#PUNJAB

ਹਾਈ ਕੋਰਟ ਨੇ ਫਰਲੋ ਮੰਗਣ ’ਤੇ ਡੇਰਾ ਮੁਖੀ ਨੂੰ ਪਾਈ ਝਾੜ

ਚੰਡੀਗੜ੍ਹ, 15 ਜੂਨ (ਪੰਜਾਬ ਮੇਲ)- ਡੇਰਾ ਸੱਚਾ ਸੌਦਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਨੇ ਪੰਜਾਬ ਤੇ ਹਰਿਆਣਾ ਹਾਈ ਕੋਰਟ ’ਚ ਪਟੀਸ਼ਨ ਦਾਖ਼ਲ ਕਰ ਕੇ ਮੁੜ 21 ਦਿਨਾਂ ਦੀ ਫਰਲੋ ਮੰਗੀ ਹੈ। ਪਟੀਸ਼ਨ ’ਚ ਕਿਹਾ ਗਿਆ ਹੈ ਕਿ ਇਸੇ ਮਹੀਨੇ ਹੋਣ ਵਾਲੇ ਡੇਰੇ ਦੇ ਇਕ ਪ੍ਰੋਗਰਾਮ ’ਚ ਸ਼ਾਮਲ ਹੋਣਾ ਹੈ। ਜਸਟਿਸ ਵਿਨੋਦ ਐੱਸ. ਭਾਰਦਵਾਜ ਤੇ ਜਸਟਿਸ ਵਿਕਰਮ ਅਗਰਵਾਲ ਦੀ ਬੈਂਚ ਨੇ ਨਾਰਾਜ਼ਗੀ ਜ਼ਾਹਰ ਕਰਦਿਆਂ ਕਿਹਾ ਕਿ ਪਹਿਲਾਂ ਪ੍ਰੋਗਰਾਮ ਤੈਅ ਕਰ ਲੈਂਦੇ ਹੋ, ਫਿਰ ਅਦਾਲਤ ’ਚ ਪਟੀਸ਼ਨ ਦਾਖ਼ਲ ਕਰ ਕੇ ਇਸ ’ਚ ਸ਼ਾਮਲ ਹੋਣ ਲਈ ਦਬਾਅ ਪਾਉਂਦੇ ਹੋ। ਬੈਂਚ ਨੇ ਇਹ ਵੀ ਕਿਹਾ ਕਿ ਡੇਰੇ ਦੇ ਪ੍ਰੋਗਰਾਮ ਨੂੰ ਮੁਲਤਵੀ ਕਰ ਦਿਓ। ਹਰਿਆਣਾ ਸਰਕਾਰ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਨੋਟਿਸ ਜਾਰੀ ਕਰਨ ਤੋਂ ਬਾਅਦ ਸੁਣਵਾਈ 2 ਜੁਲਾਈ ਤੱਕ ਟਾਲ ਦਿੱਤੀ ਗਈ ਹੈ। ਇਸ ਮਾਮਲੇ ਦੀ ਅਗਲੀ ਸੁਣਵਾਈ ਛੁੱਟੀਆਂ ਤੋਂ ਬਾਅਦ ਕਾਰਜਕਾਰੀ ਚੀਫ ਜਸਟਿਸ ਦੀ ਅਦਾਲਤ ’ਚ ਹੋਵੇਗੀ। ਡੇਰਾ ਮੁਖੀ ਨੂੰ ਹੁਣ ਤੱਕ ਕੁੱਲ 9 ਵਾਰ ਪੈਰੋਲ ਤੇ ਫਰਲੋ ਮਿਲ ਚੁੱਕੀ ਹੈ। ਲੋਕ ਸਭਾ ਚੋਣਾਂ ਤੋਂ ਪਹਿਲਾਂ ਵੀ ਖ਼ੁਦ ਨੂੰ 21 ਦਿਨਾਂ ਦੀ ਫਰਲੋ ਦਾ ਹੱਕਦਾਰ ਦੱਸਦਿਆਂ ਫਰਲੋ ਮੰਗੀ ਸੀ ਪਰ ਹਾਈ ਕੋਰਟ ਨੇ ਇਜਾਜ਼ਤ ਨਹੀਂ ਸੀ ਦਿੱਤੀ। ਮੌਜੂਦਾ ਪਟੀਸ਼ਨ ’ਚ ਕਿਹਾ ਗਿਆ ਹੈ ਕਿ ਹਰਿਆਣਾ ਸਰਕਾਰ ਤੋਂ ਫਰਲੋ ਦੀ ਮੰਗ ਕੀਤੀ ਗਈ ਹੈ ਪਰ ਹਾਈ ਕੋਰਟ ਦੇ ਸਟੇਅ ਆਰਡਰ ਕਾਰਨ ਇਹ ਅਰਜ਼ੀ ਮਨਜ਼ੂਰ ਨਹੀਂ ਕੀਤੀ ਜਾ ਰਹੀ।  ਰਾਮ ਰਹੀਮ ਨੂੰ ਵਾਰ-ਵਾਰ ਪੈਰੋਲ ਤੇ ਫਰਲੋ ਮਿਲਣ ਖ਼ਿਲਾਫ਼ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਹਾਈ ਕੋਰਟ ’ਚ ਪਟੀਸ਼ਨ ਦਾਖ਼ਲ ਕੀਤੀ ਸੀ। ਇਸ ’ਤੇ ਹਾਈ ਕੋਰਟ ਨੇ ਹਰਿਆਣਾ ਸਰਕਾਰ ਨੂੰ ਨੋਟਿਸ ਜਾਰੀ ਕਰ ਕੇ ਜਵਾਬ ਮੰਗਿਆ ਸੀ। ਇਸ ਦੇ ਨਾਲ ਹੀ ਹੁਕਮ ਦਿੱਤਾ ਗਿਆ ਸੀ ਕਿ ਹਰਿਆਣਾ ਸਰਕਾਰ ਹਾਈ ਕੋਰਟ ਦੀ ਇਜਾਜ਼ਤ ਤੋਂ ਬਿਨਾਂ ਰਾਮ ਰਹੀਮ ਨੂੰ ਪੈਰੋਲ ਜਾਂ ਫਰਲੋ ਨਹੀਂ ਦੇਵੇਗੀ।