ਮਾਣਹਾਨੀ ਮਾਮਲੇ ‘ਚ ਸਿਸੋਦੀਆ ਨੂੰ ਮੋਹਲਤ ਮਿਲੀ
ਨਵੀਂ ਦਿੱਲੀ, 7 ਅਪ੍ਰੈਲ (ਪੰਜਾਬ ਮੇਲ)-ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਆਬਕਾਰੀ ਨੀਤੀ ਘਪਲਾ ਮਾਮਲੇ ‘ਚ ਜ਼ਮਾਨਤ ਲਈ ਦਿੱਲੀ ਹਾਈ ਕੋਰਟ ਦਾ ਦਰਵਾਜ਼ਾ ਖੜਕਾਇਆ ਹੈ। ਇਸ ਮਾਮਲੇ ਦੀ ਜਾਂਚ ਸੀ.ਬੀ.ਆਈ. ਵੱਲੋਂ ਕੀਤੀ ਜਾ ਰਹੀ ਹੈ। ਇਥੋਂ ਦੀ ਹੇਠਲੀ ਅਦਾਲਤ ਨੇ 31 ਮਾਰਚ ਨੂੰ ‘ਆਪ’ ਆਗੂ ਸਿਸੋਦੀਆ ਦੀ ਜ਼ਮਾਨਤ ਅਰਜ਼ੀ ਇਹ ਕਹਿੰਦਿਆਂ ਰੱਦ ਕਰ ਦਿੱਤੀ ਸੀ ਕਿ ਉਹ ਪਹਿਲੀ ਨਜ਼ਰੇ ਇਸ ਮਾਮਲੇ ਵਿਚ ਅਪਰਾਧਿਕ ਸਾਜ਼ਿਸ਼ ਦੇ ਸੂਤਰਧਾਰ ਸਨ। ਜ਼ਿਕਰਯੋਗ ਹੈ ਕਿ ਸੀ.ਬੀ.ਆਈ. ਨੇ ਦਿੱਲੀ ਆਬਕਾਰੀ ਨੀਤੀ 2021-22 ‘ਚ ਕਥਿਤ ਭ੍ਰਿਸ਼ਟਾਚਾਰ ਦੇ ਮਾਮਲੇ ਵਿਚ 26 ਫਰਵਰੀ ਨੂੰ ਸਿਸੋਦੀਆ ਨੂੰ ਗ੍ਰਿਫ਼ਤਾਰ ਕੀਤਾ ਸੀ।
ਦਿੱਲੀ ਹਾਈ ਕੋਰਟ ਨੇ ਮਾਣਹਾਨੀ ਮਾਮਲੇ ਵਿਚ ਭਾਜਪਾ ਆਗੂਆਂ ਦੀ ਪਟੀਸ਼ਨ ‘ਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਜਵਾਬ ਦੇਣ ਲਈ ਅੱਜ ਮੋਹਲਤ ਦੇ ਦਿੱਤੀ ਹੈ। ਸਿਸੋਦੀਆ ਨੇ ਕਥਿਤ ਭ੍ਰਿਸ਼ਟਾਚਾਰ ਦੇ ਦੋਸ਼ ਲਗਾਏ ਜਾਣ ਕਾਰਨ ਛੇ ਜਣਿਆਂ ਖ਼ਿਲਾਫ਼ ਮਾਣਹਾਨੀ ਦੀ ਸ਼ਿਕਾਇਤ ਦਰਜ ਕਰਵਾਈ ਸੀ। ਇਸ ਤੋਂ ਬਾਅਦ ਹੇਠਲੀ ਅਦਾਲਤ ਨੇ ਭਾਜਪਾ ਆਗੂਆਂ ਨੂੰ ਮੁਲਜ਼ਮਾਂ ਵਜੋਂ ਪੇਸ਼ ਹੋਣ ਦਾ ਆਦੇਸ਼ ਦਿੱਤਾ ਸੀ, ਜਿਸ ਖ਼ਿਲਾਫ਼ ਉਨ੍ਹਾਂ ਨੇ ਹਾਈ ਕੋਰਟ ਦਾ ਰੁਖ਼ ਕੀਤਾ ਸੀ। ਸਿਸੋਦੀਆ ਦੇ ਵਕੀਲ ਨੇ ਇਸ ਪਟੀਸ਼ਨ ਦਾ ਜਵਾਬ ਦੇਣ ਲਈ ਸਮਾਂ ਮੰਗਿਆ ਹੈ। ਜਸਟਿਸ ਦਿਨੇਸ਼ ਕੁਮਾਰ ਸ਼ਰਮਾ ਨੇ ‘ਆਪ’ ਆਗੂ ਸਿਸੋਦੀਆ ਨੂੰ ਆਪਣਾ ਜਵਾਬ ਦਾਖ਼ਲ ਕਰਨ ਲਈ ਸਮਾਂ ਦੇ ਦਿੱਤਾ। ਮਾਮਲੇ ਦੀ ਅਗਲੀ ਸੁਣਵਾਈ 6 ਜੁਲਾਈ ਨੂੰ ਹੋਵੇਗੀ।