-ਸੁਖਬੀਰ ਬਾਦਲ ਨੂੰ ਅਕਾਲ ਤਖ਼ਤ ਤੋਂ ਸਿਰੋਪਾ ਮਿਲਣ ਮਗਰੋਂ ਉੱਠੇ ਸਵਾਲ
-ਵਡਾਲਾ ਵੱਲੋਂ ਅਕਾਲੀ ਦਲ ਦੇ ਪ੍ਰਧਾਨ ਦੀ ਚੋਣ ਅਕਾਲ ਤਖ਼ਤ ਦੇ ਹੁਕਮਾਂ ਦੀ ਉਲੰਘਣਾ ਕਰਕੇ ਕਰਨ ਦੇ ਦੋਸ਼
ਅੰਮ੍ਰਿਤਸਰ, 15 ਅਪ੍ਰੈਲ (ਪੰਜਾਬ ਮੇਲ)- ਸ਼੍ਰੋਮਣੀ ਅਕਾਲੀ ਦਲ ਵੱਲੋਂ ਸੁਖਬੀਰ ਸਿੰਘ ਬਾਦਲ ਦੀ ਪ੍ਰਧਾਨ ਵਜੋਂ ਮੁੜ ਚੋਣ ਕਰਨ ਅਤੇ ਅਕਾਲ ਤਖ਼ਤ ਦੇ ਜਥੇਦਾਰ ਵੱਲੋਂ ਉਨ੍ਹਾਂ ਨੂੰ ਸਿਰੋਪਾ ਦਿੱਤੇ ਜਾਣ ਤੋਂ ਬਾਅਦ ਦੋ ਦਸੰਬਰ ਨੂੰ ਅਕਾਲ ਤਖ਼ਤ ਦੀ ਫਸੀਲ ਤੋਂ ਅਕਾਲੀ ਦਲ ਦੀ ਭਰਤੀ ਸਬੰਧੀ ਬਣਾਈ ਗਈ ਕਮੇਟੀ ਦੇ ਭਵਿੱਖ ‘ਤੇ ਸਵਾਲੀਆ ਨਿਸ਼ਾਨ ਲੱਗ ਗਿਆ ਹੈ। ਦੂਜੇ ਪਾਸੇ ਭਰਤੀ ਕਮੇਟੀ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਜਾਰੀ ਰੱਖਣ ਦਾ ਫੈਸਲਾ ਕੀਤਾ ਗਿਆ ਹੈ। ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਸਬੰਧੀ ਅਕਾਲ ਤਖ਼ਤ ਤੋਂ ਬਣਾਈ ਗਈ ਕਮੇਟੀ ਵਿਚ ਇਸ ਵੇਲੇ ਗੁਰਪ੍ਰਤਾਪ ਸਿੰਘ ਵਡਾਲਾ, ਮਨਪ੍ਰੀਤ ਸਿੰਘ ਇਆਲੀ, ਸੰਤਾ ਸਿੰਘ ਉਮੈਦਪੁਰੀ, ਇਕਬਾਲ ਸਿੰਘ ਝੂੰਦਾ ਅਤੇ ਸਤਵੰਤ ਕੌਰ ਦੇ ਰੂਪ ਵਿਚ ਪੰਜ ਮੈਂਬਰ ਸ਼ਾਮਲ ਹਨ। ਕਮੇਟੀ ਨੇ 18 ਮਾਰਚ ਨੂੰ ਅਕਾਲ ਤਖ਼ਤ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਮੈਂਬਰਸ਼ਿਪ ਵਾਸਤੇ ਭਰਤੀ ਮੁਹਿੰਮ ਸ਼ੁਰੂ ਕੀਤੀ ਸੀ। ਇਸ ਬਾਰੇ ਵਡਾਲਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਦੀ ਚੋਣ ਅਕਾਲ ਤਖ਼ਤ ਦੇ ਨਿਰਦੇਸ਼ਾਂ ਦੀ ਉਲੰਘਣਾ ਕਰਕੇ ਕਰਵਾਈ ਗਈ ਹੈ। ਉਨ੍ਹਾਂ ਦੱਸਿਆ ਕਿ ਭਰਤੀ ਕਮੇਟੀ, ਜੋ ਅਕਾਲ ਤਖ਼ਤ ਤੋਂ ਬਣਾਈ ਗਈ ਸੀ, ਵੱਲੋਂ ਭਰਤੀ ਮੁਹਿੰਮ ਨੂੰ ਨਿਰੰਤਰ ਜਾਰੀ ਰੱਖਿਆ ਜਾ ਰਿਹਾ ਹੈ। ਉਨ੍ਹਾਂ ਦਾਅਵਾ ਕੀਤਾ ਕਿ 10 ਅਪ੍ਰੈਲ ਤੱਕ 15 ਲੱਖ ਤੋ ਵੱਧ ਮੈਂਬਰ ਰਜਿਸਟਰ ਕੀਤੇ ਜਾ ਚੁੱਕੇ ਹਨ ਅਤੇ ਲਗਪਗ 7 ਲੱਖ ਹੋਰ ਮੈਂਬਰਸ਼ਿਪ ਪਰਫਾਰਮਿਆਂ ਦੀ ਮੰਗ ਆ ਚੁੱਕੀ ਹੈ। ਭਰਤੀ ਕਮੇਟੀ ਨੇ ਸੰਭਾਵਨਾ ਪ੍ਰਗਟਾਈ ਕਿ ਇਹ ਮੁਹਿੰਮ ਜੂਨ ਮਹੀਨੇ ਤੱਕ ਮੁਕੰਮਲ ਹੋ ਜਾਵੇਗੀ ਅਤੇ ਇਸ ਤੋਂ ਬਾਅਦ ਇਸ ਮਾਮਲੇ ਵਿਚ ਅਕਾਲ ਤਖ਼ਤ ਤੋਂ ਅਗਲੇ ਹੁਕਮਾਂ ਮੁਤਾਬਕ ਕਾਰਵਾਈ ਕੀਤੀ ਜਾਵੇਗੀ। ਇਸ ਦੌਰਾਨ ਕੁੱਝ ਆਗੂਆਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦਾ ਮੁਕਾਬਲਾ ਕਰਨ ਲਈ ਪੰਥ ਪ੍ਰਵਾਨਿਤ ਅਜਿਹੀ ਵੱਡੀ ਜਥੇਬੰਦੀ ਦੀ ਲੋੜ ਹੈ, ਜਿਸ ਮੰਚ ‘ਤੇ ਸਮੁੱਚਾ ਸਿੱਖ ਜਗਤ ਇਕੱਠਾ ਹੋਵੇ। ਸ਼੍ਰੋਮਣੀ ਅਕਾਲੀ ਦਲ ਨੇ ਲਗਪਗ 27 ਲੱਖ 68 ਹਜ਼ਾਰ ਮੈਂਬਰਾਂ ਦੀ ਭਰਤੀ ਕਰਨ ਦਾ ਦਾਅਵਾ ਕੀਤਾ ਹੈ।
ਅਕਾਲੀ ਦਲ ਦੀ ਭਰਤੀ ਸਬੰਧੀ ਬਣਾਈ ਕਮੇਟੀ ਦੇ ਭਵਿੱਖ ‘ਤੇ ਸਵਾਲੀਆ ਨਿਸ਼ਾਨ
