#PUNJAB

ਅੰਮ੍ਰਿਤਪਾਲ ਸਿੰਘ ਸੰਸਦ ਮੈਂਬਰ ਵਜੋਂ ਭਲਕੇ ਲਵੇਗਾ ਹਲਫ਼

ਚਾਰ ਦਿਨਾਂ ਦੀ ਮਿਲੀ ਪੈਰੋਲ

ਪੰਜਾਬ ਪੁਲੀਸ ਦੀ ਟੀਮ ਅਸਾਮ ਲਈ ਰਵਾਨਾ

ਚੰਡੀਗੜ੍ਹ (ਟਨਸ), 4 ਜੁਲਾਈ  (ਪੰਜਾਬ ਮੇਲ)-  ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅਤੇ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦਾ ਮੁਖੀ ਅੰਮ੍ਰਿਤਪਾਲ ਸਿੰਘ 5 ਜੁਲਾਈ ਨੂੰ ਬਤੌਰ ਸੰਸਦ ਮੈਂਬਰ ਹਲਫ਼ ਲਵੇਗਾ। ਪੰਜਾਬ ਪੁਲੀਸ ਦੀ ਟੀਮ ਅੱਜ ਡਿਬਰੂਗੜ੍ਹ ਲਈ ਰਵਾਨਾ ਹੋ ਗਈ ਹੈ। ਜ਼ਿਲ੍ਹਾ ਮੈਜਿਸਟਰੇਟ ਅੰਮ੍ਰਿਤਸਰ ਨੇ ਅੰਮ੍ਰਿਤਪਾਲ ਸਿੰਘ ਨੂੰ ਚਾਰ ਦਿਨਾਂ ਤੱਕ ਦੀ ਪੈਰੋਲ ਦੇ ਦਿੱਤੀ ਹੈ ਜੋ 5 ਜੁਲਾਈ ਤੋਂ ਸ਼ੁਰੂ ਹੋਵੇਗੀ। ਗ੍ਰਹਿ ਵਿਭਾਗ ਵੱਲੋਂ ਭੇਜੀ ਅਰਜ਼ੀ ਮਗਰੋਂ ਲੋਕ ਸਭਾ ਦੇ ਸਪੀਕਰ ਓਮ ਬਿਰਲਾ ਨੇ 5 ਜੁਲਾਈ ਨੂੰ ਅੰਮ੍ਰਿਤਪਾਲ ਸਿੰਘ ਨੂੰ ਸਹੁੰ ਚੁਕਾਏ ਜਾਣ ਨੂੰ ਹਰੀ ਝੰਡੀ ਦੇ ਦਿੱਤੀ ਹੈ। ਅੰਮ੍ਰਿਤਪਾਲ ਸਿੰਘ ਨੂੰ ਕੌਮੀ ਸੁਰੱਖਿਆ ਐਕਟ (ਐੱਨਐੱਸਏ) ਤਹਿਤ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਕੀਤਾ ਗਿਆ ਹੈ।

ਨਿਯਮਾਂ ਅਨੁਸਾਰ ਸੰਸਦ ਮੈਂਬਰ ਚੁਣੇ ਜਾਣ ਤੋਂ 60 ਦਿਨਾਂ ਦੇ ਅੰਦਰ-ਅੰਦਰ ਹਲਫ਼ ਲੈਣਾ ਲਾਜ਼ਮੀ ਹੁੰਦਾ ਹੈ। ਫ਼ਰੀਦਕੋਟ ਤੋਂ ਸੰਸਦ ਮੈਂਬਰ ਸਰਬਜੀਤ ਸਿੰਘ ਖ਼ਾਲਸਾ ਨੇ ਆਪਣੇ ਸੋਸ਼ਲ ਮੀਡੀਆ ਖਾਤੇ ’ਤੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਅੰਮ੍ਰਿਤਪਾਲ ਸਿੰਘ 5 ਜੁਲਾਈ ਨੂੰ ਸਹੁੰ ਚੁੱਕੇਗਾ। ਅਹਿਮ ਸੂਤਰਾਂ ਨੇ ਦੱਸਿਆ ਕਿ ਪੁਲੀਸ ਦੀ ਟੀਮ ਹਵਾਈ ਰਸਤੇ ਅੰਮ੍ਰਿਤਪਾਲ ਸਿੰਘ ਨੂੰ ਡਿਬਰੂਗੜ੍ਹ ਜੇਲ੍ਹ ਤੋਂ ਦਿੱਲੀ ਲੈ ਕੇ ਆਵੇਗੀ। ਅੰਮ੍ਰਿਤਪਾਲ ਨੂੰ ਵੱਧ ਤੋਂ ਵੱਧ ਚਾਰ ਦਿਨਾਂ ਤੱਕ ਦੀ ਪੈਰੋਲ ਦੀ ਮਨਜ਼ੂਰੀ ਦਿੱਤੀ ਗਈ ਹੈ।

ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਘਣਸ਼ਿਆਮ ਥੋਰੀ ਨੇ ਅੰਮ੍ਰਿਤਪਾਲ ਸਿੰਘ ਨੂੰ ਪੈਰੋਲ ਦਿੱਤੇ ਜਾਣ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਕਿਹਾ ਕਿ ਅੰਮ੍ਰਿਤਪਾਲ ਨੂੰ 5 ਜੁਲਾਈ ਤੋਂ ਚਾਰ ਦਿਨ ਜਾਂ ਇਸ ਤੋਂ ਘੱਟ ਦੀ ਪੈਰੋਲ ਦਿੱਤੀ ਗਈ ਹੈ। ਇਸ ਬਾਰੇ ਕੁਝ ਸ਼ਰਤਾਂ ਬਾਰੇ ਡਿਬਰੂਗੜ੍ਹ ਜੇਲ੍ਹ ਸੁਪਰਡੈਂਟ ਨੂੰ ਸੂਚਿਤ ਕੀਤਾ ਗਿਆ ਹੈ। ਪੰਜਾਬ ਪੁਲੀਸ ਨੂੰ ਅੰਮ੍ਰਿਤਪਾਲ ਸਿੰਘ ਦੇ ਸਹੁੰ ਚੁੱਕਣ ਵਾਲੇ ਦਿਨ ਪੰਜਾਬ ਤੋਂ ਸਿੱਖ ਜਥੇਬੰਦੀਆਂ ਦੇ ਕਾਰਕੁਨਾਂ ਦੇ ਦਿੱਲੀ ਇਕੱਠੇ ਹੋਣ ਦਾ ਖਦਸ਼ਾ ਹੈ।

ਸੂਤਰਾਂ ਅਨੁਸਾਰ ਅੰਮ੍ਰਿਤਪਾਲ ਨੂੰ ਵੱਧ ਤੋਂ ਵੱਧ ਚਾਰ ਦਿਨਾਂ ਤੱਕ ਦੀ ਪੈਰੋਲ ਇਸ ਲਈ ਦਿੱਤੀ ਗਈ ਹੈ ਤਾਂ ਜੋ ਉਡਾਣਾਂ ਲੇਟ ਹੋਣ ’ਤੇ ਕਿਸੇ ਤਰ੍ਹਾਂ ਦੀ ਪ੍ਰੇਸ਼ਾਨੀ ਦਾ ਆਵੇ। ਜ਼ਿਕਰਯੋਗ ਹੈ ਕਿ ਅੰਮ੍ਰਿਤਪਾਲ ਸਿੰਘ ਡਿਬਰੂਗੜ੍ਹ ਜੇਲ੍ਹ ਵਿਚ ਨਜ਼ਰਬੰਦੀ ਮਗਰੋਂ ਪਹਿਲੀ ਵਾਰ ਪੈਰੋਲ ’ਤੇ ਜੇਲ੍ਹ ਤੋਂ ਬਾਹਰ ਆ ਰਿਹਾ ਹੈ। ਬੀਤੇ ਦਿਨੀਂ ਉਸ ਦੀ ਜੇਲ੍ਹ ਵਿਚ ਨਜ਼ਰਬੰਦੀ ਇੱਕ ਸਾਲ ਲਈ ਹੋਰ ਵਧਾ ਦਿੱਤੀ ਗਈ ਸੀ।