿੱਤੀ ਹੋਈ ਹੈ। ਅਦਾਲਤ ਨੇ ਇਸ ਮਾਮਲੇ ਦੀ ਸੁਣਵਾਈ ਕਾਗਜ਼ਾਤ ਵਿਚ ਖਾਮੀਆਂ ਕਾਰਨ 31 ਜੁਲਾਈ ਤੱਕ ਟਾਲ ਦਿੱਤੀ ਹੈ। ਸਰਕਾਰੀ ਵਕੀਲ ਨੇ ਸੁਣਵਾਈ ਦੌਰਾਨ ਅੰਮ੍ਰਿਤਪਾਲ ਸਿੰਘ ਦੇ ਮਾਪਿਆਂ ਦੀ ਉਮਰ ਤੇ ਰਿਹਾਇਸ਼ ਸਬੰਧੀ ਗਲਤੀਆਂ ਬਾਰੇ ਦੱਸਿਆ ਜਿਸ ’ਤੇ ਅਦਾਲਤ ਨੇ ਗਲਤੀਆਂ ਦਰੁਸਤ ਕਰ ਕੇ ਲਿਆਉਣ ਲਈ ਕਿਹਾ। ਇਸ ਵੇਲੇ ਅੰਮ੍ਰਿਤਪਾਲ ਸਿੰਘ ਡਿਬਰੂਗੜ੍ਹ ਜੇਲ੍ਹ ਵਿਚ ਨਜ਼ਰਬੰਦ ਹੈ। ਦੂਜੇ ਪਾਸੇ ਅੰਮ੍ਰਿਤਪਾਲ ਸਿੰਘ ਦੇ ਵਕੀਲ ਨੇ ਜਾਣਕਾਰੀ ਦਰੁਸਤ ਕਰਨ ਲਈ ਸਮਾਂ ਮੰਗਿਆ ਹੈ।ਅੰਮ੍ਰਿਤਪਾਲ ਸਿੰਘ ਨੇ ਕੌਮੀ ਸੁਰੱਖਿਆ ਐਕਟ ਤਹਿਤ ਕੀਤੀਆਂ ਗਈਆਂ ਕਾਰਵਾਈਆਂ ਤੇ ਨਜ਼ਰਬੰਦੀ ਨੂੰ ਰੱਦ ਕਰਨ ਦੀ ਮੰਗ ਕੀਤੀ ਹੈ। ਉਸ ਨੇ ਮੰਗ ਕੀਤੀ ਹੈ ਕਿ ਇਸ ਸਬੰਧੀ ਅਦਾਲਤ ਨਿਰਦੇਸ਼ ਜਾਰੀ ਕਰੇ। ਪਟੀਸ਼ਨ ਵਿਚ ਅੰਮ੍ਰਿਤਪਾਲ ਸਿੰਘ ਨੇ ਕਿਹਾ ਕਿ ਐੱਨਐੱਸਏ ਤਹਿਤ ਉਸ ਦੀ ਨਜ਼ਰਬੰਦੀ ਗੈਰ-ਕਾਨੂੰਨੀ ਹੈ ਅਤੇ ਇਸ ਨੂੰ ਰੱਦ ਕੀਤਾ ਜਾਣਾ ਚਾਹੀਦਾ ਹੈ। ਉਸ ਨੇ ਕਿਹਾ ਕਿ ਉਸ ਨੂੰ ਪੰਜਾਬ ਤੋਂ ਦੂਰ ਨਜ਼ਰਬੰਦ ਕਰਕੇ ਉਸ ਦੇ ਜੀਵਨ ਅਤੇ ਆਜ਼ਾਦੀ ਦੇ ਅਧਿਕਾਰ ਨੂੰ ਪੂਰੀ ਤਰ੍ਹਾਂ ਖੋਹ ਲਿਆ ਗਿਆ ਹੈ।