#PUNJAB

ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ; ਹੁਣ ਤੱਕ 114 ਲੋਕ ਗ੍ਰਿਫ਼ਤਾਰ

ਚੰਡੀਗੜ੍ਹ, 20 ਮਾਰਚ (ਪੰਜਾਬ ਮੇਲ)- ‘ਵਾਰਿਸ ਪੰਜਾਬ ਦੇ’ ਜੱਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਪੰਜਾਬ ਪੁਲਿਸ ਵੱਲੋਂ ਅਹਿਮ ਪ੍ਰੈੱਸ ਕਾਨਫਰੰਸ ਕੀਤੀ ਗਈ ਹੈ। ਇਸ ਦੌਰਾਨ ਮੀਡੀਆ ਨਾਲ ਗੱਲਬਾਤ ਕਰਦਿਆਂ ਪੰਜਾਬ ਪੁਲਿਸ ਦੇ ਆਈ. ਜੀ. ਸੁਖਚੈਨ ਸਿੰਘ ਗਿੱਲ ਨੇ ਵੱਡੇ ਖ਼ੁਲਾਸੇ ਕੀਤੇ ਹਨ। ਉਨ੍ਹਾਂ ਨੇ ਦੱਸਿਆ ਕਿ ਇਸ ਮਾਮਲੇ ‘ਚ ਹੁਣ ਤੱਕ 114 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜਦੋਂ ਕਿ ਅੰਮ੍ਰਿਤਪਾਲ ਅਜੇ ਫ਼ਰਾਰ ਹੈ। ਉਨ੍ਹਾਂ ਨੇ ਅੰਮ੍ਰਿਤਪਾਲ ਦੇ ਆਈ.ਐੱਸ.ਆਈ. ਨਾਲ ਸਬੰਧ ਹੋਣ ਦੀ ਵੀ ਗੱਲ ਕਹੀ। ਉਨ੍ਹਾਂ ਕਿਹਾ ਕਿ ਅਨੰਦਪੁਰ ਖ਼ਾਲਸਾ ਫੋਰਸ (ਏ.ਕੇ.ਐੱਫ.) ਨਾਂ ਤੋਂ ਫੋਰਸ ਖੜ੍ਹੀ ਕੀਤੀ ਜਾ ਰਹੀ ਸੀ ਅਤੇ ਇਸ ਸਬੰਧੀ ਕਾਰਵਾਈ ਲਗਾਤਾਰ ਜਾਰੀ ਹੈ।
ਉਨ੍ਹਾਂ ਦੱਸਿਆ ਕਿ ਇਸ ਕੇਸ ‘ਚ 10 ਹਥਿਆਰ ਅਤੇ 430 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ। ਇਸ ਤੋਂ ਇਲਾਵਾ ਅੰਮ੍ਰਿਤਪਾਲ ਦੇ 5 ਸਾਥੀਆਂ ‘ਤੇ ਨੈਸ਼ਨਲ ਸਕਿਓਰਿਟੀ ਐਕਟ (ਐੱਨ.ਐੱਸ.ਏ.) ਲਾਇਆ ਗਿਆ ਹੈ। ਆਈ.ਜੀ. ਨੇ ਵੱਡਾ ਖ਼ੁਲਾਸਾ ਕਰਦਿਆਂ ਕਿਹਾ ਕਿ ਤੱਥਾਂ ਦੇ ਆਧਾਰ ‘ਤੇ ਅੰਮ੍ਰਿਤਪਾਲ ‘ਤੇ ਵੀ ਐੱਨ.ਐੱਸ.ਏ. ਲਾਇਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਅੰਮ੍ਰਿਤਪਾਲ ਅਜੇ ਪੰਜਾਬ ਪੁਲਿਸ ਦੀ ਹਿਰਾਸਤ ‘ਚ ਨਹੀਂ ਹੈ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਹੈ ਕਿ ਕਿਸੇ ਵੀ ਤਰ੍ਹਾਂ ਦੀ ਅਫ਼ਵਾਹ ਅਤੇ ਫਰਜ਼ੀ ਖ਼ਬਰਾਂ ‘ਤੇ ਧਿਆਨ ਨਾ ਦੇਣ। ਉਨ੍ਹਾਂ ਨੇ ਮੀਡੀਆ ਨੂੰ ਵੀ ਖ਼ਬਰ ਦੇਣ ਤੋਂ ਪਹਿਲਾਂ ਪੂਰੀ ਤਰ੍ਹਾਂ ਜਾਂਚ ਕਰਨ ਲਈ ਕਿਹਾ ਹੈ, ਜਿਸ ਨਾਲ ਪੰਜਾਬ ਦਾ ਮਾਹੌਲ ਖ਼ਰਾਬ ਨਾ ਹੋਵੇ।
ਆਈ.ਜੀ. ਸੁਖਚੈਨ ਸਿੰਘ ਗਿੱਲ ਨੇ ਪੰਜਾਬ ‘ਚ ਇੰਟਰਨੈੱਟ ਬੰਦ ਹੋਣ ਦੇ ਸਵਾਲ ਦਾ ਜਵਾਬ ਦਿੰਦਿਆਂ ਕਿਹਾ ਕਿ ਸੂਬੇ ‘ਚ ਅਮਨ-ਸ਼ਾਂਤੀ ਨੂੰ ਕਾਇਮ ਰੱਖਣ ਲਈ ਇਹ ਫ਼ੈਸਲਾ ਲਿਆ ਗਿਆ ਹੈ ਅਤੇ ਅੱਗੇ ਜਿਵੇਂ ਹੀ ਹਾਲਾਤ ਹੋਣਗੇ, ਉਨ੍ਹਾਂ ਨੂੰ ਦੇਖ ਕੇ ਹੀ ਫ਼ੈਸਲਾ ਲਿਆ ਜਾਵੇਗਾ ਕਿ ਇੰਟਰਨੈੱਟ ਬੰਦ ਕਰਨਾ ਹੈ ਜਾਂ ਨਹੀਂ। ਉਨ੍ਹਾਂ ਕਿਹਾ ਕਿ ਪੂਰੇ ਸੂਬੇ ‘ਚ ਇਸ ਸਮੇਂ ਸ਼ਾਂਤੀ ਹੈ ਅਤੇ ਕਿਤੇ ਵੀ ਕਿਸੇ ਤਰ੍ਹਾਂ ਦੀ ਅਣਸੁਖਾਵੀਂ ਘਟਨਾ ਵਾਪਰਨ ਦੀ ਕੋਈ ਖ਼ਬਰ ਨਹੀਂ ਹੈ।

Leave a comment