#PUNJAB

ਅਦਾਲਤ ਨੇ ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਨੂੰ 14 ਦਿਨਾਂ ਦੀ ਨਿਆਇਕ ਹਿਰਾਸਤ ‘ਚ ਭੇਜਿਆ

ਫਾਜ਼ਿਲਕਾ/ਜਲਾਲਾਬਾਦ, 30 ਸਤੰਬਰ (ਪੰਜਾਬ ਮੇਲ)- ਭੁਲੱਥ ਵਿਧਾਨ ਸਭਾ ਸੀਟ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਦਾ ਪੁਲਿਸ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਜਲਾਲਾਬਾਦ ਪੁਲਿਸ ਨੇ ਅੱਜ ਮੁੜ ਅਦਾਲਤ ਵਿਚ ਪੇਸ਼ ਕੀਤਾ ਗਿਆ। ਅਦਾਲਤ ਨੇ ਖਹਿਰਾ ਨੂੰ 14 ਦਿਨਾਂ ਦੀ ਨਿਆਇਕ ਹਿਰਾਸਤ ਵਿਚ ਭੇਜ ਦਿੱਤਾ ਹੈ। ਕਾਂਗਰਸ ਦੀ ਸੀਨੀਅਰ ਲੀਡਰਸ਼ਿਪ ਖਹਿਰਾ ਦੇ ਸਮਰਥਨ ‘ਚ ਅਦਾਲਤ ਦੇ ਬਾਹਰ ਪਹੁੰਚੀ। ਇਸ ਦੇ ਨਾਲ ਹੀ ਐੱਸ.ਆਈ.ਟੀ. ਨੂੰ ਸੁਖਪਾਲ ਸਿੰਘ ਖਹਿਰਾ ਖ਼ਿਲਾਫ਼ ਸਬੂਤ ਮਿਲੇ ਹਨ, ਜਿਨ੍ਹਾਂ ਦੀ ਜਾਂਚ ਕੀਤੀ ਜਾ ਰਹੀ ਹੈ।
ਇਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਐੱਸ.ਆਈ.ਟੀ. ਨੂੰ ਸਬੂਤ ਮਿਲੇ ਹਨ, ਜੋ ਸੁਖਪਾਲ ਸਿੰਘ ਖਹਿਰਾ ਅਤੇ ਸਮੱਗਲਰ ਗੁਰਦੇਵ ਸਿੰਘ ਵਿਚਕਾਰ ਸੰਬੰਧਾਂ ਦਾ ਪਰਦਾਫਾਸ਼ ਕਰਦੇ ਹਨ। ਖਹਿਰਾ ਨੇ ਗੁਰਦੇਵ ਸਿੰਘ ਦੀ ਮਦਦ ਲਈ ਫਰੀਦਕੋਟ ਦੇ ਆਈ.ਜੀ. ਅਤੇ ਫਿਰੋਜ਼ਪੁਰ ਦੇ ਡੀ.ਆਈ.ਜੀ. ਨੂੰ ਫੋਨ ਕੀਤੇ ਸਨ। ਇਹੀ ਕਾਰਨ ਹੈ ਕਿ ਪੁਲਿਸ ਖਹਿਰਾ ਦਾ ਫੋਨ ਬਰਾਮਦ ਕਰਨਾ ਚਾਹੁੰਦੀ ਹੈ ਅਤੇ ਪੁਲਿਸ ਨੇ ਪਿਛਲੀ ਪੇਸ਼ੀ ‘ਚ ਇਸ ਦੇ ਆਧਾਰ ‘ਤੇ ਰਿਮਾਂਡ ਵੀ ਹਾਸਲ ਕੀਤਾ ਸੀ।
