ਚੰਡੀਗੜ੍ਹ, 25 ਜਨਵਰੀ (ਪੰਜਾਬ ਮੇਲ)- ਸ਼੍ਰੋਮਣੀ ਅਕਾਲੀ ਦਲ ਦੇ ਵਫਦ ਨੇ ਵੀਰਵਾਰ ਨੂੰ ਸੂਬੇ ਦੇ ਇਕ ਮੰਤਰੀ ਦੀ ਇਤਰਾਜ਼ਯੋਗ ਵੀਡੀਓ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਸੌਂਪਦਿਆਂ ਅਪੀਲ ਕੀਤੀ ਕਿ ਇਸ ਮਾਮਲੇ ਦੀ ਕਿਸੇ ਕੇਂਦਰੀ ਏਜੰਸੀ ਕੋਲੋਂ ਜਾਂਚ ਕਰਵਾਈ ਜਾਵੇ ਅਤੇ ਬਲਕਾਰ ਸਿੰਘ ਨੂੰ ਮੰਤਰੀ ਮੰਡਲ ਵਿਚੋਂ ਬਰਖ਼ਾਸਤ ਕੀਤਾ ਜਾਵੇ। ਵਫ਼ਦ ਨੇ ਰਾਜਪਾਲ ਨੂੰ ਇਹ ਵੀ ਅਪੀਲ ਕੀਤੀ ਕਿ ਬਲਕਾਰ ਸਿੰਘ ਅਤੇ ‘ਆਪ’ ਦੇ ਹੋਰ ਮੰਤਰੀ ਜੋ ਅਪਰਾਧਿਕ ਗਤੀਵਿਧੀਆਂ ਵਿਚ ਸ਼ਾਮਲ ਹਨ, ਉਨ੍ਹਾਂ ਨੂੰ ਗਣਤੰਤਰ ਦਿਵਸ ਮੌਕੇ ਕੌਮੀ ਝੰਡਾ ਲਹਿਰਾਉਣ ਤੋਂ ਰੋਕਿਆ ਜਾਵੇ।
ਵਫ਼ਦ ਵਿਚ ਸ਼ਾਮਲ ਬਿਕਰਮ ਸਿੰਘ ਮਜੀਠੀਆ ਤੇ ਡਾ. ਦਲਜੀਤ ਸਿੰਘ ਨੇ ਦੱਸਿਆ ਕਿ ਇਹ ਇਤਰਾਜ਼ਯੋਗ ਵੀਡੀਓ ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਨਾਲ ਸਬੰਧਤ ਹੈ। ਵਫ਼ਦ ਨੇ ਰਾਜਪਾਲ ਨੂੰ ਦੱਸਿਆ ਕਿ ਪੀੜਤਾ ਨੂੰ ਡਰਾਇਆ-ਧਮਕਾਇਆ ਗਿਆ ਹੈ ਅਤੇ ਦਬਾਅ ਬਣਾਇਆ ਗਿਆ ਹੈ ਕਿ ਉਹ ਮੰਤਰੀ ਖ਼ਿਲਾਫ ਸ਼ਿਕਾਇਤ ਲਈ ਅੱਗੇ ਨਾ ਆਵੇ। ਅਕਾਲੀ ਆਗੂਆਂ ਨੇ ਕਿਹਾ ਕਿ ਪੰਜਾਬ ਪੁਲਿਸ ਨੇ ਹਾਲ ਹੀ ਵਿਚ ‘ਆਪ’ ਦੇ ਸਾਬਕਾ ਵਿਧਾਇਕ ਅਮਰਜੀਤ ਸਿੰਘ ਸੰਦੋਆ ਨੂੰ ਕੈਨੇਡਾ ਤੋਂ ਡਿਪੋਰਟ ਹੋਣ ਤੋਂ ਬਚਾਉਣ ਲਈ ਉਸ ਸਬੰਧੀ ਕਲੀਨ ਚਿੱਟ ਦਿੱਤੀ ਹੈ।
ਉਨ੍ਹਾਂ ਅਪੀਲ ਕੀਤੀ ਕਿ ਸੰਦੋਆ ਨੂੰ ਪੁਲਿਸ ਕਲੀਅਰੈਂਸ ਸਰਟੀਫਿਕੇਟ ਦੇਣ ਵਾਲੇ ਪੁਲਿਸ ਅਫ਼ਸਰਾਂ ਖ਼ਿਲਾਫ਼ ਵੀ ਕਾਰਵਾਈ ਕੀਤੀ ਜਾਵੇ ਅਤੇ ਸਰਟੀਫਿਕੇਟ ਵਾਪਸ ਲਿਆ ਜਾਵੇ। ਉਨ੍ਹਾਂ ਅਪੀਲ ਕੀਤੀ ਕਿ ਦਾਗੀ ਕਿਰਦਾਰ ਵਾਲੇ ਮੰਤਰੀਆਂ ਲਾਲ ਚੰਦ ਕਟਾਰੂਚੱਕ ਅਤੇ ਅਮਨ ਅਰੋੜਾ ਨੂੰ ਗਣਤੰਤਰ ਦਿਵਸ ‘ਤੇ ਤਿਰੰਗਾ ਲਹਿਰਾਉਣ ਤੋਂ ਰੋਕਿਆ ਜਾਵੇ। ਉਨ੍ਹਾਂ ਦੱਸਿਆ ਕਿ ਬਲਕਾਰ ਸਿੰਘ ਨੇ ਆਪਣੇ ਆਪ ਨੂੰ ਅਪਾਹਜ ਵਿਖਾ ਕੇ ਆਪਣੇ ਪੁੱਤਰ ਲਈ ਇੰਸਪੈਕਟਰ ਦੀ ਨੌਕਰੀ ਹਾਸਲ ਕਰਨ ਦੀ ਕੋਸ਼ਿਸ਼ ਕੀਤੀ ਪਰ ਇਸ ‘ਤੇ ਹਾਈ ਕੋਰਟ ਨੇ ਰੋਕ ਲਗਾ ਦਿੱਤੀ ਸੀ।