#PUNJAB

ਅਕਾਲ ਤਖ਼ਤ ਵੱਲੋਂ ਵਲਟੋਹਾ ਖ਼ਿਲਾਫ਼ ਸਖ਼ਤ ਕਾਰਵਾਈ

-ਅਕਾਲੀ ਦਲ ਦੀ ਮੁੱਢਲੀ ਮੈਂਬਰਸ਼ਿਪ ਅਤੇ ਸਾਰੇ ਅਹੁਦਿਆਂ ਤੋਂ ਬਰਖਾਸਤ ਕਰਨ ਦੇ ਆਦੇਸ਼
– 10 ਸਾਲ ਲਈ ਇਸ ‘ਤੇ ਦੁਬਾਰਾ ਪਾਰਟੀ ਵਿਚ ਸ਼ਾਮਲ ਹੋਣ ‘ਤੇ ਰੋਕ ਲਾਈ
ਅੰਮ੍ਰਿਤਸਰ, 16 ਅਕਤੂਬਰ (ਪੰਜਾਬ ਮੇਲ)- ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਤੇ ਬੁਲਾਰੇ ਵਿਰਸਾ ਸਿੰਘ ਵਲਟੋਹਾ ਖ਼ਿਲਾਫ਼ ਸਖ਼ਤ ਫੈਸਲਾ ਲੈਂਦਿਆਂ ਉਸ ਨੂੰ ਸ਼੍ਰੋਮਣੀ ਅਕਾਲੀ ਦਲ ਦੀ ਮੁੱਢਲੀ ਮੈਂਬਰਸ਼ਿਪ ਅਤੇ ਹੋਰ ਸਾਰੇ ਅਹੁਦਿਆਂ ਤੋਂ ਬਰਖਾਸਤ ਕਰਨ ਦੇ ਆਦੇਸ਼ ਦਿੱਤੇ ਹਨ। ਇਹ ਆਦੇਸ਼ ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੂੰ ਜਾਰੀ ਕੀਤੇ ਗਏ ਹਨ। ਇਸ ਵਿਚ ਕਿਹਾ ਗਿਆ ਹੈ ਕਿ ਵਿਰਸਾ ਸਿੰਘ ਵਲਟੋਹਾ ਨੂੰ 24 ਘੰਟਿਆਂ ਦੇ ਅੰਦਰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਅਤੇ ਸਾਰੇ ਅਹੁਦਿਆਂ ਤੋਂ ਬਰਖ਼ਾਸਤ ਕੀਤਾ ਜਾਵੇ। 10 ਸਾਲ ਲਈ ਇਸ ‘ਤੇ ਦੁਬਾਰਾ ਪਾਰਟੀ ਵਿਚ ਸ਼ਾਮਲ ਹੋਣ ‘ਤੇ ਰੋਕ ਲਾਈ ਜਾਵੇ। ਇੱਥੇ ਅਕਾਲ ਤਖ਼ਤ ਵਿਖੇ ਇਸ ਸਬੰਧ ਵਿਚ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਹੋਈ। ਇਸ ਦੀ ਅਗਵਾਈ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਵੀਰ ਸਿੰਘ ਨੇ ਕੀਤੀ। ਇਸ ਮੌਕੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ, ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਬਲਜੀਤ ਸਿੰਘ ਅਤੇ ਪੰਜ ਪਿਆਰਿਆਂ ਵਿਚੋਂ ਭਾਈ ਸੁਖਦੇਵ ਸਿੰਘ ਸ਼ਾਮਲ ਹੋਏ। ਜ਼ਿਕਰਯੋਗ ਹੈ ਕਿ ਅਕਾਲ ਤਖ਼ਤ ਦੇ ਜਥੇਦਾਰ ਖ਼ਿਲਾਫ਼ ਲਾਏ ਗਏ ਦੋਸ਼ਾਂ ਦੇ ਮਾਮਲੇ ਵਿਚ ਵਿਰਸਾ ਸਿੰਘ ਵਲਟੋਹਾ ਨੂੰ ਅਕਾਲ ਤਖ਼ਤ ਵਿਖੇ ਸਬੂਤਾਂ ਸਣੇ ਸਪੱਸ਼ਟੀਕਰਨ ਦੇਣ ਲਈ ਤਲਬ ਕੀਤਾ ਗਿਆ ਸੀ। ਉਹ ਅਕਾਲ ਤਖ਼ਤ ਵਿਖੇ ਪੁੱਜਾ ਅਤੇ ਉਸ ਨੇ ਆਪਣਾ ਸਪੱਸ਼ਟੀਕਰਨ ਸੌਂਪਿਆ। ਲਗਪਗ ਦੋ ਘੰਟੇ ਤੋਂ ਵੱਧ ਚੱਲੀ ਪ੍ਰਕਿਰਿਆ ਤੋਂ ਬਾਅਦ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਵਲਟੋਹਾ ਸਿੰਘ ਸਾਹਿਬਾਨ ਖ਼ਿਲਾਫ਼ ਲਾਏ ਗਏ ਦੋਸ਼ਾਂ ਨੂੰ ਸਬੂਤਾਂ ਸਣੇ ਸਾਬਤ ਕਰਨ ਵਿੱਚ ਅਸਫ਼ਲ ਰਿਹਾ। ਉਸ ਵੱਲੋਂ ਇਸ ਮਾਮਲੇ ਵਿਚ ਲਿਖਤੀ ਤੌਰ ‘ਤੇ ਮੁਆਫ਼ੀ ਵੀ ਮੰਗੀ ਗਈ ਹੈ। ਇਸ ਨੂੰ ਧਿਆਨ ਵਿੱਚ ਰੱਖਦਿਆਂ ਉਸ ਖ਼ਿਲਾਫ਼ ਕਾਰਵਾਈ ਦਾ ਫੈਸਲਾ ਕੀਤਾ ਗਿਆ।