#PUNJAB

ਅਦਾਲਤ ਵੱਲੋਂ ਕੋਟਕਪੂਰਾ ਗੋਲੀ ਕਾਂਡ ਦੀ ਸੁਣਵਾਈ ਮੁੜ ਸ਼ੁਰੂ

ਫਰੀਦਕੋਟ, 4 ਫਰਵਰੀ (ਪੰਜਾਬ ਮੇਲ)- ਇਥੋਂ ਦੀ ਅਦਾਲਤ ਨੇ ਕੋਟਕਪੂਰਾ ਗੋਲੀ ਕਾਂਡ ਦੀ ਸੁਣਵਾਈ ਮੁੜ ਸ਼ੁਰੂ ਕਰ ਦਿੱਤੀ ਹੈ ਅਤੇ ਇਸ ਦੀ ਅਗਲੀ ਸੁਣਵਾਈ 24 ਫਰਵਰੀ ਨੂੰ ਹੋਵੇਗੀ। ਬਹਿਬਲ ਗੋਲੀ ਕਾਂਡ ਸਬੰਧੀ ਕੇਸ ਫ਼ਰੀਦਕੋਟ ਤੋਂ ਚੰਡੀਗੜ੍ਹ ਅਦਾਲਤ ਤਬਦੀਲ ਕਰ ਦਿੱਤਾ ਗਿਆ ਹੈ। ਪਹਿਲਾਂ ਇਹ ਦੋਵੇਂ ਮੁਕਦਮੇ ਇੱਕੋ ਅਦਾਲਤ ਵਿਚ ਚਲਦੇ ਸਨ ਅਤੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਆਦੇਸ਼ ਦਿੱਤਾ ਸੀ ਕਿ ਇਹ ਦੋਵੇਂ ਕੇਸ ਇੱਕੋ ਅਦਾਲਤ ਵਿਚ ਇਕੱਠੇ ਚੱਲਣਗੇ। ਪਿਛਲੇ ਕਰੀਬ ਇੱਕ ਸਾਲ ਤੋਂ ਇਹ ਵਿਵਾਦ ਚੱਲ ਰਿਹਾ ਸੀ ਕਿ ਕੋਟਕਪੁਰਾ ਗੋਲੀ ਕਾਂਡ ਸਬੰਧੀ ਕੇਸ ਦੀ ਸੁਣਵਾਈ ਚੰਡੀਗੜ੍ਹ ਦੀ ਅਦਾਲਤ ਵਿਚ ਹੋਵੇਗੀ ਜਾਂ ਫਰੀਦਕੋਟ ਦੀ ਅਦਾਲਤ ਵਿਚ। ਜੱਜ ਨੇ ਆਪਣੇ ਫੈਸਲੇ ਵਿਚ ਕਿਹਾ ਹੈ ਕਿ ਪੰਜਾਬ ਤੇ ਹਰਿਆਣਾ ਹਾਈ ਕੋਰਟ ਵੱਲੋਂ ਕੋਟਕਪੂਰਾ ਗੋਲੀ ਕਾਂਡ ਨੂੰ ਚੰਡੀਗੜ੍ਹ ਬਦਲਣ ਬਾਰੇ ਉਨ੍ਹਾਂ ਨੂੰ ਕੋਈ ਹੁਕਮ ਨਹੀਂ ਮਿਲਿਆ, ਇਸ ਲਈ ਮੁਲਜਮਾਂ ਖ਼ਿਲਾਫ਼ ਅਗਲੀ ਕਾਰਵਾਈ ਸ਼ੁਰੂ ਕੀਤੀ ਜਾਵੇ। 24 ਫਰਵਰੀ ਨੂੰ ਅਦਾਲਤ ਮੁਲਜ਼ਮਾਂ ਖਿਲਾਫ ਦੋਸ਼ ਆਇਦ ਕਰਨ ਦੇ ਮੁੱਦੇ ‘ਤੇ ਬਹਿਸ ਸੁਣੇਗੀ। ਕੋਟਕਪੁਰਾ ਗੋਲੀ ਕਾਂਡ ਵਿਚ ਸਾਬਕਾ ਡੀ.ਜੀ.ਪੀ. ਸੁਮੇਧ ਸੈਣੀ, ਆਈ.ਜੀ. ਪਰਮਰਾਜ ਸਿੰਘ ਉਮਰਾ ਨੰਗਲ ਅਤੇ ਅੱਧੀ ਦਰਜਨ ਪੁਲਿਸ ਅਧਿਕਾਰੀਆਂ ਨੇ ਵੀਡੀਓ ਕਾਨਫਰੰਸ ਰਾਹੀਂ ਪੇਸ਼ੀ ਭੁਗਤੀ।