#PUNJAB

ਅਦਾਲਤ ਵੱਲੋਂ ਸ੍ਰੀ ਦਰਬਾਰ ਸਾਹਿਬ ‘ਚ ਬੇਅਦਬੀ ਦੀ ਕੋਸ਼ਿਸ਼ ਕਰਨ ਵਾਲਾ ਮੁਲਜ਼ਮ ਦਾ 1 ਦਿਨ ਦਾ ਰਿਮਾਂਡ ਮਨਜ਼ੂਰ

ਅੰਮ੍ਰਿਤਸਰ, 12 ਜੂਨ (ਪੰਜਾਬ ਮੇਲ)- ਸ੍ਰੀ ਦਰਬਾਰ ਸਾਹਿਬ ਕੰਪਲੈਕਸ ਅੰਦਰ ਗੁਰਦੁਆਰਾ ਬਾਬਾ ਗੁਰਬਖਸ਼ ਸਿੰਘ ਜੀ ਦੇ ਅਸਥਾਨ ‘ਤੇ ਬੇਅਦਬੀ ਕਰਨ ਦੀ ਕੋਸ਼ਿਸ਼ ਕਰਨ ਵਾਲੇ ਨੌਜਵਾਨ ਨੂੰ ਅੱਜ ਅੰਮ੍ਰਿਤਸਰ ਅਦਾਲਤ ‘ਚ ਪੇਸ਼ ਕੀਤਾ ਗਿਆ। ਪੁਲਿਸ ਨੇ ਕਾਨੂੰਨ-ਵਿਵਸਥਾ ਬਣਾਈ ਰੱਖਣ ਦੇ ਮੱਦੇਨਜ਼ਰ ਮੀਡੀਆ ਅਤੇ ਆਮ ਲੋਕਾਂ ਨੂੰ ਦੂਰੀ ‘ਤੇ ਰੱਖਦੇ ਹੋਏ ਮੁਲਜ਼ਮ ਨੂੰ ਅਦਾਲਤ ‘ਚ ਪੇਸ਼ ਕੀਤਾ, ਤਾਂ ਜੋ ਕਿਸੇ ਤਰ੍ਹਾਂ ਦਾ ਇਕੱਠ ਜਾਂ ਹੰਗਾਮਾ ਨਾ ਹੋ ਸਕੇ। ਮਾਨਯੋਗ ਅਦਾਲਤ ਨੇ ਮੁਲਜ਼ਮ ਦਾ ਇੱਕ ਦਿਨ ਦਾ ਪੁਲਿਸ ਰਿਮਾਂਡ ਮਨਜ਼ੂਰ ਕਰ ਲਿਆ ਹੈ। ਹੁਣ ਉਸਨੂੰ ਕੱਲ੍ਹ ਮੁੜ ਅੰਮ੍ਰਿਤਸਰ ਅਦਾਲਤ ‘ਚ ਪੇਸ਼ ਕੀਤਾ ਜਾਵੇਗਾ। ਪੁਲਿਸ ਮੁਲਜ਼ਮ ਤੋਂ ਪੁੱਛਗਿੱਛ ਕਰਕੇ ਇਸ ਦੇ ਪਿੱਛੇ ਦੇ ਮਕਸਦ ਅਤੇ ਕਿਸੇ ਸਾਜ਼ਿਸ਼ ਦਾ ਪਤਾ ਲਾਉਣ ਦੀ ਕੋਸ਼ਿਸ਼ ਕਰ ਰਹੀ ਹੈ।
ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ ਅੰਦਰ ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਵਿਖੇ ਇੱਕ ਵਿਅਕਤੀ ਵੱਲੋਂ ਬੇਅਦਬੀ ਕਰਨ ਦੀ ਕੋਸ਼ਿਸ਼ ਕੀਤੀ ਗਈ ਸੀ। ਇਸ ਦੌਰਾਨ ਮੌਕੇ ‘ਤੇ ਮੌਜੂਦ ਸੰਗਤ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸ.ਜੀ.ਪੀ.ਸੀ.) ਦੇ ਸੇਵਾਦਾਰਾਂ ਨੇ ਤੁਰੰਤ ਕਾਰਵਾਈ ਕਰਦਿਆਂ ਉਕਤ ਵਿਅਕਤੀ ਨੂੰ ਕਾਬੂ ਕਰ ਲਿਆ ਅਤੇ ਪੁਲਿਸ ਦੇ ਹਵਾਲੇ ਕਰ ਦਿੱਤਾ। ਇਸ ਘਟਨਾ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਇਸ ਦੀ ਸਖ਼ਤ ਸ਼ਬਦਾਂ ‘ਚ ਨਿੰਦਾ ਕੀਤੀ ਗਈ ਸੀ।