ਨਵੀਂ ਦਿੱਲੀ, 9 ਫਰਵਰੀ (ਪੰਜਾਬ ਮੇਲ)- ਅਡਾਨੀ ਸਮੂਹ ਦੀਆਂ ਕੰਪਨੀਆਂ ਬਾਰੇ ਹਿੰਡਨਬਰਗ ਰਿਸਰਚ ਰਿਪੋਰਟ ਦੀ ਅਦਾਲਤ ਦੀ ਨਿਗਰਾਨੀ ਹੇਠ ਜਾਂਚ ਦੀ ਮੰਗ ਕਰਨ ਵਾਲੀ ਪਟੀਸ਼ਨ ‘ਤੇ ਸੁਪਰੀਮ ਕੋਰਟ ਸੁਣਵਾਈ ਕਰਨ ਲਈ ਤਿਆਰ ਹੈ। ਸਰਵਉੱਚ ਅਦਾਲਤ ਇਸ ‘ਤੇ ਸ਼ੁੱਕਰਵਾਰ ਨੂੰ ਸੁਣਵਾਈ ਕਰੇਗੀ। ਪਟੀਸ਼ਨ ‘ਚ ਜਾਂਚ ਲਈ ਸੁਪਰੀਮ ਕੋਰਟ ਦੇ ਸੇਵਾਮੁਕਤ ਜੱਜ ਦੀ ਨਿਗਰਾਨੀ ਹੇਠ ਕਮੇਟੀ ਕਾਇਮ ਕਰਨ ਲਈ ਕੇਂਦਰ ਨੂੰ ਨਿਰਦੇਸ਼ ਦੇਣ ਦੀ ਮੰਗ ਕੀਤੀ ਗਈ ਹੈ। ਰਿਪੋਰਟ ‘ਚ ਕਾਰੋਬਾਰੀ ਸਮੂਹ ‘ਤੇ ਕਈ ਦੋਸ਼ ਲਗਾਏ ਗਏ ਹਨ। ਪਟੀਸ਼ਨ ਦਾਇਰ ਕਰਨ ਵਾਲੇ ਵਕੀਲ ਵਿਸ਼ਾਲ ਤਿਵਾੜੀ ਨੇ ਮਾਮਲੇ ਨੂੰ ਚੀਫ ਜਸਟਿਸ ਡੀਵਾਈ ਚੰਦਰਚੂੜ ਦੀ ਅਗਵਾਈ ਵਾਲੇ ਬੈਂਚ ਦੇ ਸਾਹਮਣੇ ਤੁਰੰਤ ਸੂਚੀਬੱਧ ਕਰਨ ਦੀ ਮੰਗ ਕੀਤੀ।