ਫ਼ਰੀਦਕੋਟ ਅਦਾਲਤ ਵੱਲੋਂ ਕੋਟਕਪੂਰਾ ਗੋਲੀਕਾਂਡ ਮੁਕੱਦਮੇ ਦੀ ਫ਼ਾਈਲ ਬੰਦ

125
ਪਰਮਰਾਜ ਸਿੰਘ ਉਮਰਾਨੰਗਲ, ਸੁਮੇਧ ਸੈਣੀ,
Share

-ਗੋਲੀਕਾਂਡ ’ਚ ਨਾਮਜ਼ਦ ਸੁਮੇਧ ਸੈਣੀ, ਉਮਰਾਨੰਗਲ ਸਮੇਤ 7 ਅਧਿਕਾਰੀਆਂ ਨੂੰ ਮਿਲੀ ਵੱਡੀ ਰਾਹਤ
ਫ਼ਰੀਦਕੋਟ, 28 ਅਪ੍ਰੈਲ (ਪੰਜਾਬ ਮੇਲ)- ਇੱਥੋਂ ਦੀ ਸ਼ੈਸ਼ਨ ਅਦਾਲਤ ਦੇ ਵਧੀਕ ਸ਼ੈਸ਼ਨ ਜੱਜ ਹਰਬੰਸ ਸਿੰਘ ਲੇਖੀ ਵਲੋਂ ਕੋਟਕਪੂਰਾ ਗੋਲੀਕਾਂਡ ਦੀ ਸੁਣਵਾਈ ਕਰਦੇ ਹੋਏ ਇਸ ਮੁਕੱਦਮੇ ਦੀ ਫ਼ਾਈਲ ਨੂੰ ਬੰਦ ਕਰ ਦਿੱਤਾ ਗਿਆ ਹੈ। ਕੋਟਕਪੂਰਾ ਗੋਲੀਕਾਂਡ ਦੀ ਵਿਸ਼ੇਸ਼ ਜਾਂਚ ਟੀਮ ਵਲੋਂ ਕੀਤੀ ਪੜਤਾਲ ਤੋਂ ਬਾਅਦ ਅਦਾਲਤ ’ਚ ਪੇਸ਼ ਕੀਤੇ ਗਏ ਚਲਾਨਾਂ ਨੂੰ ਰੱਦ ਕਰਨ ਦੇ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਫ਼ੈਸਲੇ ਦੇ ਜਨਤਕ ਹੋਣ ਤੋਂ ਬਾਅਦ ਇਹ ਫ਼ਰੀਦਕੋਟ ਦੀ ਅਦਾਲਤ ’ਚ ਪਹਿਲੀ ਸੁਣਵਾਈ ਸੀ। ਅਦਾਲਤ ਦੇ ਇਸ ਫ਼ੈਸਲੇ ਨਾਲ ਇਸ ਗੋਲੀਕਾਂਡ ’ਚ ਨਾਮਜ਼ਦ ਪੰਜਾਬ ਦੇ ਸਾਬਕਾ ਡੀ.ਜੀ.ਪੀ. ਸੁਮੇਧ ਸੈਣੀ ਤੇ ਆਈ.ਜੀ. ਪਰਮਰਾਜ ਸਿੰਘ ਉਮਰਾਨੰਗਲ ਸਮੇਤ 7 ਅਧਿਕਾਰੀਆਂ ਨੂੰ ਵੱਡੀ ਰਾਹਤ ਮਿਲੀ ਹੈ। ਪੰਜਾਬ ਤੇ ਹਰਿਆਣਾ ਹਾਈਕੋਰਟ ਨੇ 9 ਅਪ੍ਰੈਲ ਨੂੰ ਕੋਟਕਪੂਰਾ ਗੋਲੀਕਾਂਡ ’ਚ ਵਿਸ਼ੇਸ਼ ਜਾਂਚ ਟੀਮ ਵਲੋਂ ਤਿਆਰ ਕੀਤੀਆਂ ਚਾਰਜਸ਼ੀਟਾਂ ਨੂੰ ਰੱਦ ਕਰ ਦਿੱਤਾ ਸੀ ਤੇ 23 ਅਪ੍ਰੈਲ ਨੂੰ ਹਾਈਕੋਰਟ ਵਲੋਂ ਇਸ ਸਬੰਧੀ 89 ਪੇਜਾਂ ਦੇ ਆਪਣੇ ਫ਼ੈਸਲੇ ਨੂੰ ਆਨਲਾਈਨ ਪਾ ਕੇ ਜਨਤਕ ਕਰ ਦਿੱਤਾ ਗਿਆ ਸੀ। ਮੁਲਜ਼ਮਾਂ ਦੇ ਵਕੀਲ ਗੁਰਸਾਹਿਬ ਸਿੰਘ ਬਰਾੜ ਨੇ ਪੇਸ਼ ਹੋ ਕੇ ਹਾਈਕੋਰਟ ਦੇ ਫ਼ੈਸਲੇ ਦੀ ਕਾਪੀ ਅਦਾਲਤ ਨੂੰ ਸੌਂਪੀ ਤੇ ਇਸ ਕੇਸ ਨੂੰ ਰੱਦ ਕਰਨ ਦੀ ਅਪੀਲ ਕੀਤੀ। ਹਾਈਕੋਰਟ ਦੇ ਫ਼ੈਸਲੇ ਦੀ ਰੌਸ਼ਨੀ ਵਿਚ ਵਧੀਕ ਸ਼ੈਸ਼ਨ ਜੱਜ ਵਲੋਂ ਕੋਟਕਪੂਰਾ ਗੋਲੀਕਾਂਡ ਮਾਮਲੇ ਨੂੰ ਰੱਦ ਕਰਦੇ ਹੋਏ ਇਸ ਮਾਮਲੇ ’ਚ ਨਾਮਜ਼ਦ ਸਾਰੇ ਮੁਲਜ਼ਮਾਂ ਨੂੰ ਹਾਲ ਦੀ ਘੜੀ ਆਜ਼ਾਦ ਕਰ ਦਿੱਤਾ ਗਿਆ ਹੈ। ਦੱਸਣਯੋਗ ਹੈ ਕਿ 14 ਅਕਤੂਬਰ 2015 ਨੂੰ ਕੋਟਕਪੂਰਾ ਵਿਖੇ ਵਾਪਰੇ ਗੋਲੀਕਾਂਡ ਦੀ ਜਾਂਚ ਪੰਜਾਬ ਸਰਕਾਰ ਵਲੋਂ ਬਣਾਈ ਗਈ ਵਿਸ਼ੇਸ਼ ਜਾਂਚ ਟੀਮ ਵਲੋਂ 27 ਮਈ 2019 ਨੂੰ ਸ਼ੁਰੂ ਕੀਤੀ ਗਈ ਸੀ ਤੇ ਵਿਸ਼ੇਸ਼ ਜਾਂਚ ਟੀਮ ਵਲੋਂ 18 ਜਨਵਰੀ 2021 ਤੱਕ ਇਸ ਮਾਮਲੇ ’ਚ ਕੁੱਲ ਚਾਰ ਚਲਾਨ ਅਦਾਲਤ ’ਚ ਪੇਸ਼ ਕੀਤੇ ਸਨ। ਵਿਸ਼ੇਸ਼ ਜਾਂਚ ਟੀਮ ਵਲੋਂ ਇਸ ਮਾਮਲੇ ’ਚ ਸਾਬਕਾ ਡੀ.ਜੀ.ਪੀ. ਸੁਮੇਧ ਸੈਣੀ, ਆਈ.ਜੀ. ਪਰਮਰਾਜ ਸਿੰਘ ਉਮਰਾਨੰਗਲ, ਸਾਬਕਾ ਐੱਸ.ਐੱਸ.ਪੀ. ਚਰਨਜੀਤ ਸ਼ਰਮਾ, ਏ.ਡੀ.ਸੀ.ਪੀ. ਪਰਮਜੀਤ ਪੰਨੂੰ, ਐੱਸ.ਪੀ. ਬਲਜੀਤ ਸਿੰਘ, ਥਾਣਾ ਸਿਟੀ ਕੋਟਕਪੂਰਾ ਦੇ ਸਾਬਕਾ ਐੱਸ.ਐੱਚ.ਓ. ਗੁਰਦੀਪ ਸਿੰਘ ਪੰਧੇਰ ਤੇ ਸਾਬਕਾ ਅਕਾਲੀ ਵਿਧਾਇਕ ਮਨਤਾਰ ਸਿੰਘ ਬਰਾੜ ਨੂੰ ਮੁਲਜ਼ਮ ਵਜੋਂ ਨਾਮਜ਼ਦ ਕੀਤਾ ਗਿਆ ਸੀ। ਮੁਲਜ਼ਮਾਂ ਦੇ ਵਕੀਲਾਂ ਵਲੋਂ ਕੇਸ ਬੰਦ ਕਰਨ ਦੀ ਮੰਗ ਕੀਤੀ ਸੀ, ਜਿਸ ਨੂੰ ਅਦਾਲਤ ਨੇ ਸਵਿਕਾਰ ਕਰ ਲਿਆ।

Share