ਨਵੀਂ ਦਿੱਲੀ, 7 ਫਰਵਰੀ (ਪੰਜਾਬ ਮੇਲ)- ਦਿੱਲੀ ਦੇ ਉਪ ਰਾਜਪਾਲ ਵੀ.ਕੇ. ਸਕਸੈਨਾ ਨੇ ਸ਼ੁੱਕਰਵਾਰ ਨੂੰ ‘ਆਪ’ ਆਗੂਆਂ ਦੇ ਦੋਸ਼ਾਂ ਦੀ ਭ੍ਰਿਸ਼ਟਾਚਾਰ ਵਿਰੋਧੀ ਸ਼ਾਖਾ (ਏ.ਸੀ.ਬੀ.) ਰਾਹੀਂ ਜਾਂਚ ਦੇ ਹੁਕਮ ਦਿੱਤੇ ਕਿ ਭਾਜਪਾ ਨੇ ਉਨ੍ਹਾਂ ਦੇ ਉਮੀਦਵਾਰਾਂ ਦਾ ਸ਼ਿਕਾਰ ਕਰਨ ਦੀ ਕੋਸ਼ਿਸ਼ ਕੀਤੀ। ਇਹ ਜਾਣਕਾਰੀ ਅਧਿਕਾਰੀਆਂ ਨੇ ਦਿੱਤੀ ਹੈ।
ਇਸ ਦੌਰਾਨ ਏ.ਸੀ.ਬੀ. ਦੀ ਟੀਮ ਆਪਣੀ ਜਾਂਚ ਨੂੰ ਅੱਗੇ ਵਧਾਉਣ ਲਈ ‘ਆਪ’ ਮੁਖੀ ਅਰਵਿੰਦ ਕੇਜਰੀਵਾਲ ਦੇ ਘਰ ਪਹੁੰਚੀ ਹੈ।
ਦਿੱਲੀ ਵਿਧਾਨ ਸਭਾ ਦੀ ਚੋਣ ਲਈ 5 ਫਰਵਰੀ ਨੂੰ ਵੋਟਾਂ ਪਈਆਂ ਸਨ ਅਤੇ ਗਿਣਤੀ 8 ਫਰਵਰੀ ਨੂੰ ਹੋਣੀ ਹੈ। ਉਪ ਰਾਜਪਾਲ ਨੇ ਵੋਟਾਂ ਦੀ ਗਿਣਤੀ ਤੋਂ ਇੱਕ ਦਿਨ ਪਹਿਲਾਂ ਜਾਂਚ ਦਾ ਹੁਕਮ ਦਿੱਤਾ ਹੈ।
ਇਸ ਸਬੰਧੀ ਉਪ ਰਾਜਪਾਲ ਦਫ਼ਤਰ ਨੇ ਮੁੱਖ ਸਕੱਤਰ ਨੂੰ ਲਿਖੇ ਇੱਕ ਪੱਤਰ ਵਿਚ ਕਿਹਾ, ”ਆਮ ਆਦਮੀ ਪਾਰਟੀ (ਆਪ) ਦੋਸ਼ ਲਗਾ ਰਹੀ ਹੈ ਕਿ ਭਾਜਪਾ ਉਸ ਦੇ ਵਿਧਾਇਕਾਂ ਨੂੰ ਪਾਰਟੀ (ਆਪ) ਛੱਡਣ ਅਤੇ ਭਾਜਪਾ ਵਿਚ ਸ਼ਾਮਲ ਹੋਣ ਲਈ ਰਿਸ਼ਵਤ ਦੀ ਪੇਸ਼ਕਸ਼ ਕਰ ਰਹੀ ਹੈ। ਉਪ ਰਾਜਪਾਲ ਨੇ ਨਿਰਦੇਸ਼ ਦਿੱਤਾ ਹੈ ਕਿ ਸੱਚਾਈ ਦਾ ਪਤਾ ਲਾਉਣ ਲਈ ਇਸ ਮਾਮਲੇ ਦੀ ਭ੍ਰਿਸ਼ਟਾਚਾਰ ਵਿਰੋਧੀ ਬਿਊਰੋ ਰਾਹੀਂ ਪੂਰੀ ਜਾਂਚ ਕੀਤੀ ਜਾਵੇ।”
