-ਹਾਈ ਕੋਰਟ ‘ਚ ਪਟੀਸ਼ਨ ਕੀਤੀ ਦਾਇਰ
ਚੰਡੀਗੜ੍ਹ, 10 ਸਤੰਬਰ (ਪੰਜਾਬ ਮੇਲ)- ਜਲੰਧਰ ਸੈਂਟਰਲ ਤੋਂ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਰਮਨ ਅਰੋੜਾ ਨੇ ਆਪਣੇ ਖ਼ਿਲਾਫ਼ ਦਰਜ ਐੱਫ.ਆਈ.ਆਰ. ਅਤੇ ਪੁਲਿਸ ਹਿਰਾਸਤ ਨੂੰ ਚੁਣੌਤੀ ਦਿੰਦੇ ਹੋਏ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਚ ਪਟੀਸ਼ਨ ਦਾਇਰ ਕੀਤੀ ਹੈ। ਪਟੀਸ਼ਨ ਵਿਚ ਅਰੋੜਾ ਨੇ ਦੋਸ਼ ਲਗਾਇਆ ਹੈ ਕਿ ਉਨ੍ਹਾਂ ਖ਼ਿਲਾਫ਼ ਕੀਤੀ ਗਈ ਕਾਰਵਾਈ ਮੰਦਭਾਗੀ ਅਤੇ ਗੈਰ-ਕਾਨੂੰਨੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਪਾਰਟੀ ਅੰਦਰ ਮਤਭੇਦਾਂ ਕਾਰਨ ਉਨ੍ਹਾਂ ਨੂੰ ਪਰੇਸ਼ਾਨ ਕੀਤਾ ਜਾ ਰਿਹਾ ਹੈ ਅਤੇ ਵਿਧਾਇਕ ਦੇ ਅਹੁਦੇ ਤੋਂ ਅਸਤੀਫਾ ਦੇਣ ਲਈ ਦਬਾਅ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ 3 ਸਤੰਬਰ, 2025 ਨੂੰ ਐੱਫ.ਆਈ.ਆਰ. ਨੰਬਰ 253 ਵਿਚ ਗ੍ਰਿਫ਼ਤਾਰ ਕੀਤਾ ਗਿਆ ਸੀ, ਉਸੇ ਦਿਨ ਅਦਾਲਤ ਨੇ ਉਨ੍ਹਾਂ ਨੂੰ ਪੁਰਾਣੇ ਮਾਮਲੇ (ਐੱਫ.ਆਈ.ਆਰ. ਨੰਬਰ 23) ਵਿਚ ਜ਼ਮਾਨਤ ਦੇ ਦਿੱਤੀ ਸੀ। ਉਨ੍ਹਾਂ ਨੇ ਇਸ ਨੂੰ ਉਨ੍ਹਾਂ ਦੀ ਰਿਹਾਈ ਨੂੰ ਰੋਕਣ ਦੀ ਸਾਜ਼ਿਸ਼ ਕਰਾਰ ਦਿੱਤਾ। ਵਿਧਾਇਕ ਨੇ ਆਪਣੀ ਗ੍ਰਿਫ਼ਤਾਰੀ ਨੂੰ ਭਾਰਤੀ ਸੰਵਿਧਾਨ ਦੇ ਆਰਟੀਕਲ 21 ਅਤੇ 22 ਦੀ ਉਲੰਘਣਾ ਦੱਸਿਆ। ਉਨ੍ਹਾਂ ਦਾ ਕਹਿਣਾ ਹੈ ਕਿ ਗ੍ਰਿਫ਼ਤਾਰੀ ਦੇ ਸਮੇਂ ਨਾ ਤਾਂ ਉਨ੍ਹਾਂ ਨੂੰ ਕਾਰਨ ਦੱਸੇ ਗਏ ਸਨ ਅਤੇ ਨਾ ਹੀ ਇਹ ਦਿਖਾਇਆ ਗਿਆ ਸੀ ਕਿ ਗ੍ਰਿਫ਼ਤਾਰੀ ਕਿਉਂ ਜ਼ਰੂਰੀ ਸੀ। ਉਨ੍ਹਾਂ ਆਪਣੀ ਸਿਹਤ ਸਥਿਤੀ ਦਾ ਵੀ ਹਵਾਲਾ ਦਿੱਤਾ ਹੈ। ਉਨ੍ਹਾਂ ਅਦਾਲਤ ਨੂੰ ਦੱਸਿਆ ਕਿ ਉਹ ਬੇਨਾਈਨ ਪ੍ਰੋਸਟੇਟਿਕ ਹਾਈਪਰਪਲਸੀਆ ਤੋਂ ਪੀੜਤ ਹੈ ਅਤੇ ਉਨ੍ਹਾਂ ਨੂੰ ਨਿਯਮਤ ਡਾਕਟਰੀ ਇਲਾਜ ਦੀ ਲੋੜ ਹੈ। ਪਟੀਸ਼ਨ ‘ਤੇ ਸੁਣਵਾਈ ਕਰਦੇ ਹੋਏ ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਜਵਾਬ ਦਾਇਰ ਕਰਨ ਦੇ ਨਿਰਦੇਸ਼ ਦਿੱਤੇ ਹਨ।
‘ਆਪ’ ਵਿਧਾਇਕ ਰਮਨ ਅਰੋੜਾ ਵੱਲੋਂ ਐੱਫ.ਆਈ.ਆਰ. ਤੇ ਪੁਲਿਸ ਹਿਰਾਸਤ ਨੂੰ ਚੁਣੌਤੀ

