#CANADA

ਅਸੀਂ ਭਾਰਤ ਨੂੰ ਭੜਕਾਉਣ ਜਾਂ ਤਣਾਅ ਵਧਾਉਣ ਦੀ ਕੋਸ਼ਿਸ਼ ਨਹੀਂ ਕਰ ਰਹੇ : ਟਰੂਡੋ

-ਕਿਹਾ : ਭਾਰਤ ਸਰਕਾਰ ਇੱਕ ਸਿੱਖ ਵੱਖਵਾਦੀ ਦੀ ਹੱਤਿਆ ਨੂੰ ”ਬਹੁਤ ਗੰਭੀਰਤਾ ਨਾਲ” ਲਵੇ
ਟੋਰਾਂਟੋ, 9 ਅਕਤੂਬਰ (ਪੰਜਾਬ ਮੇਲ)- ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਭਾਰਤ ਨਾਲ ਵਧਦੇ ਤਣਾਅ ਦੇ ਵਿਚਕਾਰ ਇਕ ਬਿਆਨ ਜਾਰੀ ਕਰਦਿਆਂ ਕਿਹਾ ਹੈ ਕਿ ਉਹ ਭਾਰਤ ਨੂੰ ”ਉਕਸਾਉਣ” ਜਾਂ ਤਣਾਅ ਨੂੰ ”ਵਧਾਉਣ” ਦੀ ਕੋਸ਼ਿਸ਼ ਨਹੀਂ ਕਰ ਰਹੇ ਹਨ, ਪਰ ਚਾਹੁੰਦੇ ਹਨ ਕਿ ਭਾਰਤ ਸਰਕਾਰ ਇੱਕ ਸਿੱਖ ਵੱਖਵਾਦੀ ਦੀ ਹੱਤਿਆ ਨੂੰ ”ਬਹੁਤ ਗੰਭੀਰਤਾ ਨਾਲ” ਲਵੇ।
ਜਸਟਿਨ ਟਰੂਡੋ ਨੇ ਪੱਤਰਕਾਰਾਂ ਨੂੰ ਕਿਹਾ, ”ਅਸੀਂ ਭੜਕਾਉਣ ਜਾਂ ਤਣਾਅ ਵਧਾਉਣ ਦੀ ਕੋਸ਼ਿਸ਼ ਨਹੀਂ ਕਰ ਰਹੇ ਹਾਂ। ਅਸੀਂ ਭਾਰਤ ਸਰਕਾਰ ਨਾਲ ਮਿਲ ਕੇ ਕੰਮ ਕਰਨਾ ਚਾਹੁੰਦੇ ਹਾਂ, ਤਾਂ ਜੋ ਸਭ ਕੁਝ ਸਪੱਸ਼ਟ ਕੀਤਾ ਜਾ ਸਕੇ ਅਤੇ ਇਹ ਯਕੀਨੀ ਬਣਾਇਆ ਜਾ ਸਕੇ ਕਿ ਤੱਥ ਸਹੀ ਹਨ ਜਾਂ ਨਹੀਂ।” ਸੋਮਵਾਰ ਨੂੰ ਹਾਊਸ ਆਫ਼ ਕਾਮਨਜ਼ ਵਿਚ ਇੱਕ ਭਾਸ਼ਣ ਵਿਚ ਜਸਟਿਨ ਟਰੂਡੋ ਨੇ ਕਿਹਾ ਕਿ ਕੈਨੇਡੀਅਨ ਸੁਰੱਖਿਆ ਏਜੰਸੀਆਂ ”ਭਾਰਤ ਸਰਕਾਰ ਦੇ ਏਜੰਟਾਂ ਅਤੇ ਇੱਕ ਕੈਨੇਡੀਅਨ ਨਾਗਰਿਕ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਦੇ ਵਿਚਕਾਰ ਇੱਕ ਸੰਭਾਵੀ ਸਬੰਧ ਦੇ ਭਰੋਸੇਯੋਗ ਦੋਸ਼ਾਂ ਦੀ ਸਰਗਰਮੀ ਨਾਲ ਜਾਂਚ ਕਰ ਰਹੀਆਂ ਹਨ”।
ਜ਼ਿਕਰਯੋਗ ਹੈ ਕਿ ਜਸਟਿਨ ਟਰੂਡੋ ਨੇ ਇਸ ਤੋਂ ਪਹਿਲਾਂ ਜੂਨ ‘ਚ ਹੋਏ ਹਰਦੀਪ ਸਿੰਘ ਨਿੱਝਰ ਦੇ ਕਤਲ ‘ਚ ”ਭਾਰਤ ਸਰਕਾਰ ਦੇ ਏਜੰਟਾਂ” ਦੀ ਸ਼ਮੂਲੀਅਤ ਦਾ ਦੋਸ਼ ਲਗਾਇਆ ਸੀ। ਉੱਧਰ ਭਾਰਤ ਨੇ ਟਰੂਡੋ ਦੇ ਦਾਅਵਿਆਂ ਨੂੰ ਰੱਦ ਕਰ ਦਿੱਤਾ ਹੈ। ਇਸ ਵਿਵਾਦ ‘ਤੇ ਅਮਰੀਕਾ ਨੇ ਕਿਹਾ ਸੀ ਕਿ ਉਹ ਦੋਸ਼ਾਂ ਬਾਰੇ ”ਡੂੰਘਾ ਚਿੰਤਤ” ਹੈ।

Leave a comment