ਚੰਡੀਗੜ੍ਹ, 23 ਅਕਤੂਬਰ (ਪੰਜਾਬ ਮੇਲ)- ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਦਰਮਿਆਨ ਮੁੜ ਸਿਆਸੀ ਸਾਂਝ ਪੈਣ ਦੀਆਂ ਚੱਲ ਰਹੀਆਂ ਚਰਚਾਵਾਂ ਦਰਮਿਆਨ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਆਮ ਆਦਮੀ ਪਾਰਟੀ ਅਤੇ ਕਾਂਗਰਸ ਪੰਜਾਬ ਦੇ ‘ਸਭ ਤੋਂ ਵੱਡੇ ਦੁਸ਼ਮਣ’ ਹਨ। ਉਨ੍ਹਾਂ ਸਪੱਸ਼ਟ ਕੀਤਾ ਕਿ ਉਨ੍ਹਾਂ ਦੀ ਪਾਰਟੀ ਉਨ੍ਹਾਂ ਸਾਰੀਆਂ ਸਿਆਸੀ ਧਿਰਾਂ ਨਾਲ ਚੋਣ ਗੱਠਜੋੜ ਕਰਨ ਲਈ ਤਿਆਰ ਹੈ ਜੋ ਅਕਾਲੀ ਦਲ ਦੀ ਵਿਚਾਰਧਾਰਾ ਅਤੇ ਪ੍ਰੋਗਰਾਮਾਂ ਨਾਲ ਸਹਿਮਤੀ ਰੱਖਦੀਆਂ ਹਨ। ਬਾਦਲ ਨੇ ਜ਼ੋਰ ਦੇ ਕੇ ਕਿਹਾ ਕਿ ਅਕਾਲੀ-ਭਾਜਪਾ ਗੱਠਜੋੜ ਸਰਕਾਰ ਵੇਲੇ ਪੰਜਾਬ ਵਿੱਚ ਪੂਰਨ ਅਮਨ-ਸ਼ਾਂਤੀ ਅਤੇ ਭਾਈਚਾਰਕ ਸਾਂਝ ਕਾਇਮ ਸੀ।
ਗੱਲਬਾਤ ਕਰਦਿਆਂ ਬਾਦਲ ਨੇ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਦੇ ਇੱਕ ਉੱਚ ਪੱਧਰੀ ਵਫ਼ਦ ਨੇ ਸ਼ੁੱਕਰਵਾਰ ਨੂੰ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕੀਤੀ। ਵਫ਼ਦ ਨੇ ਰਾਜਪਾਲ ਨੂੰ ਜਾਣੂ ਕਰਵਾਇਆ ਕਿ ਇੱਕ ‘ਨਾ-ਅਹਿਲ ਮੁੱਖ ਮੰਤਰੀ’ ਨੇ ਸੂਬੇ ਨੂੰ ਬਰਬਾਦੀ ਦੇ ਕੰਢੇ ਲਿਆ ਖੜ੍ਹਾ ਕੀਤਾ ਹੈ ਅਤੇ ਪੰਜਾਬ ਅੰਦਰ ਅਮਨ-ਕਾਨੂੰਨ ਦੀ ਸਥਿਤੀ ਪੂਰੀ ਤਰ੍ਹਾਂ ਢਹਿ-ਢੇਰੀ ਹੋ ਚੁੱਕੀ ਹੈ। ਮਾਨਸਾ ਵਿੱਚ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਹੋਏ ਕਤਲ ਨੂੰ ਲੈ ਕੇ ਰਾਜਪਾਲ ਨੂੰ ਇੱਕ ਮੰਗ ਪੱਤਰ ਵੀ ਸੌਂਪਿਆ ਗਿਆ, ਜਿਸ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੂੰ ਤੁਰੰਤ ਬਰਖ਼ਾਸਤ ਕਰਨ ਦੀ ਮੰਗ ਕੀਤੀ ਗਈ ਹੈ।