ਮੁੱਖ ਸਕੱਤਰ ਨੂੰ ਇਹ ਨਿਰਦੇਸ਼ ਦਿੱਲੀ ਭਾਜਪਾ ਦੇ ਜਨਰਲ ਸਕੱਤਰ ਵਿਸ਼ਨੂੰ ਮਿੱਤਲ ਵੱਲੋਂ ਉਪ ਰਾਜਪਾਲ ਦਫ਼ਤਰ ਨੂੰ ਭੇਜੇ ਇੱਕ ਮੰਗ ਪੱਤਰ ਦੇ ਜਵਾਬ ਵਿਚ ਆਇਆ ਹੈ। ਮਿੱਤਲ ਨੇ ਉਪ ਰਾਜਪਾਲ ਨੂੰ ਲਿਖੇ ਆਪਣੇ ਪੱਤਰ ਵਿਚ ਕਿਹਾ, ”ਅਰਵਿੰਦ ਕੇਜਰੀਵਾਲ ਅਤੇ ਸੰਜੇ ਸਿੰਘ ਵੱਲੋਂ ਲਗਾਏ ਗਏ ਦੋਸ਼ ਬਹੁਤ ਗੰਭੀਰ ਹਨ ਅਤੇ ਤੁਰੰਤ ਜਾਂਚ ਦੀ ਮੰਗ ਕਰਦੇ ਹਨ, ਕਿਉਂਕਿ ਉਨ੍ਹਾਂ ਨੇ ਆਪਣੇ ਦਾਅਵਿਆਂ ਨੂੰ ਸਾਬਤ ਕਰਨ ਲਈ ਕੋਈ ਸਬੂਤ ਪੇਸ਼ ਨਹੀਂ ਕੀਤੇ ਹਨ, ਜਿਵੇਂ ਕਿ ਫੋਨ ਕਾਲਾਂ ਜਾਂ ਇਸ ਵਿਚ ਸ਼ਾਮਲ ਵਿਅਕਤੀਆਂ ਦੇ ਵੇਰਵੇ।”
ਇਸ ਤੋਂ ਪਹਿਲਾਂ ਵੀਰਵਾਰ ਨੂੰ ਕੇਜਰੀਵਾਲ ਨੇ ਭਾਜਪਾ ‘ਤੇ ਦਿੱਲੀ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਤੋਂ ਪਹਿਲਾਂ ‘ਆਪ’ ਦੇ 16 ਉਮੀਦਵਾਰਾਂ ਦਾ ਸ਼ਿਕਾਰ ਕਰਨ ਦੀ ਕੋਸ਼ਿਸ਼ ਦਾ ਦੋਸ਼ ਲਗਾਇਆ ਸੀ। ਉਨ੍ਹਾਂ ਦੋਸ਼ ਲਗਾਇਆ ਕਿ ‘ਆਪ’ ਉਮੀਦਵਾਰਾਂ ਨੂੰ ਭਾਜਪਾ ਤੋਂ ਪੇਸ਼ਕਸ਼ਾਂ ਮਿਲੀਆਂ, ਜਿਨ੍ਹਾਂ ਵਿਚ ਪਾਰਟੀ ਬਦਲਣ ਲਈ ਮੰਤਰੀ ਦੇ ਅਹੁਦੇ 15-15 ਕਰੋੜ ਰੁਪਏ ਦੇਣ ਦਾ ਵਾਅਦਾ ਕੀਤਾ ਗਿਆ ਸੀ।
‘ਆਪ’ ਵੱਲੋਂ ਭਾਜਪਾ ‘ਤੇ ਆਪਣੇ ਉਮੀਦਵਾਰਾਂ ਨੂੰ ‘ਖ਼ਰੀਦਣ’ ਦੀ ਕੋਸ਼ਿਸ਼ ਦੇ ਲਾਏ ਦੋਸ਼ਾਂ ਦੀ ਦਿੱਲੀ ਐੱਲ.ਜੀ. ਵੱਲੋਂ ਜਾਂਚ ਦੇ ਹੁਕਮ
