#AMERICA

ਅਮਰੀਕਨ ਸਿੱਖ ਕਾਕਸ ਕਮੇਟੀ ਵੱਲੋਂ ਅਮਰੀਕੀ ਕਾਂਗਰਸਮੈਨਾਂ ਦਾ ਕੀਤਾ ਗਿਆ ਧੰਨਵਾਦ

ਵਾਸ਼ਿੰਗਟਨ ਡੀ.ਸੀ., 21 ਜੂਨ (ਪੰਜਾਬ ਮੇਲ)- ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਮਰੀਕਾ ਫੇਰੀ ਦੌਰਾਨ ਇਥੋਂ ਦੇ 18 ਸੈਨੇਟਰ ਅਤੇ 57 ਕਾਂਗਰਸਮੈਨਾਂ ਨੇ ਇਕ ਸਾਂਝੇ ਤੌਰ ‘ਤੇ ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਇਡਨ ਨੂੰ ਇਕ ਪੱਤਰ ਲਿਖਿਆ ਹੈ, ਜਿਸ ਵਿਚ ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਦੌਰਾਨ ਹੋਣ ਵਾਲੀ ਗੱਲਬਾਤ ਮੌਕੇ ਕੁੱਝ ਅਹਿਮ ਮੁੱਦੇ ਚੁੱਕਣ ਦੀ ਅਪੀਲ ਕੀਤੀ ਹੈ। ਇਨ੍ਹਾਂ ਅਮਰੀਕੀ ਆਗੂਆਂ ਨੇ ਪੱਤਰ ਵਿਚ ਲਿਖਿਆ ਹੈ ਕਿ ਅਸੀਂ ਰਾਜਨੀਤਿਕ ਭਾਈਵਾਲੀ ਨੂੰ ਹੋਰ ਡੂੰਘਾ ਕਰਨ ਲਈ ”ਅਮਰੀਕਾ-ਭਾਰਤ ਰੱਖਿਆ ਉਦਯੋਗਿਕ ਸਹਿਯੋਗ ਲਈ ਰੋਡਮੈਪ” ਨੂੰ ਅੰਤਿਮ ਰੂਪ ਦੇਣ ਲਈ ਰੱਖਿਆ ਸਕੱਤਰ ਲਾਇਡ ਔਸਟਿਨ ਦੀ ਨਵੀਂ ਦਿੱਲੀ ਦੀ ਯਾਤਰਾ ਦਾ ਸਮਰਥਨ ਕਰਦੇ ਹਾਂ ਅਤੇ ਨਾਲ ਦੀ ਨਾਲ ਇਨ੍ਹਾਂ ਆਗੂਆਂ ਨੇ ਇਹ ਵੀ ਕਿਹਾ ਕਿ ਬਹੁਤ ਸਾਰੇ ਚਿੰਤਾ ਦੇ ਮਸਲੇ ਹਨ, ਜਿਹੜੇ ਕਿ ਰਾਸ਼ਟਰਪਤੀ ਜੋਅ ਬਾਇਡਨ ਨੂੰ ਪ੍ਰਧਾਨ ਮੰਤਰੀ ਮੋਦੀ ਕੋਲ ਉਠਾਉਣੇ ਚਾਹੀਦੇ ਹਨ। ਇਨ੍ਹਾਂ ਆਗੂਆਂ ਨੇ ਕਿਹਾ ਕਿ ਭਾਰਤ ਵਿਚ ਧਾਰਮਿਕ ਅਸਹਿਣਸ਼ੀਲਤਾ ਦੇ ਵਧਣ, ਸਿਵਲ ਸੁਸਾਇਟੀ ਸੰਸਥਾਵਾਂ, ਪੱਤਰਕਾਰਾਂ ਨੂੰ ਨਿਸ਼ਾਨਾ ਬਣਾਉਣ ਅਤੇ ਪ੍ਰੈੱਸ ਦੀ ਆਜ਼ਾਦੀ ਅਤੇ ਇੰਟਰਨੈੱਟ ‘ਤੇ ਪਾਬੰਦੀਆਂ ਵੱਧ ਰਹੀਆਂ ਹਨ।
ਭਾਰਤ ਵਿਚ ਅੰਤਰਰਾਸ਼ਟਰੀ ਧਾਰਮਿਕ ਆਜ਼ਾਦੀ ਬਾਰੇ ਵਿਦੇਸ਼ ਵਿਭਾਗ ਦੀ 2022 ਦੀ ਰਿਪੋਰਟ ਅਨੁਸਾਰ ਘੱਟ-ਗਿਣਤੀਆਂ ਪ੍ਰਤੀ ਧਾਰਮਿਕ ਅਸਹਿਣਸ਼ੀਲਤਾ ‘ਚ ਚਿੰਤਾਜਨਕ ਵਾਧਾ ਹੋਇਆ ਹੈ। ਇਸ ਵਕਤ ਭਾਰਤ ਲਗਾਤਾਰ ਪੰਜਵੇਂ ਸਾਲ ਸਭ ਤੋਂ ਵੱਧ ਇੰਟਰਨੈੱਟ ਬੰਦ ਹੋਣ ਦੇ ਮਾਮਲੇ ਵਿਚ ਪਹਿਲੇ ਸਥਾਨ ‘ਤੇ ਹੈ।
ਇਨ੍ਹਾਂ ਆਗੂਆਂ ਨੇ ਰਾਸ਼ਟਰਪਤੀ ਜੋਅ ਬਾਇਡਨ ਨੂੰ ਅਪੀਲ ਕੀਤੀ ਕਿ ਉਹ ਆਪਣੀ ਮੁਲਾਕਾਤ ਦੌਰਾਨ ਪ੍ਰਧਾਨ ਮੰਤਰੀ ਮੋਦੀ ਨਾਲ ਇਨ੍ਹਾਂ ਮਸਲਿਆਂ ਬਾਰੇ ਜ਼ਰੂਰ ਚਰਚਾ ਕਰਨ। ਅਮਰੀਕਨ ਸਿੱਖ ਕਾਕਸ ਕਮੇਟੀ ਡਾ. ਪ੍ਰਿਤਪਾਲ ਸਿੰਘ, ਯਾਦਵਿੰਦਰ ਸਿੰਘ ਅਤੇ ਜੁਗਰਾਜ ਸਿੰਘ ਨੇ ਇਨ੍ਹਾਂ ਆਗੂਆਂ ਵੱਲੋਂ ਰਾਸ਼ਟਰਪਤੀ ਜੋਅ ਬਾਇਡਨ ਇਸ ਸੰਬੰਧੀ ਅਗਾਹ ਕਰਾਉਣ ‘ਤੇ ਧੰਨਵਾਦ ਕੀਤਾ ਹੈ।

Leave a comment