#PUNJAB

‘ਆਪ’ ਵਿਧਾਇਕ ਗੱਜਣਮਾਜਰਾ ਭਰਾਵਾਂ ਦਾ ਜੁਡੀਸ਼ਲ ਰਿਮਾਂਡ ਵਧਾਇਆ

ਐੱਸ.ਏ.ਐੱਸ. ਨਗਰ (ਮੁਹਾਲੀ), 11 ਅਕਤੂਬਰ (ਪੰਜਾਬ ਮੇਲ)- ਐਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਵੱਲੋਂ ਅਮਰਗੜ੍ਹ ਤੋਂ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਜਸਵੰਤ ਸਿੰਘ ਗੱਜਣਮਾਜਰਾ ਦੇ ਭਰਾ ਬਲਵੰਤ ਸਿੰਘ ਨੂੰ ਅੱਜ ਚਾਰ ਦਿਨ ਦਾ ਪੁਲਿਸ ਰਿਮਾਂਡ ਖ਼ਤਮ ਹੋਣ ‘ਤੇ ਮੁੜ ਮੁਹਾਲੀ ਅਦਾਲਤ ਵਿਚ ਪੇਸ਼ ਕੀਤਾ ਗਿਆ। ਅਦਾਲਤ ਨੇ ਉਸ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ਅਧੀਨ ਪਟਿਆਲਾ ਜੇਲ੍ਹ ਭੇਜ ਦਿੱਤਾ ਹੈ। ਈ.ਡੀ. ਨੇ 40 ਕਰੋੜ ਰੁਪਏ ਦੇ ਬੈਂਕ ਘੁਟਾਲੇ ਦੇ ਮਾਮਲੇ ‘ਚ ਬਲਵੰਤ ਸਿੰਘ ਦੀ ਗ੍ਰਿਫ਼ਤਾਰੀ ਪਾਈ ਸੀ। ਇਸ ਮਾਮਲੇ ਵਿਚ ‘ਆਪ’ ਵਿਧਾਇਕ ਜਸਵੰਤ ਸਿੰਘ ਗੱਜਣਮਾਜਰਾ ਪਹਿਲਾਂ ਹੀ ਨਾਭਾ ਜੇਲ੍ਹ ‘ਚ ਬੰਦ ਹੈ। ਗੱਜਣਮਾਜਰਾ ਨੂੰ ਅਦਾਲਤ ਵਿਚ ਪੇਸ਼ ਨਹੀਂ ਕੀਤਾ ਜਾ ਸਕਿਆ ਅਤੇ ਉਸ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ੀ ਭੁਗਤੀ। ਅਦਾਲਤ ਨੇ ਵਿਧਾਇਕ ਗੱਜਣਮਾਜਰਾ ਦਾ ਜੁਡੀਸ਼ਲ ਰਿਮਾਂਡ ਵੀ 14 ਦਿਨਾਂ ਲਈ ਹੋਰ ਅੱਗੇ ਵਧਾ ਦਿੱਤਾ ਹੈ। ਇਸ ਮਾਮਲੇ ਦੀ ਅਗਲੀ ਸੁਣਵਾਈ 23 ਅਕਤੂਬਰ ਨੂੰ ਹੋਵੇਗੀ। ਜਾਣਕਾਰੀ ਅਨੁਸਾਰ ਵਿਧਾਇਕ ਗੱਜਣ ਮਾਜਰਾ ਦਾ ਪਰਿਵਾਰ ਬਹੁ-ਕਰੋੜੀ ਬੈਂਕ ਧੋਖਾਧੜੀ ਦੇ ਦੋਸ਼ਾਂ ਦਾ ਸਾਹਮਣਾ ਕਰ ਰਿਹਾ ਹੈ। ਈ.ਡੀ. ਵੱਲੋਂ ਪਿਛਲੇ ਸਾਲ 6 ਦਸੰਬਰ ਨੂੰ ‘ਆਪ’ ਵਿਧਾਇਕ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਉਹ ਉਦੋਂ ਤੋਂ ਹੀ ਜੇਲ੍ਹ ਵਿਚ ਨਜ਼ਰਬੰਦ ਹੈ।
ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਨੇ 40 ਕਰੋੜ ਰੁਪਏ ਦੀ ਧੋਖਾਧੜੀ ਦੀਆਂ ਰਿਪੋਰਟਾਂ ਸਾਹਮਣੇ ਆਉਣ ਤੋਂ ਬਾਅਦ ਮਈ 2023 ਵਿਚ ਇਸ ਮਾਮਲੇ ਦੀ ਜਾਂਚ ਸ਼ੁਰੂ ਕੀਤੀ ਸੀ। ਛਾਪੇਮਾਰੀ ਤੋਂ ਬਾਅਦ ਸੀ.ਬੀ.ਆਈ. ਨੇ ਇਹ ਮਾਮਲਾ ਈ.ਡੀ. ਨੂੰ ਸੌਂਪ ਦਿੱਤਾ ਸੀ। ਈ.ਡੀ. ਦੀ ਟੀਮ ਨੇ ਉਸ ਕੋਲੋਂ 32 ਲੱਖ ਰੁਪਏ ਦੀ ਨਗਦੀ, ਕਈ ਮੋਬਾਈਲ ਫੋਨ ਅਤੇ ਹਾਰਡ ਡਰਾਈਵ ਜ਼ਬਤ ਕੀਤੀ ਸੀ।