#PUNJAB

ਅਗਾਮੀ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਕੇਂਦਰੀ ਸੁਰੱਖਿਆ ਦਸਤੇ ਪੰਜਾਬ ਪੁੱਜਣੇ ਸ਼ੁਰੂ

-ਚੋਣ ਕਮਿਸ਼ਨ ਵੱਲੋਂ ਸਰਹੱਦੀ ਸੂਬੇ ਲਈ 252 ਕੰਪਨੀਆਂ ਦੀ ਤਾਇਨਾਤੀ ਨੂੰ ਮਨਜ਼ੂਰੀ
ਚੰਡੀਗੜ੍ਹ, 9 ਮਾਰਚ (ਪੰਜਾਬ ਮੇਲ)- ਅਗਾਮੀ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਕੇਂਦਰੀ ਸੁਰੱਖਿਆ ਦਸਤੇ ਪੰਜਾਬ ਪੁੱਜਣੇ ਸ਼ੁਰੂ ਹੋ ਗਏ ਹਨ। ਹਾਲਾਂਕਿ ਭਾਰਤੀ ਚੋਣ ਕਮਿਸ਼ਨ ਵੱਲੋਂ ਚੋਣਾਂ ਦਾ ਐਲਾਨ ਕੀਤਾ ਜਾਣਾ ਬਾਕੀ ਹੈ ਪਰ ਚੋਣ ਜ਼ਾਬਤਾ ਲੱਗਣ ਤੋਂ ਪਹਿਲਾਂ ਹੀ ਚੋਣਾਂ ਦੀ ਤਿਆਰੀ ਵਿੱਢ ਦਿੱਤੀ ਗਈ ਹੈ। ਮੁੱਢਲੇ ਪੜਾਅ ‘ਤੇ ਕੇਂਦਰੀ ਪੁਲਿਸ ਬਲਾਂ ਦੀਆਂ 25 ਕੰਪਨੀਆਂ ਪੰਜਾਬ ਪੁੱਜੀਆਂ ਹਨ। ਭਾਰਤੀ ਚੋਣ ਕਮਿਸ਼ਨ ਨੇ ਵੱਖ-ਵੱਖ ਸੂਬਿਆਂ ਲਈ ਕੇਂਦਰੀ ਸੁਰੱਖਿਆ ਬਲਾਂ ਦੀ ਨਫ਼ਰੀ ਮਨਜ਼ੂਰ ਕੀਤੀ ਹੈ, ਜਿਸ ਤਹਿਤ ਪੰਜਾਬ ਲਈ ਕੇਂਦਰੀ ਬਲਾਂ ਦੀਆਂ 252 ਕੰਪਨੀਆਂ ਨੂੰ ਪ੍ਰਵਾਨਗੀ ਦਿੱਤੀ ਗਈ ਹੈ। ਜਦਕਿ ਗੁਆਂਢੀ ਸੂਬੇ ਰਾਜਸਥਾਨ ‘ਚ 200 ਕੰਪਨੀਆਂ ਦੀ ਤਾਇਨਾਤੀ ਹੋਣੀ ਹੈ। ਦੇਸ਼ ਵਿਚ ਪੱਛਮੀ ਬੰਗਾਲ ਲਈ ਸਭ ਤੋਂ ਵੱਧ 920 ਕੰਪਨੀਆਂ ਨੂੰ ਪ੍ਰਵਾਨਗੀ ਦਿੱਤੀ ਗਈ ਹੈ।
ਪੰਜਾਬ ਸਰਹੱਦੀ ਸੂਬਾ ਹੋਣ ਕਰਕੇ ਕੇਂਦਰੀ ਬਲਾਂ ਦੀ ਤਾਇਨਾਤੀ ਨੂੰ ਅਹਿਮੀਅਤ ਦਿੱਤੀ ਗਈ ਹੈ। ਪੰਜਾਬ ਵਿਚ ਪੁੱਜੇ ਕੇਂਦਰੀ ਸੁਰੱਖਿਆ ਦਸਤਿਆਂ ਵਿਚ ਬੀ.ਐੱਸ.ਐੱਫ. ਦੀਆਂ 15 ਕੰਪਨੀਆਂ, ਸੀ.ਆਰ.ਪੀ.ਐੱਫ. ਦੀਆਂ ਪੰਜ ਕੰਪਨੀਆਂ ਅਤੇ ਆਈ.ਟੀ.ਬੀ.