#PUNJAB

ਅਮਰੀਕਾ ਦੇ ਭਾਰਤ ’ਚ Ambassador ਐਰਿਕ ਗਾਰਸੇਟੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਐਡਵੋਕਟ ਧਾਮੀ ਵੱਲੋਂ ਕੀਤਾ ਗਿਆ ਸਨਮਾਨਿਤ
ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਅਮਰੀਕਾ ਲਈ ਸਿੱਧੀ ਉਡਾਣ ਸ਼ੁਰੂ ਕਰਨ ਲਈ ਆਖਿਆ
ਅੰਮ੍ਰਿਤਸਰ, 26 ਫ਼ਰਵਰੀ (ਪੰਜਾਬ ਮੇਲ)- ਸੰਯੁਕਤ ਰਾਜ ਅਮਰੀਕਾ ਦੇ ਭਾਰਤ ਵਿੱਚ ਅੰਬੈਸਡਰ ਐਰਿਕ ਗਾਰਸੇਟੀ ਅੱਜ ਆਪਣੀ ਪਤਨੀ ਐਮੀ ਵੇਕਲੈਂਡ ਸਮੇਤ ਪਰਿਵਾਰਕ ਮੈਂਬਰਾਂ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਦੌਰਾਨ ਅੰਬੈਸਡਰ ਗਾਰਸੇਟੀ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਗੁਰਬਾਣੀ ਕੀਰਤਨ ਸਰਵਣ ਕੀਤਾ। ਉਹ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਵਿਖੇ ਵੀ ਗਏ, ਜਿਥੇ ਉਨ੍ਹਾਂ ਨੇ ਲੰਗਰ ਸੇਵਾ ਕੀਤੀ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੰਬੈਸਡਰ ਗਾਰਸੇਟੀ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦਾ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਸੁਨਹਿਰੀ ਮਾਡਲ, ਪੁਸਤਕਾਂ ਅਤੇ ਲੋਈ ਦੇ ਕੇ ਸਨਮਾਨ ਕੀਤਾ। ਇਸ ਤੋਂ ਪਹਿਲਾਂ ਐਡਵੋਕੇਟ ਧਾਮੀ ਅਤੇ ਅੰਬੈਸਡਰ ਗਾਰਸੇਟੀ ਨੇ ਮੁਲਾਕਾਤ ਦੌਰਾਨ ਵੱਖ-ਵੱਖ ਵਿਸ਼ਿਆਂ ਉੱਤੇ ਵਿਚਾਰ ਚਰਚਾ ਕੀਤੀ। ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਅਮਰੀਕਾ ਵਿੱਚ ਵੱਡੀ ਗਿਣਤੀ ਵਿੱਚ ਸਿੱਖ ਅਤੇ ਪੰਜਾਬੀ ਭਾਈਚਾਰਾ ਰਹਿੰਦਾ ਹੈ। ਸ੍ਰੀ ਅੰਮ੍ਰਿਤਸਰ ਤੋਂ ਅਮਰੀਕਾ ਲਈ ਸਿੱਧੀ ਉਡਾਣ ਨਾ ਹੋਣ ਕਰਕੇ ਅੰਮ੍ਰਿਤਸਰ ਆਉਣ ਵਾਲੇ ਯਾਤਰੂਆਂ ਨੂੰ ਵੱਡੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਅੰਬੈਸਟਰ ਗਾਰਸੇਟੀ ਨੂੰ ਕਿਹਾ ਕਿ ਲੰਮੇ ਸਮੇਂ ਤੋਂ ਕੀਤੀ ਜਾ ਰਹੀ ਮੰਗ ਅਨੁਸਾਰ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਅਮਰੀਕਾ ਲਈ ਸਿੱਧੀਆਂ ਉਡਾਣਾਂ ਸ਼ੁਰੂ ਕਰਨ ਲਈ ਉਚੇਚੇ ਯਤਨ ਕੀਤੇ ਜਾਣ। ਇਸ ’ਤੇ  ਅੰਬੈਸਡਰ ਨੇ ਸਕਾਰਾਤਮਕ ਹੁੰਗਾਰਾ ਭਰਦਿਆਂ ਕਿਹਾ ਕਿ ਉਹ ਆਪਣੇ ਅਧਿਕਾਰ ਖੇਤਰ ਵਿਚ ਰਹਿ ਕੇ ਇਸ ਪ੍ਰਤੀ ਜ਼ਰੂਰ ਗੱਲ ਕਰਨਗੇ।
ਇਸੇ ਦੌਰਾਨ ਅੰਬੈਸਡਰ ਗਾਰਸੇਟੀ ਨੇ ਆਪਣੀ ਫੇਰੀ ਬਾਰੇ ਯਾਤਰੂ ਬੁੱਕ ਵਿੱਚ ਅੰਕਿਤ ਕੀਤਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸੰਸਾਰ ਭਰ ’ਚ ਉਹ ਧਾਰਮਿਕ ਅਸਥਾਨ ਹੈ, ਜਿਥੇ ਆ ਕੇ ਮਨੁੱਖ ਨੂੰ ਰੂਹਾਨੀਅਤ ਦਾ ਅਹਿਸਾਸ ਹੁੰਦਾ ਹੈ। ਇਥੇ ਬਿਨਾਂ ਵਿਤਕਰੇ ਤੋਂ ਮਨੁੱਖਤਾ ਦੀ ਸੇਵਾ ਕੀਤੀ ਜਾਂਦੀ ਹੈ, ਜੋ ਸਿੱਖ ਧਰਮ ਦੀ ਵਿਲੱਖਣਤਾ ਹੈ। ਉਨ੍ਹਾਂ ਅਮਰੀਕਾ ਸਮੇਤ ਸੰਸਾਰ ਭਰ ਦੇ ਲੋਕਾਂ ਲਈ ਸ਼ਾਂਤੀ ਦੀ ਅਰਦਾਸ ਵੀ ਕੀਤੀ।