ਚੰਡੀਗੜ੍ਹ, 24 ਜੁਲਾਈ (ਪੰਜਾਬ ਮੇਲ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸੀਨੀਅਰ ਲੀਡਰਸ਼ਿਪ ਨਾਲ ਮੀਟਿੰਗ ਦੌਰਾਨ ਪਾਰਟੀ ਦੀ ਕੋਰ ਕਮੇਟੀ ਭੰਗ ਕਰ ਦਿੱਤੀ ਹੈ। ਪਾਰਟੀ ਪ੍ਰਧਾਨ ਨੇ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਪੇਸ਼ ਹੋਣ ਤੋਂ ਪਹਿਲਾਂ ਕੋਰ ਕਮੇਟੀ ਭੰਗ ਕੀਤੀ ਹੈ। ਹਾਲਾਂਕਿ ਪਾਰਟੀ ਦੀ ਵਰਕਿੰਗ ਕਮੇਟੀ ਨੇ ਪਿਛਲੇ ਦਿਨੀਂ ਮੀਟਿੰਗ ਦੌਰਾਨ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਪਾਰਟੀ ਦੇ ਜਥੇਬੰਦਕ ਢਾਂਚੇ ਦਾ ਪੁਨਰਗਠਨ ਕਰਨ ਦੇ ਅਧਿਕਾਰ ਦੇ ਦਿੱਤੇ ਸਨ।
ਸੁਖਬੀਰ ਬਾਦਲ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ‘ਚ ਪਾਰਟੀ ਦੇ ਸੀਨੀਅਰ ਆਗੂ ਬਲਵਿੰਦਰ ਸਿੰਘ ਭੂੰਦੜ, ਮਹੇਸ਼ਇੰਦਰ ਸਿੰਘ ਗਰੇਵਾਲ, ਡਾ. ਦਲਜੀਤ ਸਿੰਘ ਚੀਮਾ, ਇਕਬਾਲ ਸਿੰਘ ਝੂੰਦਾ, ਪਰਮਜੀਤ ਸਿੰਘ ਸਰਨਾ ਤੋਂ ਇਲਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੀ ਸ਼ਾਮਲ ਹੋਏ। ਮੀਟਿੰਗ ਮਗਰੋਂ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਪਹਿਲੇ ਗੇੜ ਵਿਚ ਪਾਰਟੀ ਦੀ ਮੌਜੂਦਾ ਕੋਰ ਕਮੇਟੀ ਨੂੰ ਭੰਗ ਕੀਤਾ ਗਿਆ ਹੈ। ਡਾ. ਚੀਮਾ ਨੇ ਦੱਸਿਆ ਕਿ ਪਿਛਲੇ ਦਿਨਾਂ ਵਿਚ ਵਰਕਿੰਗ ਕਮੇਟੀ ਨੇ ਪਾਰਟੀ ਦੇ ਜਥੇਬੰਦਕ ਢਾਂਚੇ ਦੇ ਪੁਨਰਗਠਨ ਦੇ ਅਧਿਕਾਰ ਪਾਰਟੀ ਪ੍ਰਧਾਨ ਬਾਦਲ ਨੂੰ ਦਿੱਤੇ ਸਨ, ਜਿਨ੍ਹਾਂ ਦੀ ਵਰਤੋਂ ਕਰਦਿਆਂ ਪਾਰਟੀ ਪ੍ਰਧਾਨ ਨੇ ਕੋਰ ਕਮੇਟੀ ਭੰਗ ਕੀਤੀ ਹੈ।
ਸੂਤਰਾਂ ਮੁਤਾਬਕ ਸੁਖਬੀਰ ਸਿੰਘ ਬਾਦਲ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਸਾਹਮਣੇ ਪੇਸ਼ ਹੋਣ ਤੋਂ ਪਹਿਲਾਂ ਅਜਿਹਾ ਫ਼ੈਸਲਾ ਲਿਆ ਹੈ, ਜੋ ਕਿ ਸੋਚੀ ਸਮਝੀ ਰਣਨੀਤੀ ਦਾ ਹਿੱਸਾ ਹੈ। ਦੱਸਣਯੋਗ ਹੈ ਕਿ ਪਿਛਲੇ ਦਿਨੀਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਨਾਰਾਜ਼ ਧੜੇ ਵੱਲੋਂ ਦਿੱਤੀ ਦਰਖ਼ਾਸਤ ਦੇ ਆਧਾਰ ‘ਤੇ ਸੁਖਬੀਰ ਸਿੰਘ ਬਾਦਲ ਨੂੰ 15 ਦਿਨਾਂ ਦੇ ਅੰਦਰ-ਅੰਦਰ ਸਪੱਸ਼ਟੀਕਰਨ ਦੇਣ ਲਈ ਤਲਬ ਕੀਤਾ ਸੀ। ਸੁਖਬੀਰ ਸਿੰਘ ਬਾਦਲ ਨੇ ਕਿਹਾ ਸੀ ਕਿ ਉਹ ਇੱਕ ਨਿਮਾਣੇ ਸਿੱਖ ਵਜੋਂ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਪੇਸ਼ ਹੋਣਗੇ। ਇਸ ਤੋਂ ਪਹਿਲਾਂ ਪਿਛਲੇ ਦਿਨੀਂ ਮੀਟਿੰਗਾਂ ਦਾ ਦੌਰ ਚੱਲਿਆ ਸੀ, ਜਿਸ ਵਿਚ ਵੱਖ-ਵੱਖ ਪਾਰਟੀ ਵਿੰਗਾਂ ਵੱਲੋਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ ਭਰੋਸਾ ਪ੍ਰਗਟ ਕੀਤਾ ਸੀ। ਹੁਣ ਜੋ ਕੋਰ ਕਮੇਟੀ ਭੰਗ ਕੀਤੀ ਗਈ ਹੈ, ਉਸ ਦੇ ਪੁਨਰਗਠਨ ਸਮੇਂ ਨਵੇਂ ਚਿਹਰੇ ਸ਼ਾਮਲ ਕੀਤੇ ਜਾ ਸਕਦੇ ਹਨ, ਜਿਨ੍ਹਾਂ ਨੇ ਪਿਛਲੇ ਦਿਨਾਂ ਵਿਚ ਪਾਰਟੀ ਪ੍ਰਧਾਨ ਦਾ ਸਾਥ ਦਿੱਤਾ ਸੀ ਅਤੇ ਨਾਰਾਜ਼ ਧੜੇ ਦੇ ਮੈਂਬਰਾਂ ਦੀ ਛਾਂਟੀ ਵੀ ਹੋ ਸਕਦੀ ਹੈ।