-ਦਾਦੀ ਦੇ ਸਸਕਾਰ ਤੇ ਭੋਗ ਲਈ 14 ਨਵੰਬਰ ਤੋਂ 17 ਨਵੰਬਰ ਤੱਕ ਮੰਗੀ ਗਈ ਹੈ ਪੈਰੋਲ
ਅੰਮ੍ਰਿਤਸਰ, 12 ਨਵੰਬਰ (ਪੰਜਾਬ ਮੇਲ)- ਸੰਸਦ ਮੈਂਬਰ ਅਤੇ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਆਗੂ ਅੰਮ੍ਰਿਤਪਾਲ ਸਿੰਘ ਦੀ ਪੈਰੋਲ ਅਰਜ਼ੀ ਦੇ ਮਾਮਲੇ ਵਿਚ ਅੱਜ ਸਥਾਨਕ ਅਦਾਲਤ ਨੇ ਸੁਣਵਾਈ ਕਰਦਿਆਂ ਪੰਜਾਬ ਸਰਕਾਰ ਕੋਲੋਂ ਜਵਾਬ ਮੰਗਿਆ ਹੈ। ਇਸ ਮਾਮਲੇ ‘ਤੇ ਅਗਲੀ ਸੁਣਵਾਈ ਭਲਕੇ 13 ਨਵੰਬਰ ਨੂੰ ਹੋਵੇਗੀ।
ਅੰਮ੍ਰਿਤਪਾਲ ਸਿੰਘ ਦੀ ਦਾਦੀ ਦਾ ਦੇਹਾਂਤ ਦੀਵਾਲੀ ਵਾਲੀ ਸ਼ਾਮ ਹੋ ਗਿਆ ਸੀ। ਮ੍ਰਿਤਕ ਦੇਹ ਦਾ ਸਸਕਾਰ 14 ਨਵੰਬਰ ਨੂੰ ਕੀਤਾ ਜਾਣਾ ਹੈ। ਸਸਕਾਰ ਮੌਕੇ ਅੰਮ੍ਰਿਤਪਾਲ ਸਿੰਘ ਸਮੇਤ ਉਸ ਦੇ ਚਾਚਾ ਅਤੇ ਇੱਕ ਹੋਰ ਰਿਸ਼ਤੇਦਾਰ ਦੀ ਹਾਜ਼ਰੀ ਲਈ ਉਨ੍ਹਾਂ ਵੱਲੋਂ ਅਦਾਲਤ ਵਿਚ ਪੈਰੋਲ ਅਰਜ਼ੀ ਦਾਖਲ ਕੀਤੀ ਗਈ ਹੈ।
ਇਸ ਸਬੰਧ ਵਿਚ ਜਾਣਕਾਰੀ ਦਿੰਦਿਆਂ ਐਡਵੋਕੇਟ ਕਰਮਵੀਰ ਸਿੰਘ ਪੰਨੂ ਨੇ ਦੱਸਿਆ ਕਿ ਅਦਾਲਤ ਨੇ ਇਸ ਮਾਮਲੇ ‘ਤੇ ਸੁਣਵਾਈ ਕਰਦਿਆਂ ਪੰਜਾਬ ਸਰਕਾਰ ਕੋਲੋਂ ਜਵਾਬ ਮੰਗਿਆ ਹੈ। ਇਸ ਮਾਮਲੇ ਦੀ ਅਗਲੀ ਸੁਣਵਾਈ ਭਲਕੇ 13 ਨਵੰਬਰ ਨੂੰ ਹੋਵੇਗੀ।
ਉਨ੍ਹਾਂ ਦੱਸਿਆ ਕਿ ਅੰਮ੍ਰਿਤਪਾਲ ਸਿੰਘ, ਉਸ ਦੇ ਚਾਚਾ ਅਤੇ ਇੱਕ ਰਿਸ਼ਤੇਦਾਰ ਵਾਸਤੇ ਸਸਕਾਰ ਵਾਲੇ ਦਿਨ 14 ਨਵੰਬਰ ਤੋਂ ਲੈ ਕੇ ਭੋਗ 17 ਨਵੰਬਰ ਤੱਕ ਪੈਰੋਲ ਛੁੱਟੀ ਦੀ ਮੰਗ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਪਾਰਟੀ ਵੱਲੋਂ ਇਸ ਸਬੰਧ ਵਿਚ ਕੇਂਦਰੀ ਗ੍ਰਹਿ ਮੰਤਰੀ ਨੂੰ ਵੀ ਪੱਤਰ ਭੇਜ ਕੇ ਇਸ ਮਾਮਲੇ ਨੂੰ ਮਨੁੱਖੀ ਪੱਖ ਨਾਲ ਵਿਚਾਰਦਿਆਂ ਪੈਰੋਲ ਛੁੱਟੀ ਦੇਣ ਦੀ ਮੰਗ ਕੀਤੀ ਜਾ ਚੁੱਕੀ ਹੈ।
ਅੰਮ੍ਰਿਤਪਾਲ ਦੀ ਪੈਰੋਲ ਅਰਜ਼ੀ ‘ਤੇ ਅਦਾਲਤ ਨੇ ਪੰਜਾਬ ਸਰਕਾਰ ਤੋਂ ਮੰਗਿਆ ਜਵਾਬ

