ਅੰਮ੍ਰਿਤਸਰ, 21 ਜੂਨ (ਪੰਜਾਬ ਮੇਲ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿਚ ਨਜ਼ਰਬੰਦ ਖਡੂਰ ਸਾਹਿਬ ਤੋਂ ਸਾਂਸਦ ਚੁਣੇ ਗਏ ਅੰਮ੍ਰਿਤਪਾਲ ਸਿੰਘ ਅਤੇ ਹੋਰ ਸਿੰਘਾਂ ’ਤੇ ਲਗਾਈ ਗਈ ਐੱਨ. ਐੱਸ. ਏ. ਵਿਚ ਇਕ ਸਾਲ ਦਾ ਹੋਰ ਵਾਧਾ ਕਰਨ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਹਾਲ ਹੀ ਵਿਚ ਲੋਕ ਸਭਾ ਚੋਣਾਂ ਤੋਂ ਬਾਅਦ ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਦੇ ਲੋਕਾਂ ਨੇ ਵੱਡੀ ਗਿਣਤੀ ਵਿਚ ਵੋਟਾਂ ਪਾ ਕੇ ਖਡੂਰ ਸਾਹਿਬ ਸੰਸਦੀ ਹਲਕੇ ਤੋਂ ਸੰਸਦ ਮੈਂਬਰ ਚੁਣਿਆ ਹੈ ਪਰ ਸੂਬਾ ਅਤੇ ਕੇਂਦਰ ਦੀ ਸਰਕਾਰ ਨੇ ਪੰਜਾਬ ਦੇ ਲੋਕਾਂ ਦੀਆਂ ਭਾਵਨਾਵਾਂ ਦਾ ਨਿਰਾਦਰ ਕਰਦਿਆਂ ਅੰਮ੍ਰਿਤਪਾਲ ਸਿੰਘ ਉੱਤੇ ਐੱਨ. ਐੱਸ. ਏ. ਵਧਾਉਣ ਦੀ ਇਹ ਅਤਿ ਨਿੰਦਣਯਗ ਕਾਰਵਾਈ ਕੀਤੀ ਹੈ, ਜੋ ਮਨੁੱਖੀ ਅਧਿਕਾਰਾਂ ਦੇ ਮੱਦੇਨਜ਼ਰ ਉਚਿਤ ਨਹੀਂ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਇਨ੍ਹਾਂ ਨੌਜਵਾਨਾਂ ਵੱਲੋਂ ਕੋਈ ਅਜਿਹਾ ਗੁਨਾਹ ਨਹੀਂ ਕੀਤਾ ਗਿਆ ਕਿ ਇਨ੍ਹਾਂ ਨੂੰ ਦੇਸ਼ ਵਿਰੋਧੀ ਗਰਦਾਨ ਕੇ ਸੂਬੇ ਤੋਂ ਬਾਹਰ ਹਜ਼ਾਰਾਂ ਕਿਲੋਮੀਟਰ ਦੂਰ ਜੇਲ੍ਹਾਂ ਵਿਚ ਬੰਦ ਰੱਖਿਆ ਜਾਵੇ। ਐਡਵੋਕੇਟ ਧਾਮੀ ਨੇ ਪੰਜਾਬ ਅਤੇ ਕੇਂਦਰ ਸਰਕਾਰ ਨੂੰ ਕਿਹਾ ਕਿ ਡਿਬਰੂਗੜ੍ਹ ਜੇਲ੍ਹ ਵਿਚ ਨਜ਼ਰਬੰਦ ਨੌਜਵਾਨਾਂ ’ਤੇ ਲਗਾਈ ਗਈ ਐੱਨ. ਐੱਸ. ਏ. ਖ਼ਤਮ ਕੀਤੀ ਜਾਵੇ ਅਤੇ ਉਨ੍ਹਾਂ ਨੂੰ ਰਿਹਾਅ ਕੀਤਾ ਜਾਵੇ।