ਪੀ. ਦੀਆਂ ਪੰਜ ਕੰਪਨੀਆਂ ਸ਼ਾਮਲ ਹਨ। ਇੱਕ ਕੰਪਨੀ ਵਿਚ 100 ਸੁਰੱਖਿਆ ਮੁਲਾਜ਼ਮ ਹੁੰਦੇ ਹਨ। ਇਸ ਲਿਹਾਜ਼ ਨਾਲ ਸੂਬੇ ਵਿਚ ਕੇਂਦਰੀ ਬਲਾਂ ਦੇ 2500 ਮੁਲਾਜ਼ਮ ਪੁੱਜ ਗਏ ਹਨ, ਜਿਨ੍ਹਾਂ ਨੂੰ ਜ਼ਿਲ੍ਹਿਆਂ ਵਿਚ ਭੇਜਿਆ ਜਾਣਾ ਬਾਕੀ ਹੈ। ਦੂਜੇ ਪਾਸੇ ਪੁਲਿਸ ਵੱਲੋਂ ਵੀ ਚੋਣਾਂ ਦੇ ਮੱਦੇਨਜ਼ਰ ਸਰਗਰਮੀ ਵਿੱਢਣ ਦੀ ਤਿਆਰੀ ਹੈ। ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਸਪੈਸ਼ਲ ਡੀ.ਜੀ.ਪੀ.) ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਦੱਸਿਆ ਕਿ ਪੰਜਾਬ ਵਿਚ 25 ਕੰਪਨੀਆਂ ਕੇਂਦਰੀ ਸੁਰੱਖਿਆ ਬਲਾਂ ਦੀਆਂ ਪੁੱਜੀਆਂ ਹਨ, ਜਿਨ੍ਹਾਂ ਨੂੰ ਸੂਬੇ ਦੇ ਅਤਿ ਸੰਵੇਦਨਸ਼ੀਲ ਅਤੇ ਸੰਵੇਦਨਸ਼ੀਲ ਜ਼ਿਲ੍ਹਿਆਂ ‘ਚ ਤਾਇਨਾਤ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਸੰਵੇਦਨਸ਼ੀਲ ਖੇਤਰਾਂ ਦੀ ਮੈਪਿੰਗ ਵੀ ਕੀਤੀ ਜਾ ਰਹੀ ਹੈ, ਤਾਂ ਜੋ ਆਮ ਚੋਣਾਂ ਤੋਂ ਪਹਿਲਾਂ ਕਿਸੇ ਵੀ ਅਣਸੁਖਾਵੀਂ ਸਥਿਤੀ ਤੋਂ ਬਚਾਅ ਲਈ ਹੋਰ ਬਲਾਂ ਨੂੰ ਤਾਇਨਾਤ ਕੀਤਾ ਜਾ ਸਕੇ। ਅਰਪਿਤ ਸ਼ੁਕਲਾ ਨੇ ਸਾਰੇ ਸੀ.ਪੀਜ਼/ਐੱਸ.ਐੱਸ.ਪੀਜ਼ ਨੂੰ ਆਪੋ-ਆਪਣੇ ਅਧਿਕਾਰ ਖੇਤਰਾਂ ਵਿਚ ਸਮਾਜ ਵਿਰੋਧੀ ਅਨਸਰਾਂ ‘ਤੇ ਨਜ਼ਰ ਰੱਖਣ ਤੇ ਆਮ ਲੋਕਾਂ ਵਿਚ ਭਰੋਸਾ ਪੈਦਾ ਕਰਨ ਲਈ ਫਲੈਗ ਮਾਰਚ ਕੱਢਣ ਲਈ ਕਿਹਾ ਹੈ। ਉਨ੍ਹਾਂ ਕਿਹਾ ਕਿ ਡੀ.ਜੀ.ਪੀ. ਗੌਰਵ ਯਾਦਵ ਦੀ ਅਗਵਾਈ ਹੇਠ ਪੰਜਾਬ ਪੁਲਿਸ ਵਿਚ ਸੁਤੰਤਰ, ਨਿਰਪੱਖ ਤੇ ਸ਼ਾਂਤੀਪੂਰਵਕ ਚੋਣਾਂ ਕਰਵਾਉਣ ਲਈ ਵਚਨਬੱਧ ਹੈ।