ਚੰਡੀਗੜ੍ਹ, 3 ਅਪ੍ਰੈਲ (ਪੰਜਾਬ ਮੇਲ)- ਪੰਜਾਬ ‘ਚ ਸੱਤਾਧਾਰੀ ਧਿਰ ਆਮ ਆਦਮੀ ਪਾਰਟੀ (ਆਪ) ਨੇ ਲੋਕ ਸਭਾ ਚੋਣਾਂ ਲਈ ਦੂਜੀ ਸੂਚੀ ਜਾਰੀ ਕਰਦਿਆਂ ਪੰਜਾਬ ਦੇ ਦੋ ਹੋਰ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਇਸ ਵਿਚ ‘ਆਪ’ ਪੰਜਾਬ ਦੇ ਮੁੱਖ ਬੁਲਾਰੇ ਮਾਲਵਿੰਦਰ ਸਿੰਘ ਕੰਗ ਨੰ ਲੋਕ ਸਭਾ ਹਲਕਾ ਆਨੰਦਪੁਰ ਸਾਹਿਬ ਅਤੇ ਡਾ. ਰਾਜ ਕੁਮਾਰ ਚੱਬੇਵਾਲ ਨੂੰ ਲੋਕ ਸਭਾ ਹਲਕਾ ਹੁਸ਼ਿਆਰਪੁਰ ਤੋਂ ਚੋਣ ਮੈਦਾਨ ਵਿਚ ਉਤਾਰਿਆ ਹੈ। ਦੱਸਣਯੋਗ ਹੈ ਕਿ ਡਾ. ਰਾਜ ਕੁਮਾਰ ਚੱਬੇਵਾਲ ਵਿਧਾਨ ਸਭਾ ਹਲਕਾ ਚੱਬੇਵਾਲ ਤੋਂ ਸਾਲ 2017 ਤੇ 2022 ਵਿਚ ਕਾਂਗਰਸ ਪਾਰਟੀ ਦੀ ਟਿਕਟ ਤੋਂ ਜਿੱਤ ਹਾਸਲ ਕਰਕੇ ਵਿਧਾਨ ਸਭਾ ਪਹੁੰਚੇ ਸਨ। ਪਰ ਕੁਝ ਦਿਨ ਪਹਿਲਾਂ ਡਾ. ਰਾਜ ਕੁਮਾਰ ਚੱਬੇਵਾਲ ਨੇ ਕਾਂਗਰਸ ਪਾਰਟੀ ਨੂੰ ਅਲਵਿਦਾ ਕਹਿ ਕੇ ‘ਆਪ’ ਦਾ ਪੱਲਾ ਫੜ ਲਿਆ ਸੀ। ‘ਆਪ’ ਨੇ ਡਾ. ਚੱਬੇਵਾਲ ਨੂੰ ਲੋਕ ਸਭਾ ਹਲਕਾ ਹੁਸ਼ਿਆਰਪੁਰ ਤੋਂ ਉਮੀਦਵਾਰ ਐਲਾਨ ਦਿੱਤਾ ਹੈ। ਦੂਜੇ ਪਾਸੇ ਮਾਲਵਿੰਦਰ ਸਿੰਘ ਕੰਗ ‘ਆਪ’ ਪੰਜਾਬ ਦੇ ਮੁੱਖ ਬੁਲਾਰੇ ਵਜੋਂ ਪਾਰਟੀ ਦੀ ਸੇਵਾ ਕਰ ਰਹੇ ਸਨ। ਦੋ ਹੋਰ ਉਮੀਦਵਾਰਾਂ ਦੇ ਐਲਾਨ ਨਾਲ ‘ਆਪ’ ਨੇ ਪੰਜਾਬ ਵਿਚ 13 ਲੋਕ ਸਭਾ ਸੀਟਾਂ ਵਿਚੋਂ 9 ਸੀਟਾਂ ‘ਤੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਹਾਲਾਂਕਿ ਪੰਜਾਬ ਵਿਚ 4 ਲੋਕ ਸਭਾ ਹਲਕਿਆਂ ਦੇ ਉਮੀਦਵਾਰਾਂ ਦਾ ਐਲਾਨ ਬਾਕੀ ਹੈ। ਇਸ ਵਿਚ ਗੁਰਦਾਸਪੁਰ, ਜਲੰਧਰ, ਲੁਧਿਆਣਾ ਅਤੇ ਫਿਰੋਜ਼ਪੁਰ ਸ਼ਾਮਲ ਹਨ।