ਸੁਖਪਾਲ ਸਿੰਘ ਖਹਿਰਾ ਅਤੇ ਗੁਰਦੇਵ ਸਿੰਘ ਵਿਚਕਾਰ ਫੋਨ ‘ਤੇ ਗੱਲਬਾਤ ਹੁੰਦੀ ਰਹਿੰਦੀ ਸੀ। ਸੁਖਪਾਲ ਸਿੰਘ ਖਹਿਰਾ ਦੇ ਕੁੱਲ 3 ਫੋਨ ਸਨ। ਪੁਲਿਸ ਇਨ੍ਹਾਂ ਮੋਬਾਈਲਾਂ ਨੂੰ ਬਰਾਮਦ ਕਰਨਾ ਚਾਹੁੰਦੀ ਹੈ।
ਜ਼ਿਕਰਯੋਗ ਹੈ ਕਿ ਭੁਲੱਥ ਦੇ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ 28 ਸਤੰਬਰ ਨੂੰ ਉਨ੍ਹਾਂ ਦੀ ਚੰਡੀਗੜ੍ਹ ਰਿਹਾਇਸ਼ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ ਸੀ। ਇਹ ਗ੍ਰਿਫ਼ਤਾਰੀ ਚੰਡੀਗੜ੍ਹ ਪੁਲਿਸ ਨੇ ਨਹੀਂ, ਸਗੋਂ ਜਲਾਲਾਬਾਦ ਪੁਲਿਸ ਵੱਲੋਂ ਕੀਤੀ ਗਈ। ਪੁਲਿਸ ਅਨੁਸਾਰ ਇਹ ਕਾਰਵਾਈ ਖਹਿਰਾ ਖ਼ਿਲਾਫ 2015 ਦੇ ਐੱਨ.ਡੀ.ਪੀ.ਐੱਸ. ਮਾਮਲੇ ‘ਚ ਕੀਤੀ ਗਈ ਹੈ। ਪੁਲਿਸ ਦਾ ਕਹਿਣਾ ਹੈ ਕਿ ਸੁਖਪਾਲ ਖਹਿਰਾ ਖ਼ਿਲਾਫ਼ ਨਸ਼ਾ ਤਸਕਰੀ (ਐੱਨ.ਡੀ.ਪੀ.ਐੱਸ. ਐਕਟ) ਦਾ ਪੁਰਾਣਾ ਮਾਮਲਾ ਸੀ, ਜਿਸ ‘ਤੇ ਕਾਰਵਾਈ ਕਰਦੇ ਹੋਏ ਉਸ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਦੇ ਬਾਅਦ ਖਹਿਰਾ ਦਾ ਮੈਡੀਕਲ ਕਰਵਾਉਣ ਉਪਰੰਤ ਉਨ੍ਹਾਂ ਨੂੰ ਜਲਾਲਾਬਾਦ ਦੀ ਅਦਾਲਤ ‘ਚ ਪੇਸ਼ ਕੀਤਾ ਗਿਆ, ਜਿੱਥੇ ਅਦਾਲਤ ਨੇ 2 ਦਿਨ ਦਾ ਰਿਮਾਂਡ ਦਿੱਤਾ ਗਿਆ ਅਤੇ ਅੱਜ ਮੁੜ ਅਦਾਲਤ ਵਿਚ ਪੇਸ਼ ਕਰਕੇ ਅਦਾਲਤ ਨੇ ਉਨ੍ਹਾਂ ਨੂੰ 14 ਦਿਨਾਂ ਦੀ ਨਿਆਇਕ ਹਿਰਾਸਤ ਵਿਚ ਭੇਜ ਦਿੱਤਾ ਹੈ।
ਜਾਣਕਾਰੀ ਮੁਤਾਬਕ ਸੁਖਪਾਲ ਖਹਿਰਾ ਖ਼ਿਲਾਫ਼ 2015 ਦੇ ਇਕ ਪੁਰਾਣੇ ਡਰੱਗ ਮਾਮਲੇ ‘ਚ ਜਾਂਚ ਚੱਲ ਰਹੀ ਸੀ। ਹੁਣ ਉਸ ਨੂੰ ਡੀ.ਆਈ.ਜੀ. ਦੀ ਅਗਵਾਈ ਵਾਲੀ ਐੱਨ.ਡੀ.ਪੀ.ਐੱਸ. ਦੀ ਰਿਪੋਰਟ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਐੱਨ.ਡੀ.ਪੀ.ਐੱਸ. ਵਿਚ ਦੋ ਐੱਸ.ਐੱਸ.ਪੀਜ਼ ਨੂੰ ਵੀ ਸ਼ਾਮਲ ਕੀਤਾ ਗਿਆ ਹੈ।
