ਚੰਡੀਗੜ੍ਹ, 12 ਨਵੰਬਰ (ਪੰਜਾਬ ਮੇਲ)- ਆਮ ਆਦਮੀ ਪਾਰਟੀ ਨੇ ਵੀਰਵਾਰ ਨੂੰ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ 31 ਉਮੀਦਵਾਰਾਂ ਦੀ ਆਪਣੀ ਦੂਜੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਸੂਚੀ ਵਿਚ ਦੋ ਸੰਸਦ ਮੈਂਬਰਾਂ ਅਤੇ ਚਾਰ ਮਹਿਲਾ ਉਮੀਦਵਾਰਾਂ ਨੂੰ ਸ਼ਾਮਲ ਕੀਤਾ ਗਿਆ ਹੈ।
ਸੰਸਦ ਮੈਂਬਰ ਰਾਜ ਕੁਮਾਰ ਚੱਬੇਵਾਲ ਫਗਵਾੜਾ ਤੋਂ ਅਤੇ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਬਰਨਾਲਾ ਤੋਂ ਚੋਣ ਲੜਨਗੇ। ਇਸ ਸੂਚੀ ਵਿਚ ਲੰਬੀ ਹਲਕੇ ਤੋਂ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੀ ਥਾਂ ਉਨ੍ਹਾਂ ਦੇ ਭਤੀਜੇ ਰਣਧੀਰ ਸਿੰਘ ਧੀਰਾ ਨੂੰ ਉਮੀਦਵਾਰ ਬਣਾਇਆ ਗਿਆ ਹੈ।
ਦੂਜੀ ਸੂਚੀ ਵਿਚ ਚਾਰ ਮਹਿਲਾ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਵੀ ਕੀਤਾ ਗਿਆ ਹੈ। ਜਗਰਾਉਂ ਤੋਂ ਸਰਵਜੀਤ ਕੌਰ ਮਾਣੂੰਕੇ, ਸ਼ੁਤਰਾਣਾ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਸਾਬਕਾ ਵਿਧਾਇਕਾ ਵਨਿੰਦਰ ਕੌਰ ਲੂੰਬਾ, ਰਾਜਾਸਾਂਸੀ ਤੋਂ ਸੋਨੀਆ ਮਾਨ ਅਤੇ ਫਿਲੌਰ ਤੋਂ ਹਰਜੋਤ ਕੌਰ ਲੋਹਟੀਆ ਚੋਣ ਮੈਦਾਨ ਵਿਚ ਨਿੱਤਰਨਗੀਆਂ।
ਇਸ ਦੇ ਨਾਲ ਹੀ ਆਮ ਆਦਮੀ ਪਾਰਟੀ ਵੱਲੋਂ ਐਲਾਨੇ ਗਏ ਉਮੀਦਵਾਰਾਂ ਦੀ ਕੁੱਲ ਗਿਣਤੀ 71 ਹੋ ਗਈ ਹੈ। ਜ਼ਿਕਰਯੋਗ ਹੈ ਕਿ ਪਾਰਟੀ ਵੱਲੋਂ 40 ਉਮੀਦਵਾਰਾਂ ਦੀ ਪਹਿਲੀ ਸੂਚੀ 31 ਅਕਤੂਬਰ ਨੂੰ ਜਾਰੀ ਕੀਤੀ ਗਈ ਸੀ।
‘ਆਪ’ ਨੇ 2 ਸੰਸਦ ਮੈਂਬਰਾਂ ਅਤੇ 4 ਮਹਿਲਾ ਉਮੀਦਵਾਰਾਂ ਨੂੰ ਦਿੱਤੀ ਟਿਕਟ; ਲੰਬੀ ਤੋਂ ਖੁੱਡੀਆਂ ਦਾ ਪੱਤਾ ਕੱਟਿਆ

