#PUNJAB

ਅਮਨ ਅਰੋੜਾ ਨੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਵਿੱਚ 14 ਐਸ.ਡੀ.ਓਜ਼. ਅਤੇ ਤਿੰਨ ਜੇ.ਈਜ਼. ਨੂੰ ਨਿਯੁਕਤੀ ਪੱਤਰ ਸੌਂਪੇ

 ਇੱਕ ਸਾਲ ਵਿੱਚ 26,797 ਨੌਕਰੀਆਂ ਕੀਤੀਆਂ ਦਿੱਤੀਆਂ: ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ
ਚੰਡੀਗੜ੍ਹ, 13 ਮਾਰਚ (ਪੰਜਾਬ ਮੇਲ)- ਪੰਜਾਬ ਦੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਮੋਹਾਲੀ ਕਲੱਬ, ਐਸ.ਏ.ਐਸ. ਨਗਰ ਵਿਖੇ 14 ਐਸ.ਡੀ.ਓਜ਼. ਅਤੇ 3 ਜੇ.ਈਜ਼. ਨੂੰ ਨਿਯੁਕਤੀ ਪੱਤਰ ਸੌਂਪੇ।
ਵਿਭਾਗ ਵਿੱਚ ਆਏ ਅਧਿਕਾਰੀਆਂ ਦਾ ਸਵਾਗਤ ਕਰਦਿਆਂ ਸ੍ਰੀ ਅਮਨ ਅਰੋੜਾ ਨੇ ਉਨ੍ਹਾਂ ਨੂੰ ਪੂਰੀ ਇਮਾਨਦਾਰੀ ਅਤੇ ਸੁਹਿਰਦਤਾ ਨਾਲ ਆਪਣੀ ਡਿਊਟੀ ਨਿਭਾਉਣ ਲਈ ਪ੍ਰੇਰਿਆ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਲੋਕਾਂ ਨੂੰ ਪਾਰਦਰਸ਼ੀ ਅਤੇ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਯਕੀਨੀ ਬਣਾਉਣ ਲਈ ਵਚਨਬੱਧ ਹੈ ਅਤੇ ਉਨ੍ਹਾਂ ਨੂੰ ਵੀ ਲੋਕਾਂ ਨੂੰ ਸੇਵਾਵਾਂ ਪ੍ਰਦਾਨ ਕਰਦੇ ਸਮੇਂ ਇਸ ਏਜੰਡੇ ਨੂੰ ਅਪਨਾਉਣਾ ਚਾਹੀਦਾ ਹੈ। ਉਨ੍ਹਾਂ ਸਾਰੇ ਨਵ-ਨਿਯੁਕਤ ਅਧਿਕਾਰੀਆਂ ਨੂੰ ਭਵਿੱਖ ਲਈ ਸ਼ੁੱਭਕਾਮਨਾਵਾਂ ਵੀ ਦਿੱਤੀਆਂ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਨੌਜਵਾਨਾਂ ਨੂੰ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰਨ ਲਈ ਠੋਸ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਮੁੱਖ ਮੰਤਰੀ ਸ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਸੱਤਾ ਸੰਭਾਲਣ ਦੇ ਮਹਿਜ਼ ਇੱਕ ਸਾਲ ਦੇ ਅੰਦਰ ਹੀ 26,797 ਨੌਜਵਾਨਾਂ ਨੂੰ ਨੌਕਰੀਆਂ ਮੁਹੱਈਆ ਕਰਵਾਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਆਪਣੇ ਮੁਲਾਜ਼ਮਾਂ ਦੀ ਭਲਾਈ ਲਈ ਵਚਨਬੱਧ ਹੈ।
ਇਸ ਮੌਕੇ ਪ੍ਰਮੁੱਖ ਸਕੱਤਰ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਸ੍ਰੀ ਅਜੋਏ ਕੁਮਾਰ ਸਿਨਹਾ, ਪੁੱਡਾ ਦੇ ਮੁੱਖ ਪ੍ਰਸ਼ਾਸਕ ਸ੍ਰੀਮਤੀ ਅਪਨੀਤ ਰਿਆਤ, ਗਮਾਡਾ ਦੇ ਮੁੱਖ ਪ੍ਰਸ਼ਾਸਕ ਸ੍ਰੀ ਅਮਨਦੀਪ ਬਾਂਸਲ ਅਤੇ ਵਿਭਾਗ ਦੇ ਹੋਰ ਅਧਿਕਾਰੀ ਵੀ ਮੌਜੂਦ ਸਨ।

Leave a comment