ਜ਼ਿਕਰਯੋਗ ਹੈ ਕਿ ਸਾਲ 2015 ਵਿਚ ਜਲਾਲਾਬਾਦ ਪੁਲਿਸ ਨੇ ਮਾਰਕੀਟ ਕਮੇਟੀ ਢਿੱਲਵਾਂ ਦੇ ਸਾਬਕਾ ਚੇਅਰਮੈਨ ਗੁਰਦੇਵ ਸਿੰਘ ਸਮੇਤ 9 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਸੀ। ਇਨ੍ਹਾਂ ਦੇ ਕਬਜ਼ੇ ‘ਚੋਂ 1 ਕਿਲੋ ਤੋਂ ਵਧੇਰੇ ਹੈਰੋਇਨ, ਸੋਨੇ ਦੇ ਬਿਸਕੁਟ, ਇੱਕ ਦੇਸੀ .315 ਬੋਰ ਦਾ ਪਿਸਤੌਲ, ਦੋ ਪਾਕਿਸਤਾਨੀ ਸਿਮ ਕਾਰਡ ਅਤੇ ਇੱਕ ਟਾਟਾ ਸਫਾਰੀ ਕਾਰ ਬਰਾਮਦ ਹੋਈ ਹੈ। ਇਸ ਮਾਮਲੇ ਵਿਚ ਖਹਿਰਾ ਦਾ ਨਾਂ ਸਾਬਕਾ ਚੇਅਰਮੈਨ ਗੁਰਦੇਵ ਸਿੰਘ ਨਾਲ ਕਥਿਤ ਸਬੰਧਾਂ ਕਾਰਨ ਸਾਹਮਣੇ ਆਇਆ ਸੀ। ਖਹਿਰਾ ਦੇ ਨਾਲ-ਨਾਲ ਨਿੱਜੀ ਸੁਰੱਖਿਆ ਅਧਿਕਾਰੀ, ਨਿੱਜੀ ਸਹਾਇਕ, ਯੂ.ਕੇ. ਨਿਵਾਸੀ ਚਰਨਜੀਤ ਕੌਰ ਅਤੇ ਮੇਜਰ ਸਿੰਘ ਬਾਜਵਾ ਨੂੰ ਵੀ ਨਾਮਜ਼ਦ ਕੀਤਾ ਗਿਆ ਸੀ। ਇਸ ਮਾਮਲੇ ਵਿਚ 31 ਅਕਤੂਬਰ 2017 ਨੂੰ ਫਾਜ਼ਿਲਕਾ ਅਦਾਲਤ ਨੇ ਨੌਂ ਵਿਅਕਤੀਆਂ ਨੂੰ ਦੋਸ਼ੀ ਠਹਿਰਾਇਆ ਸੀ, ਜਿਨ੍ਹਾਂ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਸੀ।
ਹਾਲਾਂਕਿ 2015 ‘ਚ ਖਹਿਰਾ ਨੂੰ ਸੁਪਰੀਮ ਕੋਰਟ ਨੇ ਰਾਹਤ ਦੇ ਦਿੱਤੀ ਸੀ। ਸੁਪਰੀਮ ਕੋਰਟ ਨੇ 2015 ਦੇ ਡਰੱਗਜ਼ ਜ਼ਬਤੀ ਕੇਸ ਵਿਚ ਫਾਜ਼ਿਲਕਾ ਦੀ ਇੱਕ ਅਦਾਲਤ ਵੱਲੋਂ ਖਹਿਰਾ ਵਿਰੁੱਧ ਸੰਮਨ ਜਾਰੀ ਕਰਨ ਦੇ ਹੁਕਮ ਨੂੰ ਰੱਦ ਕਰ ਦਿੱਤਾ ਸੀ ਪਰ ਜਲਾਲਾਬਾਦ ਪੁਲਿਸ ਮੁਤਾਬਕ ਉਨ੍ਹਾਂ ਨੂੰ ਖਹਿਰਾ ਖ਼ਿਲਾਫ਼ ਸਬੂਤ ਮਿਲ ਗਏ ਹਨ, ਜਿਸ ਕਾਰਨ ਹੁਣ ਉਨ੍ਹਾਂ ‘ਤੇ ਕਾਰਵਾਈ ਕੀਤੀ ਜਾਵੇਗੀ।

Leave a comment